ਨਵੀਂ ਦਿੱਲੀ : ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਵਲੋਂ ਅੱਜ ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ। ਇਸ ਤੋਂ ਇਲਾਵਾ ਪੁਲਸ ਨੇ ਬਦਨਾਮ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਿੱਚ ਸ਼ਾਮਲ ਇਸ ਗਿਰੋਹ ਦੇ ਚਾਰ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਕ੍ਰਾਈਮ ਬ੍ਰਾਂਚ ਨੇ ਪਾਕਿਸਤਾਨ ਤੋਂ ਭਾਰਤ ਭੇਜੇ ਗਏ ਆਧੁਨਿਕ ਹਥਿਆਰਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ। ਉਕਤ ਲੋਕ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਆਧੁਨਿਕ ਹਥਿਆਰਾਂ ਦੀ ਸਪਲਾਈ ਕਰਨ ਦਾ ਕੰਮ ਕਰਦੇ ਸਨ।
ਦਿੱਲੀ ਪੁਲਸ ਦੀ ਅਪਰਾਧ ਸ਼ਾਖਾ ਨੇ ਹਥਿਆਰ ਬਰਾਮਦ ਕਰਕੇ ਇੱਕ ਵੱਡੀ ਕਾਰਵਾਈ ਕੀਤੀ ਹੈ। ਪੁਲਸ ਅਨੁਸਾਰ ਹਥਿਆਰਾਂ ਦੀ ਇਹ ਖੇਪ ਪੰਜਾਬ ਰਾਹੀਂ ਭਾਰਤ ਲਿਆਂਦੀ ਗਈ ਸੀ ਅਤੇ ਇਸਨੂੰ ਲਾਰੇਸ਼ ਬਿਸ਼ਨੋਈ, ਬੰਬੀਹਾ, ਗੋਗੀ ਅਤੇ ਹਿਮਾਂਸ਼ੂ ਭਾਊ ਗੈਂਗਾਂ ਨੂੰ ਸਪਲਾਈ ਕੀਤਾ ਜਾਣਾ ਸੀ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤੁਰਕੀ ਅਤੇ ਚੀਨ ਵਿੱਚ ਬਣੇ ਹਾਈ-ਟੈਕ ਹਥਿਆਰ ਵੀ ਸ਼ਾਮਲ ਹਨ। ਇਸ ਕਾਰਵਾਈ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੰਜਾਬ ਅਤੇ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ।
ਪੁਲਸ ਨੇ ਦੱਸਿਆ ਕਿ ਹਥਿਆਰਾਂ ਦਾ ਵੱਡਾ ਜ਼ਖੀਰਾ ਦਿੱਲੀ ਦੇ ਰੋਹਿਣੀ ਇਲਾਕੇ ਤੋਂ ਬਰਾਮਦ ਕੀਤਾ ਗਿਆ ਹੈ। ਕ੍ਰਾਈਮ ਬ੍ਰਾਂਚ ਨੂੰ ਸੂਚਨਾ ਮਿਲੀ ਸੀ ਕਿ ਕੁਝ ਤਸਕਰ ਰਾਜਧਾਨੀ ਨੂੰ ਹਥਿਆਰ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਤੋਂ ਬਾਅਦ ਟੀਮ ਨੇ ਕਾਰਵਾਈ ਕਰਦੇ ਹੋਏ ਉਕਤ ਲੋਕਾਂ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕਰ ਲਿਆ।

