ਅੰਮ੍ਰਿਤਸਰ: ਕਾਂਗਰਸ ਪਾਰਟੀ ਨੇ ਵੱਡੀ ਕਾਰਵਾਈ ਕਰਦੇ ਹੋਏ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਅੰਮ੍ਰਿਤਸਰ ਵਿੱਚ ਦਿੱਤੀ। ਭੁਪੇਸ਼ ਬਘੇਲ ਅੱਜ ਅੰਮ੍ਰਿਤਸਰ ਵਿੱਚ ਡਾ. ਰਾਜਕੁਮਾਰ ਵੇਰਕਾ ਦੇ ਨਿਵਾਸ ਸਥਾਨ ‘ਤੇ ਪਹੁੰਚੇ ਸਨ, ਜਿੱਥੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਵਜੋਤ ਕੌਰ ਸਿੱਧੂ ਨੂੰ ਪਹਿਲਾਂ ਪਾਰਟੀ ਤੋਂ ਮੁਅੱਤਲ ਕੀਤਾ ਗਿਆ ਸੀ, ਪਰ ਹੁਣ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਨਵਜੋਤ ਕੌਰ ਸਿੱਧੂ ਨੇ ਪਹਿਲਾਂ ਹੀ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਸੀ।
ਸਰੋਤਾਂ ਅਨੁਸਾਰ, ਇਹ ਵਿਵਾਦ ਉਦੋਂ ਵਧਿਆ ਜਦੋਂ ਨਵਜੋਤ ਕੌਰ ਸਿੱਧੂ ਨੇ ਚੰਡੀਗੜ੍ਹ ਵਿੱਚ ਰਾਜਪਾਲ ਨਾਲ ਮੁਲਾਕਾਤ ਦੌਰਾਨ ਕਿਹਾ ਸੀ ਕਿ ਉਨ੍ਹਾਂ ਕੋਲ ਮੁੱਖ ਮੰਤਰੀ ਬਣਨ ਲਈ 500 ਕਰੋੜ ਦੀ ਅਟੈਚੀ ਨਹੀਂ ਹੈ। ਉਨ੍ਹਾਂ ਨੇ ਕਾਂਗਰਸ ਹਾਈਕਮਾਨ ‘ਤੇ ਦੋਸ਼ ਲਾਇਆ ਸੀ ਕਿ ਉੱਥੇ ਸੀਐਮ ਬਣਾਉਣ ਲਈ ਪੈਸੇ ਲਏ ਜਾਂਦੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਪਾਰਟੀ ਆਗੂਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ‘ਤੇ ਟਿਕਟਾਂ ਵੇਚਣ ਦੇ ਇਲਜ਼ਾਮ ਵੀ ਲਗਾਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

