ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ’ਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ’ਤੇ ਢਾਹੇ ਤਸ਼ਦੱਦ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਹਰਿਆਣਾ ਸਰਕਾਰ ਦੀ ਆਲੋਚਨਾ ਕਰਦੇ ਹੋਏ ਨਿਸ਼ਾਨਾ ਸਾਧਿਆ। ਦਰਅਸਲ ਹਰਿਆਣਾ ਸਰਕਾਰ ਉਨ੍ਹਾਂ ਅਧਿਕਾਰੀਆਂ ਨੂੰ ਸਨਮਾਨਿਤ ਕਰਨ ਜਾ ਰਹੀ ਹੈ, ਜਿੰਨ੍ਹਾਂ ਨੇ ਕਿਸਾਨਾਂ ਨੂੰ ‘ਦਿੱਲੀ ਚੱਲੋ’ ਅੰਦੋਲਨ ਦੌਰਾਨ ਸਰਹੱਦਾਂ ’ਤੇ ਰੋਕ ਕੇ ਰੱਖਿਆ ਅਤੇ ਅੱਗੇ ਨਹੀਂ ਵੱਧਣ ਦਿੱਤਾ। ਇਸੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਬੁਲਾਰੇ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਹਰਿਆਣਾ ਸਰਕਾਰ ਉਨ੍ਹਾਂ ਨੂੰ ਸਨਮਾਨਿਤ ਕਰਨ ਜਾ ਰਹੀ ਹੈ ਜਿੰਨ੍ਹਾਂ ਨੇ ਹਰਿਆਣਾ-ਪੰਜਾਬ ਸਰਹੱਦ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਗੋਲੀਆਂ ਚਲਾਈਆਂ।
ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਭਾਜਪਾ ਹਮੇਸ਼ਾ ਕਿਸਾਨਾਂ ‘ਤੇ ਜ਼ੁਲਮ ਕਰਨ ਵਾਲਿਆਂ ਦਾ ਸਨਮਾਨ ਕਰਦੀ ਹੈ। ਅਜਿਹਾ ਕਰਕੇ ਉਹ ਦੇਸ਼ ਅਤੇ ਖਾਸ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਹੇਠੀ ਦਿਖਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਨੀਲ ਗਰਗ ਨੇ ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਦਾ ਹਵਾਲਾ ਦਿੱਤਾ ਤੇ ਕਿਹਾ ਕਿ ਟੇਨੀ ਦੇ ਪੁੱਤਰ ਨੇ ਲਖੀਮਪੁਰ-ਖੇੜੀ ‘ਚ ਕਿਸਾਨਾਂ ਨੂੰ ਆਪਣੇ ਵਾਹਨਾਂ ਨਾਲ ਕੁਚਲਿਆ, ਪਰ ਪ੍ਰਧਾਨ ਮੰਤਰੀ ਮੋਦੀ ਨੇ ਨਾ ਤਾਂ ਟੈਨੀ ਨੂੰ ਮੰਤਰੀ ਮੰਡਲ ‘ਚੋਂ ਕੱਢਿਆ ਅਤੇ ਨਾ ਹੀ ਉਨ੍ਹਾਂ ਦੇ ਬੇਟੇ ‘ਤੇ ਕੋਈ ਕਾਰਵਾਈ ਕੀਤੀ।
ਇਸ ਦੇ ਨਾਲ ਹੀ ਨੀਲ ਗਰਗ ਨੇ ਕਿਹਾ ਕਿ ਭਾਜਪਾ ਸੰਵਿਧਾਨ ਅਤੇ ਅਦਾਲਤ ਨੂੰ ਵੀ ਨਹੀਂ ਮੰਨਦੀ। ਇੱਕ ਪਾਸੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫੈਸਲਾ ਦਿੱਤਾ ਹੈ ਕਿ ਹਰਿਆਣਾ ਸਰਕਾਰ ਨੈਸ਼ਨਲ ਹਾਈਵੇ ਨੂੰ ਖਾਲੀ ਕਰੇ ਅਤੇ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਲਈ ਦਿੱਲੀ ਜਾਣ ਦੀ ਇਜਾਜ਼ਤ ਦੇਵੇ। ਪਰ ਹਰਿਆਣਾ ਸਰਕਾਰ ਇਸ ਫੈਸਲੇ ਦੇ ਵਿਰੁੱਧ ਸੁਪਰੀਮ ਕੋਰਟ ਪਹੁੰਚ ਕੇ ਝੂਠ ਬੋਲ ਰਹੀ ਹੈ ਕਿ ਪੁਲਿਸ ਵਲੋਂ ਨਹੀਂ ਬਲਕਿ ਕਿਸਾਨਾਂ ਵੱਲੋਂ ਸੜਕ ਜਾਮ ਕੀਤੀ ਗਈ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਨੂੰ ਅਦਾਲਤਾਂ ਅਤੇ ਨਿਆਂ ਪ੍ਰਣਾਲੀ ‘ਤੇ ਭਰੋਸਾ ਨਹੀਂ ਹੈ।