ਸੂਬੇ ਦੇ ਦੌਰੇ ‘ਤੇ ਆਈ 16ਵੇਂ ਵਿੱਤ ਕਮਿਸ਼ਨ ਦੀ ਟੀਮ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਰਫ਼ ਪਿਛਲੇ ਦੋ ਸਾਲਾਂ ਵਿੱਚ ਸੂਬੇ ਨੇ ਆਪਣੇ ਟੈਕਸ ਮਾਲੀਏ ਦੇ ਪ੍ਰਮੁੱਖ ਵਰਗਾਂ ਵਿੱਚ ਰਾਸ਼ਟਰੀ ਵਿਕਾਸ ਦਰ ਨੂੰ ਪਛਾੜਦੇ ਹੋਏ ਪ੍ਰਭਾਵਸ਼ਾਲੀ ਵਾਧਾ ਦਰਜ਼ ਕੀਤਾ ਹੈ। ਸੀਐੱਮ ਮਾਨ ਨੇ ਕਿਹਾ ਕਿ ਜੀਐੱਸਟੀ ਮਾਲੀਆ 33 ਫੀਸਦੀ ਵਧਿਆ ਅਤੇ ਇਕੱਲੇ ਆਬਕਾਰੀ ਵਿੱਚ 50 ਫੀਸਦੀ ਤੋਂ ਵੱਧ ਦਾ ਇਜ਼ਾਫਾ ਹੋਇਆ ਹੈ। ਇਹ ਮਜ਼ਬੂਤ ਪ੍ਰਸ਼ਾਸਨ ਅਤੇ ਇਮਾਨਦਾਰ ਸ਼ਾਸਨ ਨਾਲ ਸੰਭਵ ਹੋਇਆ ਹੈ ਜੋ ਕਿ ਸੂਬਾ ਸਰਕਾਰ ਨੇ ਪਹਿਲੇ ਦਿਨ ਤੋਂ ਪ੍ਰਦਾਨ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਖ-ਵੱਖ ਖਰਚਿਆਂ ਦੀ ਵੀ ਸਮੀਖਿਆ ਕਰ ਰਹੀ ਹੈ ਅਤੇ ਗੈਰ-ਉਤਪਾਦਕ ਖਰਚਿਆਂ ਨੂੰ ਤਰਕਸੰਗਤ ਬਣਾਉਣ ‘ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੌਰ ਊਰਜਾ ਰਾਹੀਂ ਅਸੀਂ ਲੰਬੇ ਸਮੇਂ ਲਈ ਬਿਜਲੀ ਸਬਸਿਡੀ ਨੂੰ ਤਰਕਸੰਗਤ ਬਣਾਉਣ ਅਤੇ ਸਾਡੇ ਬਿਜਲੀ ਢਾਂਚੇ ਦੀ ਭਰੋਸੇਯੋਗਤਾ ਨੂੰ ਬਿਹਤਰ ਬਣਾਉਣ ਦਾ ਇਰਾਦਾ ਰੱਖਦੇ ਹਾਂ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਸਮੱਸਿਆਵਾਂ ਨਵੀਆਂ ਨਹੀਂ ਹਨ ਅਤੇ ਇਹ ਸਾਨੂੰ ਵਿਰਸੇ ਵਿੱਚ ਮਿਲੀਆਂ ਹਨ। ਮਾਰਚ, 2017 ਵਿੱਚ ਲਿਆ ਗਿਆ ਸੀ.ਸੀ.ਐਲ. ਦਾ 30,584 ਕਰੋੜ ਰੁਪਏ ਦਾ ਕਰਜ਼ਾ ਹੋਵੇ ਜਾਂ 2021 ਦੀਆਂ ਚੋਣਾਂ ਤੋਂ ਠੀਕ ਪਹਿਲਾਂ ਦਿੱਤੀਆਂ ਗਈਆਂ ਵੱਡੀਆਂ-ਵੱਡੀਆਂ ਗੈਰ-ਨਿਸ਼ਾਨਾਬੱਧ ਸਬਸਿਡੀਆਂ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਦਮਾਂ ਦੇ ਮਾੜੇ ਨਤੀਜੇ ਅੱਜ ਵੀ ਮਹਿਸੂਸ ਕੀਤੇ ਜਾ ਰਹੇ ਹਨ ਕਿਉਂਕਿ ਅਸੀਂ ਵਿਰਸੇ ਵਿੱਚ ਮਿਲੀਆਂ ਇਨ੍ਹਾਂ ਚੁਣੌਤੀਆਂ ਦੇ ਵਿਚਕਾਰ ਵਿੱਤੀ ਮਜ਼ਬੂਤੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਵਿੱਤ ਕਮਿਸ਼ਨ ਨੂੰ ਸੂਬੇ ਦੀ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ ਵੱਡੇ ਪੱਧਰ ‘ਤੇ ਫੰਡ ਅਲਾਟ ਕਰਨ ਦੀ ਅਪੀਲ ਕੀਤੀ ਤਾਂ ਜੋ ਕੌਮੀ ਫ਼ਰਜ਼ ਨੂੰ ਕੁਸ਼ਲਤਾ ਨਾਲ ਨਿਭਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਮੁਸੀਬਤਾਂ ਦਾ ਸਾਹਮਣਾ ਕਰਦਿਆਂ ਪੰਜਾਬ ਹਮੇਸ਼ਾ ਪਹਿਲਾਂ ਨਾਲੋਂ ਮਜ਼ਬੂਤ ਹੋ ਕੇ ਉੱਭਰਿਆ ਹੈ ਅਤੇ ਅਸੀਂ ਇਸ ਸ਼ਾਨਦਾਰ ਪਰੰਪਰਾ ਨੂੰ ਜਾਰੀ ਰੱਖਾਂਗੇ। ਕਮਿਸ਼ਨ ਦੇ ਸਹਿਯੋਗ ਅਤੇ ਮਾਰਗ ਦਰਸ਼ਨ ਨਾਲ ਸੂਬਾ ਸਰਕਾਰ ਪੰਜਾਬ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਅਤੇ ਸਮਰੱਥ ਬਣਾਏਗੀ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।