ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਾਲਸਾ ਦਾ ਸਹੁੰ ਚੁੱਕਣ ਦਾ ਰਾਹ ਹੁਣ ਪੱਧਰਾ ਹੋ ਗਿਆ ਹੈ ਕਿਉਂਕਿ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵੱਜੋਂ ਸਹੁੰ ਚੁੱਕਣ ਲਈ ਪੈਰੋਲ ਮਿਲ ਗਈ ਹੈ। ਲੋਕ ਸਭਾ ਸਪੀਕਰ ਓਮ ਬਿਰਲਾ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਐੱਮ. ਪੀ. ਦੇ ਅਹੁਦੇ ਦੀ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ 5 ਜੁਲਾਈ ਨੂੰ ਸਹੁੰ ਚੁੱਕ ਸਕਦੇ ਹਨ। ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਦੱਸਿਆ ਹੈ ਕਿ ਐੱਨਐੱਸਏ ਐਕਟ ਤਹਿਤ ਨਜ਼ਰਬੰਦ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ।
ਜਾਣਕਾਰੀ ਮੁਤਾਬਕ ਲੋਕ ਸਭਾ ਸਪੀਕਰ ਓਮ ਬਿਰਲਾ ਦੀ ਮੰਜ਼ੂਰੀ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਅਸਾਮ ਵੱਲ ਰਵਾਨਾ ਹੋ ਗਈ ਹੈ। ਦੂਜੇ ਪਾਸੇ ਪੰਜਾਬ ਪੁਲਿਸ ਦੇ ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਹੈਲੀਕਾਪਟਰ ਰਾਹੀਂ ਸਿੱਧੇ ਸੰਸਦ ਵਿੱਚ ਲਿਜਾਏ ਜਾਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਨੂੰ ਲੋਕ ਸਭਾ ਸਪੀਕਰ ਦੇ ਚੈਂਬਰ ਵਿਚ ਸਹੁੰ ਚੁਕਾਈ ਜਾਵੇਗੀ। ਇਸ ਸਾਰੀ ਕਾਰਵਾਈ ਦੌਰਾਨ ਨਾ ਤਾਂ ਕੋਈ ਅੰਮ੍ਰਿਤਪਾਲ ਸਿੰਘ ਨੂੰ ਮਿਲ ਸਕੇਗਾ ਅਤੇ ਨਾ ਹੀ ਕੋਈ ਗੱਲਬਾਤ ਕਰ ਸਕੇਗਾ। ਤੁਹਾਨੂੰ ਇਹ ਵੀ ਦੱਸ ਦਈਏ ਕਿ ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਲਈ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਸੀ। ਜਿਸ ਤੋਂ ਬਾਅਦ ਲੋਕ ਸਭਾ ਸਪੀਕਰ ਵੱਲੋਂ ਹੁਣ ਮੰਜ਼ੂਰੀ ਦਿੱਤੀ ਗਈ ਹੈ।