ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਪੰਜਾਬ ’ਚ ਲੋਕ ਭਲਾਈ ਦੀ ਕੰਮ ਕਰ ਰਹੀ ਤਾਂ ਉੱਥੇ ਹੀ ਖੇਤੀ ਨੂੰ ਪ੍ਰਫੁਲਿੱਤ ਕਰਨ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਵਿਚਾਲੇ ਇੱਕ ਹੋਰ ਐਲਾਨ ਕਰਦੇ ਹੋਏ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਮੱਕੀ ਦੀ ਸਾਉਣੀ ਦੀ ਫਸਲ ਦੇ ਹਾਈਬ੍ਰਿਡ ਬੀਜਾਂ ‘ਤੇ ਸਬਸਿਡੀ ਦੇਣ ਅਤੇ 4700 ਹੈਕਟੇਅਰ ਰਕਬੇ ‘ਤੇ ਮੱਕੀ ਦੀ ਪ੍ਰਦਰਸ਼ਨੀ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਅੱਜ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਕਿਸਾਨ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਵੱਲੋਂ ਪ੍ਰਮਾਣਿਤ ਅਤੇ ਸਿਫ਼ਾਰਸ਼ ਕੀਤੇ ਹਾਈਬ੍ਰਿਡ ਮੱਕੀ ਦੇ ਬੀਜ ‘ਤੇ 100 ਰੁਪਏ ਪ੍ਰਤੀ 1 ਕਿਲੋ ਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਹਾਈਬ੍ਰਿਡ ਮੌਨਸੂਨ ਫਸਲ ਮੱਕੀ ਦੇ ਬੀਜ ਲਈ ਸਬਸਿਡੀ ਵੱਧ ਤੋਂ ਵੱਧ 5 ਏਕੜ ਰਕਬੇ ਜਾਂ ਪ੍ਰਤੀ ਕਿਸਾਨ 40 ਕਿਲੋ ਬੀਜ ਮੁਹੱਈਆ ਕਰਵਾਈ ਜਾਵੇਗੀ। ਸੂਬੇ ਦੇ ਕਿਸਾਨਾਂ ਨੂੰ ਕੁੱਲ 2300 ਕੁਇੰਟਲ ਮੱਕੀ ਦਾ ਬੀਜ ਸਬਸਿਡੀ ‘ਤੇ ਉਪਲਬਧ ਕਰਵਾਇਆ ਜਾਵੇਗਾ। ਕੁੱਲ 4700 ਹੈਕਟੇਅਰ ਰਕਬੇ ‘ਤੇ ਮੱਕੀ ਦੇ ਪ੍ਰਦਰਸ਼ਨ ਕੀਤੇ ਜਾਣਗੇ, ਜਿਸ ਲਈ ਕਿਸਾਨਾਂ ਨੂੰ ਖਾਦਾਂ, ਕੀਟਨਾਸ਼ਕਾਂ ਆਦਿ ਸਮੇਤ ਵੱਖ-ਵੱਖ ਸਮੱਗਰੀਆਂ ਲਈ 6000 ਰੁਪਏ ਪ੍ਰਤੀ ਹੈਕਟੇਅਰ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ।
ਇਸ ਦੇ ਨਾਲ ਹੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਤੋਂ ਮੁਕਤ ਕਰਨ ਲਈ ਸੂਬਾ ਸਰਕਾਰ ਨੇ ਮੌਨਸੂਨ ਫ਼ਸਲ ਲਈ 2 ਲੱਖ ਹੈਕਟੇਅਰ ਰਿਕਾਰਡ ਰਕਬੇ ‘ਤੇ ਮੱਕੀ ਦੀ ਬਿਜਾਈ ਦਾ ਟੀਚਾ ਮਿੱਥਿਆ ਹੈ, ਜੋ ਪਿਛਲੇ ਸਾਲ ਨਾਲੋਂ ਲਗਭਗ ਦੁੱਗਣਾ ਹੈ।