ਫਿਰੋਜ਼ਪੁਰ : ਪੰਜਾਬ ਨੂੰ ਨਸ਼ਾ ਮੁਕਤ ਅਤੇ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਨਾਲ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਫਿਰੋਜ਼ਪੁਰ ਜ਼ਿਲ੍ਹੇ ‘ਚ ਨਸ਼ਿਆਂ ਖ਼ਿਲਾਫ਼ ਵਿਸ਼ਾਲ ਪੈਦਲ ਯਾਤਰਾ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਤੋਂ ਸਕੂਲ ਆਫ਼ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰ ਤੱਕ ਕੱਢੀ ਗਈ। ਇਸ ਪੈਦਲ ਯਾਤਰਾ ‘ਚ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸਮੇਤ ਸੂਬੇ ਦੀਆਂ ਕਈ ਯੂਨਵਰਸਿਟੀਆਂ ਦੇ ਉਪ ਕੁਲਪਤੀ, ਸਕੂਲਾਂ ਅਤੇ ਕਾਲਜਾਂ ਦੇ ਮੁਖੀ, ਕਈ ਰਾਜਸੀ ਪਾਰਟੀਆਂ ਦੇ ਆਗੂ ਵੀ ਸ਼ਾਮਲ ਹੋਏ। ਇਸ ਯਾਤਰਾ ‘ਚ ਸੂਬੇ ਭਰ ਤੋਂ ਹਜ਼ਾਰਾਂ ਵਿਦਿਆਰਥੀਆਂ, ਐੱਨ. ਜੀ. ਓਜ਼., ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਉੱਘੀਆਂ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ‘ਚ ਸ਼ਿਰੱਕਤ ਕਰਦਿਆਂ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੰਕਲਪ ਲਿਆ। ਇਸ ਮੌਕੇ ਰਾਜਪਾਲ ਜੀ ਵੱਲੋਂ ਸਭ ਤੋਂ ਪਹਿਲਾਂ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਗੇੜ ਦੀ ਸ਼ੁਰੂਆਤ ਕੀਤੀ ਗਈ।
ਰਾਜਪਾਲ ਪੰਜਾਬ ਨੇ ਖ਼ੁਦ ਇਸ ਪੈਦਲ ਯਾਤਰਾ ਦੀ ਅਗਵਾਈ ਕਰਦਿਆਂ ਨਸ਼ਿਆਂ ਵਿਰੁੱਧ ਸੂਬੇ ਪੱਧਰ ’ਤੇ ਸਭ ਵਰਗਾਂ ਨੂੰ ਇਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਸਿਰਫ਼ ਵਿਅਕਤੀ ਦਾ ਹੀ ਨਹੀਂ, ਸਗੋਂ ਪੂਰੇ ਸਮਾਜ ਦਾ ਭਾਰੀ ਨੁਕਸਾਨ ਹੁੰਦਾ ਹੈ, ਇਸ ਲਈ ਇਸ ਬੁਰਾਈ ਨੂੰ ਜੜੋਂ ਖ਼ਤਮ ਕਰਨ ਲਈ ਸਾਂਝੀ ਕੋਸ਼ਿਸ਼ ਲਾਜ਼ਮੀ ਹੈ। ਯਾਤਰਾ ਉਪਰੰਤ ਸਕੂਲ ਆਫ਼ ਐਮੀਨੈਂਸ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਭ ਤੋਂ ਪਹਿਲਾਂ ਸਿੱਖਿਆ ਸੰਸਥਾਵਾਂ ਨੂੰ ਨਸ਼ਾ ਮੁਕਤ ਬਣਾਉਣ ਦੀ ਲੋੜ ਹੈ ਕਿਉਂਕਿ ਨੌਜਵਾਨੀ ਦੇ ਸਹੀ ਰਾਹ ’ਤੇ ਪੈਣ ਨਾਲ ਹੀ ਸੂਬੇ ਦਾ ਭਵਿੱਖ ਸੁਰੱਖਿਅਤ ਹੋ ਸਕਦਾ ਹੈ। ਰਾਜਪਾਲ ਨੇ ਖ਼ਾਸ ਤੌਰ ’ਤੇ ਔਰਤਾਂ ਨੂੰ ਅੱਗੇ ਆ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦੀ ਅਗਵਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮਾਂ, ਭੈਣ ਅਤੇ ਧੀ ਦੇ ਰੂਪ ‘ਚ ਔਰਤਾਂ ਸਮਾਜ ਨੂੰ ਸਹੀ ਦਿਸ਼ਾ ਦੇ ਸਕਦੀਆਂ ਹਨ।

