ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੁੱਤਿਆਂ ਦੇ ਮੁੱਦੇ ‘ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਇਹ 7 ਨਵੰਬਰ ਨੂੰ ਇਕ ਹੁਕਮ ਪਾਸ ਕਰੇਗਾ। ਜਸਟਿਸ ਵਿਕਰਮ ਨਾਥ, ਸੰਦੀਪ ਮਹਿਤਾ ਅਤੇ ਐਨ ਵੀ ਅੰਜਾਰੀਆ ਦੀ ਤਿੰਨ ਮੈਂਬਰੀ ਬੈਂਚ ਨੇ ਨੋਟ ਕੀਤਾ ਕਿ ਜ਼ਿਆਦਾਤਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰ ਉਸ ਦੇ ਸਾਹਮਣੇ ਮੌਜੂਦ ਸਨ। ਅਦਾਲਤ ਨੇ ਕੇਰਲ ਦੇ ਮੁੱਖ ਸਕੱਤਰ ਦੁਆਰਾ ਛੋਟ ਦੀ ਮੰਗ ਕਰਨ ਵਾਲੀ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਬੈਂਚ ਨੇ ਨੋਟ ਕੀਤਾ ਕਿ ਪ੍ਰਿੰਸੀਪਲ ਸੈਕਟਰੀ ਅਦਾਲਤ ਵਿਚ ਮੌਜੂਦ ਸਨ।
ਬੈਂਚ ਨੇ ਕਿਹਾ ਕਿ ਭਾਰਤੀ ਪਸ਼ੂ ਭਲਾਈ ਬੋਰਡ ਨੂੰ ਇਸ ਮਾਮਲੇ ਵਿਚ ਇਕ ਧਿਰ ਬਣਾਇਆ ਜਾਣਾ ਚਾਹੀਦਾ ਹੈ। ਸੁਣਵਾਈ ਸ਼ੁਰੂ ਹੋਣ ‘ਤੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਸੂਚਿਤ ਕੀਤਾ ਕਿ ਜ਼ਿਆਦਾਤਰ ਰਾਜਾਂ ਵਿਚ ਇਸ ਮਾਮਲੇ ਵਿਚ ਆਪਣੇ ਪਾਲਣਾ ਹਲਫ਼ਨਾਮੇ ਦਾਇਰ ਕੀਤੇ ਹਨ। ਬੈਂਚ ਨੇ ਕਿਹਾ, “ਫੈਸਲੇ ਲਈ 7 ਨਵੰਬਰ ਦੀ ਤਾਰੀਖ਼ ਸੂਚੀਬੱਧ ਕੀਤੀ ਜਾਵੇ।” ਸੁਪਰੀਮ ਕੋਰਟ ਨੇ ਕਿਹਾ ਕਿ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਦੀ ਸਰੀਰਕ ਮੌਜੂਦਗੀ ਹੁਣ ਜ਼ਰੂਰੀ ਨਹੀਂ ਹੈ। ਹਾਲਾਂਕਿ, ਬੈਂਚ ਨੇ ਕਿਹਾ ਕਿ ਹੁਕਮਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹਿਣ ਦੀ ਸੂਰਤ ਵਿੱਚ ਮੁੱਖ ਸਕੱਤਰਾਂ ਦੀ ਹਾਜ਼ਰੀ ਦੁਬਾਰਾ ਜ਼ਰੂਰੀ ਹੋਵੇਗੀ।

