ਚੰਡੀਗੜ੍ਹ : ਪੰਜਾਬ ‘ਚ ਸਰਹਿੰਦ ਦੇ ਨੇੜੇ ਰੇਲਵੇ ਲਾਈਨ ‘ਤੇ ਹੋਏ RDX ਧਮਾਕੇ ਦੀ ਘਟਨਾ ‘ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਜਤਾਉਂਦਿਆਂ ਪੰਜਾਬ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਸੁਖਬੀਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਬਹੁਤ ਹੀ ਚਿੰਤਾਜਨਕ ਹਨ ਅਤੇ ਪੰਜਾਬ ਵਿਚ ਦਹਾਕਿਆਂ ਦੀ ਮੁਸ਼ੱਕਤ ਤੋਂ ਬਾਅਦ ਆਈ ਅਮਨ-ਸ਼ਾਂਤੀ ਅਤੇ ਸੁਰੱਖਿਆ ਲਈ ਗੰਭੀਰ ਖ਼ਤਰਾ ਹਨ। ਇਸ ਘਟਨਾ ‘ਚ ਜ਼ਖ਼ਮੀ ਹੋਏ ਲੋਕਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕਰਦੇ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਘਟਨਾ ਭਗਵੰਤ ਮਾਨ ਦੀ ਅਗਵਾਈ ਵਿਚ ਚੱਲ ਰਹੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਪੰਜਾਬ ਦੀ ਢਹਿ-ਢੇਰੀ ਹੋ ਚੁੱਕੀ ਕਾਨੂੰਨ-ਵਿਵਸਥਾ ਦਾ ਸਪੱਸ਼ਟ ਸੰਕੇਤ ਹੈ। ਉਨ੍ਹਾਂ ਕਿਹਾ ਕਿ ਅਨੇਕਾਂ ਵਾਰ ਅਜਿਹੇ ਭਿਆਨਕ ਹਮਲਿਆਂ ਨੂੰ ਰੋਕਣ ਵਿਚ ਅਸਫ਼ਲ ਰਹਿਣ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ। ਖ਼ਾਸ ਤੌਰ ‘ਤੇ ਧਿਆਨ ਦੇਣ ਯੋਗ ਗੱਲ ਇਹ ਹੈ ਕਿ ਇਹ ਘਟਨਾ ਗਣਤੰਤਰ ਦਿਵਸ ਤੋਂ ਸਿਰਫ਼ ਦੋ ਦਿਨ ਪਹਿਲਾਂ ਵਾਪਰੀ ਹੈ, ਜਦੋਂ ‘ਆਪ’ ਸਰਕਾਰ ਸਮਾਜ ਵਿਰੋਧੀ ਅਨਸਰਾਂ ਖਿਲਾਫ ਵੱਡੀ ਮੁਹਿੰਮ ਚਲਾਉਣ ਦੇ ਦਾਅਵੇ ਕਰ ਰਹੀ ਸੀ ।

