ਜਲੰਧਰ ਪੱਛਮੀ ਜ਼ਿਮਨੀ ਚੋਣਾਂ ਨੂੰ ਲੈ ਕੇ ਜਿੱਥੇ ਵੱਖ-ਵੱਖ ਰਾਜਨਿਤਿਕ ਪਾਰਟੀਆਂ ਸੱਤਾ ਦੀ ਸੀਟ ’ਤੇ ਕਾਬਜ਼ ਲਈ ਚੋਣ ਪ੍ਰਚਾਰ ਕਰ ਰਹੀਆਂ ਹਨ ਤਾਂ ਉੱਥੇ ਹੀ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੋਮਵਾਰ ਨੂੰ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਮੋਹਿੰਦਰ ਭਗਤ ਦੇ ਹੱਕ ’ਚ ਪ੍ਰਚਾਰ ਕੀਤਾ। ਇਸ ਦੌਰਾਨ ਸੀਐੱਮ ਮਾਨ ਨੇ ਵਾਰਡ ਨੰਬਰ 75 ਅਤੇ 36 ਵਿੱਚ ਸੰਬੋਧਨ ਕੀਤਾ ਤੇ ਮੋਹਿੰਦਰ ਭਗਤ ਨੂੰ ਵੋਟ ਪਾਉਣ ਦੀ ਅਪੀਲ ਕੀਤੀ।
ਜਨ ਸਭਾ ਨੂੰ ਸੰਬੋਧਨ ਕਰਦਿਆਂ ਸੀਐੱਮ ਮਾਨ ਨੇ ਵਿਰੋਧੀ ਧਿਰ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਵਰਗੀਆਂ ਪਾਰਟੀਆਂ ਅਤੇ ਸੁਖਬੀਰ ਬਾਦਲ ਵਰਗੇ ਆਗੂ ਸਾਡਾ ਮੁਕਾਬਲਾ ਨਹੀਂ ਕਰ ਸਕਦੇ। ਅਕਾਲੀ ਦਲ ਬਾਦਲ ਦੀ ਹਾਲਤ ਐਨੀ ਮਾੜੀ ਹੋ ਗਈ ਹੈ ਕਿ ਸੁਖਬੀਰ ਬਾਦਲ ਆਪਣੇ ਉਮੀਦਵਾਰ ਤੋਂ ਸਮਰਥਨ ਵਾਪਸ ਲੈ ਕੇ ਲੋਕਾਂ ਨੂੰ ਬਹੁਜਨ ਸਮਾਜ ਪਾਰਟੀ ਨੂੰ ਵੋਟਾਂ ਪਾਉਣ ਲਈ ਕਹਿ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਜ਼ੀਰੋ ਹੋ ਗਿਆ ਹੈ।
ਇਸ ਦੇ ਨਾਲ ਹੀ ਸੀਐੱਮ ਮਾਨ ਨੇ ਕਿਹਾ ਕਿ ਰੱਬ ਸਭ ਕੁਝ ਲੋਕਾਂ ਦੇ ਭਲੇ ਲਈ ਹੀ ਕਰਦਾ ਹੈ, ਇਸੇ ਲਈ ਇਕ ਭ੍ਰਿਸ਼ਟ ਵਿਅਕਤੀ ਨੇ ਖ਼ੁਦ ਹੀ ਅਸਤੀਫ਼ਾ ਦੇ ਦਿੱਤਾ ਅਤੇ ਹੁਣ ਜਲੰਧਰ ਨੂੰ ਇਕ ਇਮਾਨਦਾਰ ਵਿਧਾਇਕ ਮਿਲੇਗਾ। ਇਸ ਦੇ ਨਾਲ ਹੀ ਮਾਨ ਸਰਕਾਰ ਨੇ ‘ਆਪ’ ਉਮੀਦਵਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੋਹਿੰਦਰ ਭਗਤ ਇੱਕ ਇਮਾਨਦਾਰ ਵਿਅਕਤੀ ਹਨ, ਜੇਕਰ ਤੁਸੀ ਭਗਤ ਨੂੰ ਜਿਤਾਉਂਦੇ ਹੋ ਅਤੇ ਵਿਧਾਨ ਸਭਾ ਦੀ ਪੌੜੀ ਚੜ੍ਹਾਉਂਦੇ ਹੋ ਤਾਂ ਮੈਂ ਉਨ੍ਹਾਂ ਨੂੰ ਅਗਲੀ ਪੌੜੀਆਂ ਚੜ੍ਹਾਵਾਂਗਾ। ਕਾਂਗਰਸ ਅਤੇ ਅਕਾਲੀ ਦਲ ਦੋਵੇਂ ਹੀ ਭ੍ਰਿਸ਼ਟ ਹਨ, ਕੇਵਲ ਮੋਹਿੰਦਰ ਭਗਤ ਹੀ ਜਲੰਧਰ ਪੱਛਮੀ ਅਤੇ ਇੱਥੋਂ ਦੇ ਲੋਕਾਂ ਦੇ ਵਿਕਾਸ ਲਈ ਕੰਮ ਕਰਨਗੇ।