ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ (DSR) ਨੂੰ ਅਪਣਾਉਣ ਲਈ ਕੀਤੇ ਯਤਨਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਦਰਅਸਲ ਸਾਉਣੀ ਦੀ ਬਿਜਾਈ ਦਾ ਅੱਧਾ ਸੀਜ਼ਨ ਬਾਕੀ ਰਹਿਣ ਦੇ ਬਾਵਜੂਦ ਪਾਣੀ ਦੀ ਵੱਡੀ ਪੱਧਰ ’ਤੇ ਬੱਚਤ ਕਰਨ ਵਾਲੀ ਤਕਨੀਕ DSR ਅਧੀਨ ਰਕਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 15 ਫ਼ੀਸਦ ਵਾਧਾ ਦਰਜ਼ ਕੀਤਾ ਗਿਆ ਹੈ। ਇਸ ਵਾਰ ਦੋ ਲੱਖ ਏਕੜ ਤੋਂ ਵੱਧ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋ ਚੁੱਕੀ ਹੈ, ਜੋ ਕਿ ਪਿਛਲੇ ਸਾਲ ਸਮੁੱਚੇ ਸਾਉਣੀ ਸੀਜ਼ਨ ਦੌਰਾਨ 1.72 ਲੱਖ ਏਕੜ ਸੀ।
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਨੂੰ ਇੱਕ ਵੱਡੀ ਸਫ਼ਲਤਾ ਕਰਾਰ ਦਿੱਤੀ ਹੈ। ਇਸ ਦੇ ਨਾਲ ਹੀ ਉਮੀਦ ਜਤਾਉਂਦੇ ਹੋਏ ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਮਿੱਥੇ ਟੀਚੇ ਅਨੁਸਾਰ ਇਸ ਸੀਜ਼ਨ ਵਿੱਚ DSR ਤਕਨੀਕ ਅਧੀਨ 5 ਲੱਖ ਏਕੜ ਰਕਬੇ ‘ਚ ਝੋਨੇ ਦੀ ਸਿੱਧੀ ਬਿਜਾਈ ਹੋਣ ਦੀ ਆਸ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ DSR ਤਕਨੀਕ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਖੁੱਡੀਆਂ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ 2024-25 ਦੌਰਾਨ ਇਸ ਤਕਨੀਕ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 50 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਆਖਿਆ ਕਿ ਜਿਹੜੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ, ਉਨ੍ਹਾਂ ਨੂੰ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ 15 ਜੁਲਾਈ, 2024 ਤੱਕ ਪੋਰਟਲ agrimachinerypb.com ’ਤੇ ਰਜਿਸਟਰ ਕਰਨਾ ਹੋਵੇਗਾ।