ਜਲੰਧਰ -ਥਾਣਾ ਮਕਸੂਦਾਂ ਅਧੀਨ ਆਉਂਦੇ ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਸਥਿਤ ਐੱਨ. ਆਈ. ਟੀ. ਕਾਲਜ ਨੇੜੇ ਬਿਧੀਪੁਰ ਦਰਦਨਾਕ ਸੜਕ ਹਾਦਸੇ ’ਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) ਦੇ ਇਕ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਦੋਵੇਂ ਵਿਦਿਆਰਥੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਸਨ।
ਇਸ ਦੀ ਸੂਚਨਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਏ. ਐੱਸ. ਆਈ. ਰਜਿੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਤੇ ਜਾਂਚ ਸ਼ੁਰੂ ਕੀਤੀ। ਜਾਣਕਾਰੀ ਦਿੰਦੇ ਏ. ਐੱਸ. ਆਈ. ਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਦਿਆਰਥੀ ਦੀ ਪਛਾਣ ਜੈ ਵਰਧਨ ਪੁੱਤਰ ਜੈ ਨਿਵਾਸ ਵਾਸੀ ਆਂਧਰਾ ਪ੍ਰਦੇਸ਼ ਹਾਲ ਨਿਵਾਸੀ ਐੱਲ. ਪੀ. ਯੂ. ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਵਿਦਿਆਰਥੀ ਦੀ ਪਛਾਣ ਰਿਆਂਸ਼ ਵਜੋਂ ਹੋਈ ਹੈ।
ਪੁਲਸ ਅਨੁਸਾਰ ਆਂਧਰਾ ਪ੍ਰਦੇਸ਼ ਦੇ ਰਹਿਣ ਵਾਲੇ ਅਤੇ ਐੱਲ. ਪੀ. ਯੂ. ਵਿਚ ਪੜ੍ਹ ਰਹੇ ਵਿਦਿਆਰਥੀ ਦੀ ਬਿਧੀਪੁਰ ਨੇੜੇ ਅਚਾਨਕ ਉਸ ਸਮੇਂ ਮੌਤ ਹੋ ਗਈ ਜਦੋਂ ਉਨ੍ਹਾਂ ਦਾ ਮੋਟਰਸਾਈਕਲ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਿਆ। ਚਸ਼ਮਦੀਦਾਂ ਅਨੁਸਾਰ ਜੈਵਰਧਨ ਨੇ ਹੈਲਮੇਟ ਨਹੀਂ ਪਾਇਆ ਹੋਇਆ ਸੀ, ਜਿਸ ਕਾਰਨ ਉਸ ਦਾ ਸਿਰ ਸੜਕ ’ਤੇ ਟਕਰਾ ਗਿਆ ਅਤੇ ਬਹੁਤ ਜ਼ਿਆਦਾ ਖ਼ੂਨ ਵਹਿਣ ਨਾਲ ਉਸ ਦੀ ਮੌਤ ਹੋ ਗਈ।

