ਬਠਿੰਡਾ : ਸੋਸ਼ਲ ਮੀਡੀਆ ਇਨਫਲੁਐਂਸਰ ਕੰਚਨ ਕੁਮਾਰੀ ਉਰਫ਼ ਭਾਬੀ ਕਮਲ ਕੌਰ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੇ ਮਾਮਲੇ ‘ਚ ਬਠਿੰਡਾ ਦੀ ਇੱਕ ਸਥਾਨਕ ਅਦਾਲਤ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਅਦਾਲਤ ਨੇ ਇਸ ਕੇਸ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭਗੌੜਾ ਅਪਰਾਧੀ (ਪੀ. ਓ.) ਐਲਾਨ ਦਿੱਤਾ ਹੈ। ਇਹ ਫ਼ੈਸਲਾ ਵਾਰ-ਵਾਰ ਸੰਮਨ ਜਾਰੀ ਕੀਤੇ ਜਾਣ ਦੇ ਬਾਵਜੂਦ ਮੁਲਜ਼ਮ ਦੇ ਅਦਾਲਤ ‘ਚ ਪੇਸ਼ ਨਾ ਹੋਣ ਕਾਰਨ ਲਿਆ ਗਿਆ ਹੈ। ਅਦਾਲਤ ਨੇ 7 ਫਰਵਰੀ ਨੂੰ ਹੋਈ ਸੁਣਵਾਈ ‘ਚ ਫ਼ਰਾਰ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭਗੌੜਾ ਕਰਾਰ ਦਿੱਤਾ। ਪੁਲਸ ਰਿਪੋਰਟਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਮਹਿਰੋਂ ਵਾਰਦਾਤ ਤੋਂ ਬਾਅਦ ਜੂਨ 2025 ‘ਚ ਦੇਸ਼ ਛੱਡ ਕੇ ਫ਼ਰਾਰ ਹੋ ਗਿਆ ਸੀ ਅਤੇ ਉਸ ਦੇ ਯੂ. ਏ. ਈ. (ਸੰਯੁਕਤ ਅਰਬ ਅਮੀਰਾਤ) ‘ਚ ਲੁਕੇ ਹੋਣ ਦਾ ਖ਼ਦਸ਼ਾ ਹੈ।
ਇੰਟਰਪੋਲ ਰੈੱਡ ਕਾਰਨਰ ਨੋਟਿਸ ਦੀ ਪ੍ਰਕਿਰਿਆ ਤੇਜ਼
ਬਠਿੰਡਾ ਕੈਂਟ ਦੇ ਥਾਣਾ ਮੁਖੀ ਦਲਜੀਤ ਢਿੱਲੋਂ ਨੇ ਪੁਸ਼ਟੀ ਕੀਤੀ ਹੈ ਕਿ ਮੁਲਜ਼ਮ ਦੇ ਸੰਯੁਕਤ ਅਰਬ ਅਮੀਰਾਤ ‘ਚ ਲੁਕੇ ਹੋਣ ਦੀ ਜਾਣਕਾਰੀ ਮਿਲੀ ਹੈ। ਹੁਣ ਸੂਬਾ ਸਰਕਾਰ ਅਤੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਇੰਟਰਪੋਲ ਰਾਹੀਂ ਉਸ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ, ਤਾਂ ਜੋ ਉਸ ਦੀ ਹਵਾਲਗੀ ਸੰਭਵ ਹੋ ਸਕੇ।

