ਚੰਡੀਗੜ੍ਹ : ਪੰਜਾਬ ਰੋਡਵੇਜ਼ ਅਤੇ ਪਨਬਸ ’ਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦੇਣ ਦੇ ਮੁੱਦੇ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਹਿਮ ਟਿੱਪਣੀ ਕਰਦਿਆਂ ਸੂਬਾ ਸਰਕਾਰ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇਕਰ ਉਹ ਰੈਗੂਲਰ ਮੁਲਾਜ਼ਮਾਂ ਦੇ ਬਰਾਬਰ ਕੰਮ ਕਰ ਰਹੇ ਹਨ ਤਾਂ ਉਨ੍ਹਾਂ ਨੂੰ ਸਿਰਫ਼ ਠੇਕਾ ਜਾਂ ਹੋਰ ਸ਼੍ਰੇਣੀ ਦੇ ਮੁਲਾਜ਼ਮ ਦੱਸ ਕੇ ਘੱਟ ਤਨਖ਼ਾਹ ਦੇਣਾ ਨਿਆਂਸੰਗਤ ਨਹੀਂ ਠਹਿਰਾਇਆ ਜਾ ਸਕਦਾ। ਜਸਟਿਸ ਹਰਪ੍ਰੀਤ ਸਿੰਘ ਬਰਾੜ ਦੀ ਬੈਂਚ ਨੇ ਮੁਕੇਸ਼ ਕੁਮਾਰ ਅਤੇ ਹੋਰ ਮੁਲਾਜ਼ਮਾਂ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਹੁਕਮ ਪਾਸ ਕੀਤਾ। ਅਦਾਲਤ ਨੇ 2 ਜੁਲਾਈ, 2019 ਅਤੇ 13 ਸਤੰਬਰ, 2024 ਨੂੰ ਜਾਰੀ ਕੀਤੇ ਗਏ ਉਨ੍ਹਾਂ ਹੁਕਮਾਂ ਨੂੰ ਰੱਦ ਕਰ ਦਿੱਤਾ, ਜਿਨ੍ਹਾਂ ਦੇ ਆਧਾਰ ’ਤੇ ਮੁਲਾਜ਼ਮਾਂ ਨੂੰ ਬਰਾਬਰ ਤਨਖ਼ਾਹ ਦਾ ਲਾਭ ਦੇਣ ਤੋਂ ਇਨਕਾਰ ਕੀਤਾ ਗਿਆ ਸੀ।
ਅਦਾਲਤ ਨੇ ਕਿਹਾ ਕਿ ਪ੍ਰਬੰਧਕੀ ਹੁਕਮਾਂ ਰਾਹੀਂ ਮੁਲਾਜ਼ਮਾਂ ਦੇ ਕਾਨੂੰਨੀ ਅਧਿਕਾਰਾਂ ਨੂੰ ਸੀਮਤ ਨਹੀਂ ਕੀਤਾ ਜਾ ਸਕਦਾ। ਪਟੀਸ਼ਨਰਾਂ ਦਾ ਕਹਿਣਾ ਸੀ ਕਿ ਉਹ ਲੰਬੇ ਸਮੇਂ ਤੋਂ ਪੰਜਾਬ ਰੋਡਵੇਜ਼ ਅਤੇ ਪਨਬਸ ’ਚ ਕੰਮ ਕਰ ਰਹੇ ਹਨ ਅਤੇ ਰੈਗੂਲਰ ਮੁਲਾਜ਼ਮਾਂ ਵਾਂਗ ਹੀ ਜ਼ਿੰਮੇਵਾਰੀਆਂ ਨਿਭਾ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਘੱਟ ਤਨਖ਼ਾਹ ਦਿੱਤੀ ਜਾ ਰਹੀ ਹੈ ਅਤੇ ਤਨਖ਼ਾਹ ਸਕੇਲਾਂ ਅਤੇ ਹੋਰ ਸਹੂਲਤਾਂ ’ਚ ਵੀ ਵਿਤਕਰਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਉਨ੍ਹਾਂ ਪਹਿਲਾਂ ਵਿਭਾਗ ਦੇ ਸਾਹਮਣੇ ਵੀ ਨੁਮਾਇੰਦਗੀ ਦਿੱਤੀ ਸੀ ਪਰ ਵਿਭਾਗ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਰੱਦ ਕਰ ਦਿੱਤਾ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਹਾਈਕੋਰਟ ਦਾ ਬੂਹਾ ਖੜਕਾਇਆ।

