ਲੁਧਿਆਣਾ : ਪਾਵਰਕਾਮ ਵਿਭਾਗ ਦੇ ਡਿਫਾਲਟਰ ਖਪਤਕਾਰਾਂ ਦੀ ਸ਼ਾਮਤ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਨਵੰਬਰ ਮਹੀਨੇ ਦੇ ਸ਼ੁਰੂਆਤੀ 11 ਦਿਨਾਂ ’ਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ, ਐੱਸ. ਈ. ਈਸਟ ਸੁਰਜੀਤ ਸਿੰਘ, ਐੱਸ. ਈ. ਵੈਸਟ ਕੁਲਵਿੰਦਰ ਸਿੰਘ ਦੀ ਅਗਵਾਈ ਵਾਲੀਆਂ ਵੱਖ-ਵੱਖ ਟੀਮਾਂ ਵਲੋਂ ਲੁਧਿਆਣਾ ਸ਼ਹਿਰ ਨਾਲ ਸਬੰਧਤ 9 ਡਵੀਜ਼ਨਾਂ ਵਿਚ 1769 ਡਿਫਾਲਟਰ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਗਏ ਹਨ। ਪਿਛਲੇ ਲੰਬੇ ਸਮੇਂ ਤੋਂ ਬਿਜਲੀ ਦੇ ਬਿੱਲ ਨਾ ਅਦਾ ਕਰਨ ਵਾਲੇ ਡਿਫਾਲਟਰ ਖਪਤਕਾਰਾਂ ਖ਼ਿਲਾਫ ਸ਼ਿਕੰਜਾ ਕੱਸਦੇ ਹੋਏ 20 ਕਰੋੜ 92 ਲੱਖ 18 ਹਜ਼ਾਰ ਰੁਪਏ ਦੀ ਭਾਰੀ ਰਿਕਵਰੀ ਕੀਤੀ ਗਈ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੱਲੋਂ ਸ਼ਹਿਰ ਦੇ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਘਰਾਣਿਆਂ ਦੇ ਸੰਚਾਲਕਾਂ ਵਿਚ ਲਗਾਤਾਰ ਤਾਬੜਤੋੜ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਵਿਚ ਵਿਭਾਗ ਦੇ ਡਿਫਾਲਟਰ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੇ ਨਾਲ ਹੀ ਮੀਟਰ ਵੀ ਕਬਜ਼ੇ ਵਿਚ ਲਏ ਜਾ ਰਹੇ ਹਨ।
ਹਾਲਾਂਕਿ ਇਸ ਦੌਰਾਨ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ, ਐੱਸ. ਈ. ਸੁਰਜੀਤ ਸਿੰਘ ਅਤੇ ਐੱਸ. ਈ. ਕੁਲਵਿੰਦਰ ਸਿੰਘ ਵਲੋਂ ਕਾਰਵਾਈ ਦੌਰਾਨ ਡਿਫਾਲਟਰ ਖਪਤਕਾਰਾਂ ਨੂੰ ਬਿਜਲੀ ਦਾ ਬਕਾਇਆ ਖੜ੍ਹਾ ਬਿੱਲ 2 ਤੋਂ 3 ਕਿਸ਼ਤਾਂ ਵਿਚ ਜਮ੍ਹਾ ਕਰਵਾਉਣ ਦੀ ਛੋਟ ਵੀ ਦਿੱਤੀ ਜਾ ਰਹੀ ਹੈ ਤਾਂ ਕਿ ਉਕਤ ਕਿਸੇ ਵੀ ਬਿਜਲੀ ਦਾ ਕੁਨੈਕਸ਼ਨ ਕੱਟੇ ਜਾਣ ਦੀ ਸੂਰਤ ਵਿਚ ਪਰਿਵਾਰ ਨੂੰ ਬਿਜਲੀ ਅਤੇ ਪਾਣੀ ਵਰਗੀਆਂ ਬੁਨਿਆਦੀ ਲੋੜਾਂ ਦੀ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ। ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਵਲੋਂ ਪਿਛਲੇ ਲੰਬੇ ਸਮੇਂ ਤੋਂ ਬਕਾਇਆ ਖੜ੍ਹੇ ਬਿਜਲੀ ਦੇ ਬਿੱਲ ਜਮ੍ਹਾ ਨਾ ਕਰਵਾਉਣ ਵਾਲੇ ਡਿਫਾਲਟਰ ਖਪਤਕਾਰਾਂ ਨੂੰ ਇਕ ਵਾਰ ਫਿਰ ਅਪੀਲ ਕੀਤੀ ਗਈ ਹੈ ਕਿ ਉਹ ਬਕਾਇਆ ਬਿੱਲਾਂ ਦੀ ਰਾਸ਼ੀ ਪਾਵਰਕਾਮ ਦੇ ਖਜ਼ਾਨੇ ਵਿਚ ਜਮ੍ਹਾ ਕਰਵਾਉਣ ਲਈ ਖੁਦ ਅੱਗੇ ਆਉਣ ਤਾਂ ਕਿ ਬਾਅਦ ਵਿਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਿਆ ਜਾ ਸਕੇ।

