ਪਟਿਆਲਾ/ਲੁਧਿਆਣਾ : ਪੰਜਾਬ ਅਤੇ ਚੰਡੀਗੜ੍ਹ ਵਿਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਵਿਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਵੱਲੋਂ ਸ਼ਨੀਵਾਰ (14 ਮਾਰਚ) ਤੋਂ ਲਗਾਤਾਰ ਚਾਰ ਦਿਨਾਂ ਲਈ ਗਰਜ ਦੇ ਨਾਲ ਮੀਂਹ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ, ਜਿਸ ਲਈ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਦੇ ਸੂਤਰਾਂ ਅਨੁਸਾਰਕ 14 ਮਾਰਚ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਕੁਝ ਇਲਾਕਿਆਂ ਵਿਚ ਤੂਫ਼ਾਨੀ ਮੀਂਹ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 15 ਮਾਰਚ ਤੋਂ ਮੀਂਹ ਦਾ ਘੇਰਾ ਵਧੇਗਾ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਤਹਿਗੜ੍ਹ ਸਾਹਿਬ, ਪਟਿਆਲਾ, ਮੋਹਾਲੀ ਅਤੇ ਸੰਗਰੂਰ ਵਿਚ ਕਿਤੇ-ਕਿਤੇ ਤੇਜ਼ ਹਵਾਵਾਂ ਨਾਲ ਮੀਂਹ ਅਤੇ ਬਿਜਲੀ ਚਮਕਣ ਦੇ ਪੇਸ਼ੀਨਗੋਈ ਕੀਤੀ ਗਈ ਹੈ। ਇਸ ਤੋਂ ਬਾਅਦ 16 ਮਾਰਚ ਨੂੰ ਪਠਾਨਕੋਟ, ਹੁਸ਼ਿਆਰਪੁਰ, ਮੋਹਾਲੀ ਅਤੇ ਰੂਪਨਗਰ ਵਿਚ ਤੂਫ਼ਾਨ, ਮੀਂਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

