ਸ੍ਰੀ ਅਨੰਦਪੁਰ ਸਾਹਿਬ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਤਹਿਤ ਅੱਜ ਇਥੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਗੁਰਮਰਿਆਦਾ ਅਨੁਸਾਰ ਸ੍ਰੀ ਅਖੰਡ ਸਾਹਿਬ ਦੀ ਆਰੰਭਤਾ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ ਅਤੇ ਸੰਗਤ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਵਿੱਚ ਸ਼ਾਮਲ ਹੋਏ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕਰਕੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਦੀ ਨਿਰਵਿਘਨ ਸੰਪੂਰਨਤਾ ਲਈ ਅਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਮਨ-ਸ਼ਾਂਤੀ ਅਤੇ ਸਾਂਝੀਵਾਲਤਾ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਸਿੱਖ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਭਾਈਚਾਰਕ ਸਾਂਝ, ਨਿਰਪੱਖਤਾ ਅਤੇ ਸਮਾਜਿਕ ਬਰਾਬਰੀ ਲਈ ਮਾਨਵਤਾ ਨੂੰ ਸੇਧ ਦਿੰਦੀ ਹੈ।

