ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ/ਘੁਮਾਣ : ਕਸਬਾ ਘੁਮਾਣ ’ਚ ਮੋਟਰਸਾਈਕਲ ਸਵਾਰ 2 ਅਣਪਛਾਤੇ ਨੌਜਵਾਨਾਂ ਵੱਲੋਂ ਆਮ ਆਦਮੀ ਪਾਰਟੀ ਦੇ ਮੈਂਬਰ ਪੰਚਾਇਤ ਅਤੇ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਣ ਉਹ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਮੌਜੂਦਾ ਪੰਚਾਇਤ ਮੈਂਬਰ ਅਤੇ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਗੁਰਜੀਤ ਸਿੰਘ ਪੁੱਤਰ ਹਜ਼ਾਰਾ ਸਿੰਘ ਵਾਸੀ ਘੁਮਾਣ ਆਪਣੀ ਦੁਕਾਨ ਜੰਬਾ ਕਲੈਕਸ਼ਨ ’ਤੇ ਬੈਠੇ ਹੋਏ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ 2 ਅਣਪਛਾਤੇ ਨੌਜਵਾਨ ਆਏ, ਜਿਨ੍ਹਾਂ ਨੇ ਗੁਰਜੀਤ ਸਿੰਘ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ, ਜਦ ਕਿ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਇਸ ਦੌਰਾਨ ਗੁਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਉਧਰ ਦੂਜੇ ਪਾਸੇ ਥਾਣਾ ਘੁਮਾਣ ਦੀ ਪੁਲਸ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

