ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਤਰ੍ਹਾਂ ਅਸ਼ੀਰਵਾਦ ਫਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਸਕੀਮ ਤਹਿਤ, ਸਾਲ 2023-24 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ 4.43 ਕਰੋੜ ਦੀ ਰਾਸ਼ੀ ਪੰਜਾਬ ਸਰਕਾਰ ਵੱਲੋਂ ਫਰੀਦਕੋਟ, ਮੋਗਾ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਦੇ 870 ਲਾਭਪਾਤਰੀਆਂ ਨੂੰ ਜਾਰੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਦੇ 128, ਮੋਗਾ ਦੇ 207, ਬਰਨਾਲਾ ਦੇ 98, ਸ੍ਰੀ ਮੁਕਤਸਰ ਸਾਹਿਬ ਦੇ 237 ਅਤੇ ਰੂਪਨਗਰ ਦੇ 200 ਲਾਭਪਾਤਰੀ ਨੂੰ ਕਵਰ ਕੀਤਾ ਗਿਆ ਹੈ ਤੇ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਗਈ ਹੈ।
ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਕੈਬਨਿਟ ਮੰਤਰੀ ਨੇ ਕੁੱਝ ਸ਼ਰਤਾਂ ਦੀ ਵੀ ਜਾਣਕਾਰੀ ਦਿੱਤੀ। ਜੋ ਹੇਠ ਲਿਖੇ ਅਨੁਸਾਰ ਹੈ-
- ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ
- ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ
- ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸਬੰਧਤ ਹੋਵੇ
- ਪਰਿਵਾਰ ਦੀ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ
- ਪਰਿਵਾਰਾਂ ਦੀਆਂ ਦੋ ਧੀਆਂ ਲਾਭ ਲੈਣ ਦੇ ਯੋਗ ਹਨ