ਅੰਮ੍ਰਿਤਸਰ – ਨਾਰਕੋ-ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ, ਪੰਜਾਬ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਯੂਨਿਟ ਵੱਲੋਂ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਕਾਰਵਾਈ ਦੌਰਾਨ ਪੁਲਸ ਨੇ 64.62 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਪਿੰਡ ਮਾਹਲ ਦੇ ਨਜ਼ਦੀਕ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਅਤੇ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ। ਇਹ ਨੈੱਟਵਰਕ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜਿਆ ਹੋਇਆ ਸੀ। ਇਸ ਸਬੰਧੀ ਪੁਲਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿੱਚ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨ ਲਈ ਗਹਿਰਾਈ ਨਾਲ ਜਾਂਚ ਜਾਰੀ ਹੈ।

