ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਮਨਮਾਨੇ ਢੰਗ ਨਾਲ ਭੰਗ ਕਰਨ ਦੇ ਫੈਸਲੇ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਸ ਤਾਨਾਸ਼ਾਹੀ ਫੈਸਲੇ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ, ਲੋਕਤੰਤਰ ਅਤੇ ਬੌਧਿਕਤਾ ਉਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸ਼ਾਸਨ ਨਹੀਂ ਬਲਕਿ ਰਾਜਸੀ ਧੱਕੇਸ਼ਾਹੀ ਹੈ। ਕੇਂਦਰ ਦਾ ਇਹ ਆਪਹੁਦਰਾ ਕਦਮ ਪੰਜਾਬ ਦੀ ਮਿਹਨਤ ਨਾਲ ਹਾਸਲ ਕੀਤੀ ਖੁਦਮੁਖਤਿਆਰੀ, ਅਕਾਦਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਢਾਹ ਲਾਉਣ ਵਾਲਾ ਹੈ। ਇਹ ਪੰਜਾਬ ਦੀ ਰੂਹ ਉਤੇ ਹਮਲਾ ਹੈ।
ਪੰਜਾਬ ਯੂਨੀਵਰਸਿਟੀ ਦੀ ਇਤਿਹਾਸਕ ਅਤੇ ਭਾਵਨਾਤਮਕ ਮਹੱਤਤਾ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਮਹਿਜ਼ ਯੂਨੀਵਰਸਿਟੀ ਨਹੀਂ ਸਗੋਂ ਦਹਾਕਿਆਂ ਦੇ ਸਮੂਹਿਕ ਯਤਨਾਂ, ਬੌਧਿਕਤਾ ਅਤੇ ਕੁਰਬਾਨੀਆਂ ਨਾਲ ਸਿਰਜਿਆ ਅਦਾਰਾ ਹੈ। ਉਨ੍ਹਾਂ ਨੇ ਸੈਨੇਟ ਭੰਗ ਕਰਨ ਪਿਛਲੀ ਕੋਝੀ ਮਾਨਸਿਕਤਾ `ਤੇ ਸਵਾਲ ਉਠਾਉਂਦਿਆਂ ਪਿਛਲੀਆਂ ਸੈਨੇਟ ਚੋਣਾਂ ਵਿਚ ਪੰਜਾਬ ਦੇ ਲੋਕਾਂ ਦੁਆਰਾ ਦਿੱਤੇ ਗਏ ਵੱਡੇ ਫਤਵੇ ਦਾ ਜ਼ਿਕਰ ਵੀ ਕੀਤਾ। ਬੈਂਸ ਨੇ ਸਵਾਲ ਕੀਤਾ, “ਕੇਂਦਰ ਦੀ ਛੇ ਦਹਾਕੇ ਪੁਰਾਣੀ ਲੋਕਤੰਤਰੀ ਸੰਸਥਾ ਨੂੰ ਖਤਮ ਕਰਨ ਦੀ ਹਿੰਮਤ ਕਿਵੇਂ ਹੋਈ?” ਸੈਨੇਟ ਚੋਣਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸੈਨੇਟ ਚੋਣਾਂ ਵਿਚ ਗ੍ਰੈਜੂਏਟ ਹਲਕੇ ਲਈ ਪੰਜਾਬ ਦੇ ਲੋਕਾਂ ਨੇ ਸਾਰੀਆਂ ਸੀਟਾਂ ਜਿੱਤ ਕੇ ਆਪਣੇ ਨੁਮਾਇੰਦੇ ਚੁਣੇ ਸਨ। ਇਹ ਲੋਕਾਂ ਦਾ ਸਪੱਸ਼ਟ ਫਤਵਾ ਸੀ। ਹੁਣ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ, ਜੋ ਬੈਲਟ ਬਾਕਸ ਰਾਹੀਂ ਭਰੋਸਾ ਨਹੀਂ ਜਿੱਤ ਸਕੀ, ਆਪਣੇ ਹੱਥ-ਠੋਕਿਆਂ ਨੂੰ ਅੱਗੇ ਲਿਆ ਕੇ ਇਸ ਸਤਿਕਾਰਤ ਤੇ ਇਤਿਹਾਸਕ ਯੂਨੀਵਰਸਿਟੀ ਨੂੰ ਸਿਆਸਤ ਦਾ ਅਖਾੜਾ ਬਣਾਉਣਾ ਚਾਹੁੰਦੀ ਹੈ।

