ਨੈਸ਼ਨਲ : ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੁਲਮ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਵੈਂਕਟੇਸ਼ਵਰ ਸਵਾਮੀ ਮੰਦਰ ਵਿੱਚ ਏਕਾਦਸ਼ੀ ਦੇ ਮੌਕੇ ‘ਤੇ ਅਚਾਨਕ ਭਗਦੜ ਮਚ ਗਈ। ਏਕਾਦਸ਼ੀ ਹੋਣ ਕਾਰਨ ਮੰਦਰ ਵਿਚ ਸ਼ਰਧਾਲੂਆਂ ਦੀ ਭੀੜ ਬਹੁਤ ਜ਼ਿਆਦਾ ਸੀ। ਇਸ ਦੌਰਾਨ ਹਫ਼ੜਾ-ਦਫ਼ੜੀ ਕਾਰਨ ਮਚੀ ਭਗਦੜ ਵਿਚ 10 ਸ਼ਰਧਾਲੂਆਂ ਦੇ ਮਾਰੇ ਜਾਣ ਦੀ ਸੂਚਨਾ ਮਿਲੀ ਹੈ। ਭਾਜੜ ਦੌਰਾਨ ਕਈ ਸ਼ਰਧਾਲੂ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਏ, ਜਿਹਨਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।
ਸ਼ੁਰੂਆਤੀ ਰਿਪੋਰਟਾਂ ਅਨੁਸਾਰ ਮੰਦਰ ਕੰਪਲੈਕਸ ਦੇ ਪ੍ਰਵੇਸ਼ ਦੁਆਰ ਦੇ ਨੇੜੇ ਅਚਾਨਕ ਭੀੜ ਵੱਧ ਗਈ, ਜਿਸ ਕਾਰਨ ਘਬਰਾਹਟ ਅਤੇ ਭਗਦੜ ਮਚ ਗਈ। ਭੀੜ ਨੇ ਬਹੁਤ ਸਾਰੇ ਲੋਕ ਡਿੱਗ ਪਏ ਅਤੇ ਉਨ੍ਹਾਂ ਨੂੰ ਕੁਚਲ ਦਿੱਤਾ। ਇਸ ਘਟਨਾ ਦੌਰਾਨ 10 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਗਿਣਤੀ ਵਿਚ ਅਜੇ ਵਾਧਾ ਹੋ ਸਕਦਾ ਹੈ। ਪ੍ਰਸ਼ਾਸਨ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ।
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਵੈਂਕਟੇਸ਼ਵਰ ਮੰਦਰ ਵਿੱਚ ਭਗਦੜ ਅਤੇ ਇਸ ਦੌਰਾਨ ਕਈ ਸ਼ਰਧਾਲੂਆਂ ਦੀ ਹੋਈ ਮੌਤ ‘ਤੇ ਦੁੱਖ ਪ੍ਰਗਟ ਕੀਤਾ। ਉਹਨਾਂ ਪੋਸਟ ਕਰਦੇ ਲਿਖਿਆ, ‘ਸ਼੍ਰੀਕਾਕੁਲਮ ਜ਼ਿਲ੍ਹੇ ਦੇ ਵੈਂਕਟੇਸ਼ਵਰ ਮੰਦਰ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ।’ ਉਨ੍ਹਾਂ ਨੇ ਪੀੜਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਸਾਰੇ ਪੀੜਤਾਂ ਅਤੇ ਜ਼ਖਮੀਆਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਦੇ ਆਦੇਸ਼ ਦਿੱਤੇ ਗਏ ਹਨ।

