ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਕਾਨੂੰਨ ਵਿਵਸਥਾ ਨੂੰ ਲੈ ਕੇ ਕੀਤੇ ਸਵਾਲਾਂ ’ਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਆਗੂਆਂ ਨੂੰ ਪੰਜਾਬ ਦੀ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ, ਕਿਉਂਕਿ ਉਨ੍ਹਾਂ ਦੀਆਂ ਪਾਰਟੀਆਂ ਦੀਆਂ ਹੀ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿੱਚ ਗੈਂਗਸਟਰ ਪੈਦਾ ਕੀਤੇ ਹਨ।
ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਕੰਗ ਨੇ ਕਿਹਾ ਕਿ ਭਾਜਪਾ-ਅਕਾਲੀ ਅਤੇ ਕਾਂਗਰਸ ਸਰਕਾਰਾਂ ਦੌਰਾਨ ਪੰਜਾਬ ਵਿੱਚ ਗੈਂਗਸਟਰਾਂ ਨੂੰ ਸਰਕਾਰੀ ਸੁਰੱਖਿਆ ਦਿੱਤੀ ਜਾਂਦੀ ਰਹੀ, ਪਰੰਤੂ ਮਾਨ ਸਰਕਾਰ ਲਗਾਤਾਰ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਜੇਲ੍ਹ ਭੇਜ ਰਹੀ ਹੈ। ਪਿਛਲੇ ਦੋ ਸਾਲਾਂ ਦੌਰਾਨ ਸੈਂਕੜੇ ਅਪਰਾਧੀਆਂ ਵਿਰੁੱਧ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਸਜ਼ਾਵਾਂ ਦਿੱਤੀਆਂ ਗਈਆਂ ਹਨ।
ਕੰਗ ਨੇ ਹਰਿਆਣਾ ’ਚ ਹੋਈ ਹਿੰਸਾ ਦੇ ਮਾਮਲੇ ’ਤੇ ਸੁਨੀਲ ਜਾਖੜ ਨੂੰ ਸਵਾਲ ਖੜੇ ਕੀਤੇ। ਉਨ੍ਹਾਂ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ ‘ਚ ਭਾਜਪਾ ਦੀ ਸਰਕਾਰ ਹੈ। ਹਰਿਆਣਾ ਅੱਜ ਕੱਲ੍ਹ ਗੈਂਗਸਟਰ ਪੈਦਾ ਕਰਨ ਵਾਲੇ ਸੂਬੇ ਵਜੋਂ ਜਾਣਿਆ ਜਾਂਦਾ ਹੈ। ਉੱਥੇ ਕੁਝ ਦਿਨ ਪਹਿਲਾਂ ਵਾਪਰੀ ਨਿੰਦਣਯੋਗ ਘਟਨਾ ‘ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਤੁਸੀਂ ਇਸ ਮਾਮਲੇ ‘ਤੇ ਹਰਿਆਣਾ ਸਰਕਾਰ ਨੂੰ ਸਵਾਲ ਕਿਉਂ ਨਹੀਂ ਕਰਦੇ? ਇਸ ਦੇ ਨਾਲ ਹੀ ਕੰਗ ਨੇ ਕਿਹਾ ਕਿ ਅਪਰਾਧ ਦੀ ਕੋਈ ਵੀ ਘਟਨਾ ਚਾਹੇ ਉਹ ਕਿਤੇ ਵੀ ਵਾਪਰਦੀ ਹੋਵੇ, ਮੰਦਭਾਗੀ ਹੈ। ਉਸ ਦੇ ਨਾਂ ‘ਤੇ ਰਾਜਨੀਤੀ ਕਰਨਾ ਹੋਰ ਵੀ ਮੰਦਭਾਗਾ ਹੈ।