*ਆਪ ਸਰਕਾਰ ਨੇ ਸੂਬੇ ਦੇ ਖੇਤਾਂ ਤੱਕ 21,000 ਕਿਊਸਿਕ ਪਾਣੀ ਪਹੁੰਚਾਇਆ ਹੈ ਜੋ ਦੋ ਭਾਖੜਾ ਨਹਿਰਾਂ ਦੇ ਬਰਾਬਰ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਸਰਕਾਰ ਦੇ ਅਣਥੱਕ ਯਤਨਾਂ ਸਦਕਾ, 21 ਲੱਖ ਕਿਊਬਿਕ ਮੀਟਰ ਭੂਮੀਗਤ ਪਾਣੀ ਰੀਚਾਰਜ ਹੋਇਆ ਹੈ ਅਤੇ ਪਾਣੀ ਦੇ ਪੱਧਰ ਵਿੱਚ 2 ਤੋਂ 4 ਮੀਟਰ ਵਾਧਾ ਹੋਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਪੰਜਾਬ ਵਿੱਚ ਸ਼ਾਨਦਾਰ ਸਰਕਾਰੀ ਸਕੂਲ, ਹਸਪਤਾਲ ਅਤੇ ਸੜਕਾਂ ਬਣਾਈਆਂ ਜਾ ਰਹੀਆਂ ਹਨ; ‘ਰੰਗਲੇ ਪੰਜਾਬ’ ਦੇ ਰੰਗ ਦਿਖਣੇ ਸ਼ੁਰੂ ਹੋ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਪਿੰਡ ਸੀਚੇਵਾਲ ਵਿਖੇ ਸੰਤ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਮੌਕੇ ਕਰਵਾਏ ਸਮਾਗਮ ਵਿੱਚ ਕੀਤੀ ਸ਼ਿਰਕਤ*
ਸੀਚੇਵਾਲ (ਜਲੰਧਰ); 28 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਸਬੰਧੀ ਕਰਵਾਏ ਸਮਾਗਮ ਦੌਰਾਨ ਪਿੰਡ ਸੀਚੇਵਾਲ ਵਿਖੇ ਮੱਥਾ ਟੇਕਿਆ। ਇਸ ਮੌਕੇ ਇਕ ਪ੍ਰਗਤੀਸ਼ੀਲ ਅਤੇ ਸਵੈ-ਨਿਰਭਰ ਪੰਜਾਬ ਦਾ ਸੁਪਨਾ ਦੇਖਦਿਆਂ ਭਗਵੰਤ ਸਿੰਘ ਮਾਨ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਇੱਕ ਨਵੇਂ ਐਸਟ੍ਰੋਟਰਫ ਦਾ ਉਦਘਾਟਨ ਕੀਤਾ।
ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਖੇਡ ਬੁਨਿਆਦੀ ਢਾਂਚੇ, ਸਿੰਚਾਈ, ਭੂਮੀਗਤ ਪਾਣੀ ਰੀਚਾਰਜ ਅਤੇ ਲੋਕ ਭਲਾਈ ਸਬੰਧੀ ਕੀਤੇ ਉਪਰਾਲਿਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਖੇਤਾਂ ਤੱਕ 21,000 ਕਿਊਸਿਕ ਪਾਣੀ ਪਹੁੰਚਾਇਆ ਹੈ, ਜੋ ਦੋ ਭਾਖੜਾ ਨਹਿਰਾਂ ਦੇ ਬਰਾਬਰ ਹੈ। ਵਾਤਾਵਰਣ ਪੱਖੀ ਉਪਰਾਲਿਆਂ ਸਦਕਾ 21 ਲੱਖ ਕਿਊਬਿਕ ਮੀਟਰ ਪਾਣੀ ਧਰਤੀ ਹੇਠ ਰੀਚਾਰਜ ਕਰਨ ਵਿੱਚ ਮਦਦ ਮਿਲੀ ਹੈ ਜਿਸ ਨਾਲ ਕਈ ਖੇਤਰਾਂ ਵਿੱਚ ਪਾਣੀ ਦੇ ਪੱਧਰ ਵਿੱਚ 2 ਤੋਂ 4 ਮੀਟਰ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਸ਼ਵ ਪੱਧਰੀ ਸਰਕਾਰੀ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਖੇਡ ਸਹੂਲਤਾਂ ਰਾਹੀਂ ਤੇਜ਼ੀ ਨਾਲ ਪ੍ਰਗਤੀ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇੱਕ ਜੀਵੰਤ “ਰੰਗਲੇ ਪੰਜਾਬ” ਦੇ ਰੰਗ ਹੁਣ ਸੂਬੇ ਭਰ ਵਿੱਚ ਦਿਖਣੇ ਸ਼ੁਰੂ ਹੋ ਗਏ ਹਨ।
ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ ਅਤੇ ਇੱਥੇ ਨਫ਼ਰਤ ਅਤੇ ਵੈਰ ਤੋਂ ਇਲਾਵਾ ਸਭ ਕੁਝ ਉੱਗ ਸਕਦਾ ਹੈ। ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ। ਲੋਕਾਂ ਦਰਮਿਆਨ ਸਮਾਜਿਕ ਤੰਦਾਂ ਪਹਿਲਾਂ ਹੀ ਬਹੁਤ ਮਜ਼ਬੂਤ ਹਨ ਅਤੇ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ।”
ਉਨ੍ਹਾਂ ਕਿਹਾ, “ਇਹ ਸਹੀ ਸਮਾਂ ਹੈ ਕਿ ਪੰਜਾਬੀ ਇਕਜੁੱਟ ਹੋ ਕੇ ਫੁੱਟ ਪਾਊ ਤਾਕਤਾਂ ਨੂੰ ਢੁਕਵਾਂ ਜਵਾਬ ਦੇਣ ਜੋ ਸੂਬੇ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਢਾਹ ਲਾਉਣਾ ਚਾਹੁੰਦੀਆਂ ਹਨ। ਜੋ ਲੋਕ ਭਾਈਚਾਰਕ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਪੰਜਾਬ ਦੇ ਦੁਸ਼ਮਣ ਹਨ ਕਿਉਂਕਿ ਉਹ ਸੂਬੇ ਨੂੰ ਮੁੜ ਹਨੇਰੇ ਵਿੱਚ ਧੱਕਣਾ ਚਾਹੁੰਦੇ ਹਨ। ਇਹ ਤਾਕਤਾਂ ਫਿਰਕੂ ਝਗੜਾ ਪੈਦਾ ਕਰਕੇ ਸੱਤਾ ਹਾਸਲ ਕਰਨਾ ਚਾਹੁੰਦੀਆਂ ਹਨ ਪਰ ਉਹਨਾਂ ਦੀਆਂ ਸੌੜੀਆਂ ਚਾਲਾਂ ਸਫਲ ਨਹੀਂ ਹੋਣਗੀਆਂ ਕਿਉਂਕਿ ਪੰਜਾਬ ਦੇ ਲੋਕ ਹਰ ਮੌਕੇ ਇਕਜੁੱਟ ਹੋ ਕੇ ਰਹਿੰਦੇ ਹਨ।”
ਲੋਕਾਂ ਨੂੰ ਇਕਜੁੱਟ ਰਹਿਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਕੁਝ ਰਾਜਨੀਤਿਕ ਪਾਰਟੀਆਂ ਧਰਮ ਦੇ ਨਾਮ ‘ਤੇ ਲੋਕਾਂ ਵਿੱਚ ਫਿੱਕ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਦੀ ਰਾਜਨੀਤੀ ਭਾਈਚਾਰਿਆਂ ਵਿੱਚ ਵੰਡੀਆਂ ਪਾਉਣ ਅਤੇ ਫਿਰ ਵੋਟਾਂ ਲਈ ਦੋਵਾਂ ਧਿਰਾਂ ਨੂੰ ਡਰਾਉਣ ‘ਤੇ ਕੇਂਦਰਤ ਹੈ। ਲੋਕਾਂ ਨੂੰ ਅਜਿਹੀ ਰਾਜਨੀਤੀ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਇਹ ਲੋਕ ਜਾਤ ਅਤੇ ਧਰਮ ਦੇ ਆਧਾਰ ‘ਤੇ ਸਮਾਜ ਨੂੰ ਵੰਡ ਕੇ ਨਫ਼ਰਤ ਫੈਲਾਉਂਦੇ ਹਨ ਪਰ ‘ਆਪ’ ਅਜਿਹੀ ਰਾਜਨੀਤੀ ਵਿੱਚ ਵਿਸ਼ਵਾਸ ਨਹੀਂ ਰੱਖਦੀ।”
ਗੁਰਬਾਣੀ ਦੀ ਤੁੱਕ “ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ” ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, “ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਤਾ ਦਾ ਦਰਜਾ ਦਿੱਤਾ ਸੀ। ਗੁਰੂ ਸਾਹਿਬ ਨੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਕੁਦਰਤ ਦਾ ਸਤਿਕਾਰ ਕਰਨ ਦੀ ਸਿੱਖਿਆ ਦਿੱਤੀ ਸੀ, ਪਰ ਬਦਕਿਸਮਤੀ ਨਾਲ ਮਨੁੱਖ ਕੁਦਰਤ ਨੂੰ ਸੁਰੱਖਿਅਤ ਰੱਖਣ ਵਿੱਚ ਅਸਫਲ ਰਿਹਾ ਹੈ। ਹੁਣ ਸਮਾਂ ਆ ਗਿਆ ਹੈ ਕਿ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਇਆ ਜਾਵੇ ਅਤੇ ਵਾਤਾਵਰਣ ਨੂੰ ਬਚਾਉਣ ਦਾ ਸੰਕਲਪ ਲੈ ਕੇ ਪੰਜਾਬ ਦੀ ਸ਼ਾਨ ਨੂੰ ਬਹਾਲ ਕੀਤਾ ਜਾਵੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਮੈਂ ਹਮੇਸ਼ਾ ਧਾਰਮਿਕ ਅਤੇ ਅਧਿਆਤਮਿਕ ਆਗੂਆਂ ਨੂੰ ਮਿਲਣ ਲਈ ਉਤਸੁਕ ਰਹਿੰਦਾ ਹਾਂ ਕਿਉਂਕਿ ਉਨ੍ਹਾਂ ਦਾ ਕੰਮ ਕਦੇ ਵੀ ਦੁਨਿਆਵੀ ਜਾਂ ਸਰਕਾਰੀ ਅਹੁਦਿਆਂ ਨਾਲ ਸਬੰਧਤ ਨਹੀਂ ਹੁੰਦਾ। ਉਹ ਧਾਰਮਿਕ ਸਥਾਨਾਂ ਨੂੰ ਜਾਣ ਵਾਲੀਆਂ ਸੜਕਾਂ ਬਣਾਉਣ, ਸੰਗਤ ਲਈ ਸ਼ੈੱਡ ਬਣਾਉਣ, ਸ਼ਰਧਾਲੂਆਂ ਲਈ ਲੰਗਰ ਦਾ ਪ੍ਰਬੰਧ ਕਰਨ, ਨਹਿਰਾਂ ਅਤੇ ਪਾਣੀ ਦੀਆਂ ਨਾਲੀਆਂ ਦੀ ਸਫਾਈ ਕਰਨ, ਵਾਤਾਵਰਣ ਦੀ ਰੱਖਿਆ ਕਰਨ ਅਤੇ ਮਨੁੱਖਤਾ ਦੀ ਨਿਰਸਵਾਰਥ ਸੇਵਾ ਕਰਨ ਬਾਰੇ ਗੱਲ ਕਰਦੇ ਹਨ। ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਉੱਘੇ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਜੀ ਸੀਚੇਵਾਲ, ‘ਸੀਚੇਵਾਲ ਮਾਡਲ’ ਰਾਹੀਂ ਵੱਡਮੁੱਲਾ ਯੋਗਦਾਨ ਪਾ ਰਹੇ ਹਨ।”
ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “38 ਸਾਲ ਪਹਿਲਾਂ, ਇਹ ਜਗ੍ਹਾ ਰੇਤ ਦੇ ਟਿੱਬਿਆਂ ਨਾਲ ਢੱਕੀ ਹੋਈ ਸੀ ਜਿੱਥੇ ਮੂੰਗਫਲੀ ਅਤੇ ਛੋਟੀਆਂ ਫਸਲਾਂ ਉੱਗਦੀਆਂ ਸਨ। ਬਾਬਾ ਜੀ ਦੇ ਯਤਨਾਂ ਸਦਕਾ, ਇਹ ਜਗ੍ਹਾ ਹੁਣ ਇੱਕ ਹਰੇ ਭਰੇ ਵਾਤਾਵਰਣ ਵਿੱਚ ਬਦਲ ਗਈ ਹੈ। ਜਿੱਥੇ ਹਜ਼ਾਰਾਂ ਰੁੱਖ ਅਤੇ ਸੈਂਕੜੇ ਕਿਸਮਾਂ ਦੇ ਪੌਦੇ ਲਗਾਏ ਗਏ ਹਨ। ਇਹ ਰੁੱਖ ਪੂਰੇ ਫਲ ਅਤੇ ਛਾਂ ਪ੍ਰਦਾਨ ਕਰਦੇ ਹਨ ਅਤੇ ਲੋਕ ਨਰਸਰੀ ਤੋਂ ਬੂਟੇ ਲੈਣ ਲਈ ਇੱਥੇ ਆਉਂਦੇ ਹਨ।”
ਉਨ੍ਹਾਂ ਕਿਹਾ, “ਕੁਦਰਤ ਦੇ ਸੰਤੁਲਨ ਨੂੰ ਬਰਕਰਾਰ ਰੱਖਣ ਲਈ ਸਿਰਫ਼ ਕੁਝ ਸਮਰਪਿਤ ਰੂਹਾਂ ਹੀ ਯਤਨਸ਼ੀਲ ਹਨ ਅਤੇ ਪੰਜਾਬ ਖੁਸ਼ਕਿਸਮਤ ਹੈ ਕਿ ਸੰਤ ਬਾਬਾ ਬਲਬੀਰ ਸਿੰਘ ਜੀ ਉਨ੍ਹਾਂ ਵਿੱਚੋਂ ਇੱਕ ਹਨ। ਜਦੋਂ ਵੀ ਬਾਬਾ ਜੀ ਸੰਸਦ ਵਿੱਚ ਬੋਲਦੇ ਹਨ, ਕੋਈ ਵੀ ਉਨ੍ਹਾਂ ਨੂੰ ਨਹੀਂ ਰੋਕਦਾ ਕਿਉਂਕਿ ਹਰ ਕੋਈ ਜਾਣਦਾ ਹੈ ਕਿ ਉਹ ਹਮੇਸ਼ਾ ਸਮਾਜ, ਵਾਤਾਵਰਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਬੋਲਦੇ ਹਨ। ਬਹੁਤ ਘੱਟ ਲੋਕਾਂ ਨੂੰ ਅਜਿਹੀ ਵੱਡਮੁੱਲੀ ਸੇਵਾ ਕਰਨ ਦਾ ਮੌਕਾ ਮਿਲਦਾ ਹੈ ਅਤੇ ਬਾਬਾ ਜੀ ਨੇ ਹਮੇਸ਼ਾ ਮਨੁੱਖਤਾ, ਇਮਾਨਦਾਰੀ ਨਾਲ ਜੀਵਨ ਬਿਤਾਉਣ, ਮਿਲਜੁੱਲ ਕੇ ਰਹਿਣ ਅਤੇ ਨੇਕੀ ਦਾ ਸੰਦੇਸ਼ ਫੈਲਾਇਆ ਹੈ।”
ਮੁੱਖ ਮੰਤਰੀ ਨੇ ਕਿਹਾ, “ਹਾਲ ਹੀ ਦੇ ਸਾਲਾਂ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਤ ਬਹੁਤ ਸਾਰੀਆਂ ਘਟਨਾਵਾਂ ਵਾਪਰੀਆਂ। ਹਰ ਕੁਝ ਦਿਨਾਂ ਬਾਅਦ ਸੜਕਾਂ ‘ਤੇ, ਕੂੜੇ ਦੇ ਢੇਰਾਂ ਵਿੱਚ ਜਾਂ ਅਪਮਾਨਜਨਕ ਸਥਿਤੀਆਂ ਵਿੱਚ ਫਟੇ ਜਾਂ ਸੜੇ ਹੋਏ ਅੰਗਾਂ ਬਾਰੇ ਦਿਲ ਦਹਿਲਾ ਦੇਣ ਵਾਲੀਆਂ ਖ਼ਬਰਾਂ ਸਾਹਮਣੇ ਆਈਆਂ। ਇਹ ਬੇਹੱਦ ਦੁਖਦਾਈ ਸੀ, ਪਰ ਦੁੱਖ ਹੋਰ ਵੀ ਡੂੰਘਾ ਹੋ ਗਿਆ ਜਦੋਂ ਦੋਸ਼ੀਆਂ ਨੂੰ ਕੋਈ ਠੋਸ ਕਾਨੂੰਨ ਨਾ ਹੋਣ ਅਤੇ ਖਾਮੀਆਂ ਕਾਰਨ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ।”
ਉਨ੍ਹਾਂ ਅੱਗੇ ਕਿਹਾ, “ਇਸ ਮਾਮਲੇ ‘ਤੇ ਸਮੁੱਚੇ ਸੰਤ ਸਮਾਜ ਨਾਲ ਸਲਾਹ-ਮਸ਼ਵਰਾ ਕਰਨ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਮੀਟਿੰਗਾਂ ਕਰਨ ਅਤੇ ਵਕੀਲਾਂ ਤੇ ਸੇਵਾਮੁਕਤ ਜੱਜਾਂ ਨਾਲ ਚਰਚਾ ਕਰਨ ਤੋਂ ਬਾਅਦ ਸੂਬਾ ਸਰਕਾਰ ਨੇ ਬਿਨਾਂ ਕਿਸੇ ਢਿੱਲ-ਮੱਠ ਦੇ ‘ਬੇਅਦਬੀ’ ਵਿਰੁੱਧ ਇੱਕ ਸਖ਼ਤ ਕਾਨੂੰਨ ਬਣਾਇਆ। ਵਾਹਿਗੁਰੂ ਨੇ ਮੈਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦਾ ਬਲ ਬਖਸ਼ਿਆ, ਜਿਸ ਵਿੱਚ ‘ਬੇਅਦਬੀ’ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਸ ਕਾਨੂੰਨ ਤਹਿਤ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਦਸ ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਕੈਦ ਦੇ ਨਾਲ-ਨਾਲ 50 ਲੱਖ ਰੁਪਏ ਦਾ ਜੁਰਮਾਨਾ ਵੀ ਹੋ ਸਕਦਾ ਹੈ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਜੇ ਮੁਲਜ਼ਮ ਜੁਰਮਾਨਾ ਨਹੀਂ ਭਰ ਸਕਦਾ, ਤਾਂ ਉਨ੍ਹਾਂ ਦੀ ਜਾਇਦਾਦ ਜ਼ਬਤ ਕੀਤੀ ਜਾ ਸਕਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਗੁਰੂ ਸਾਹਿਬ ਦਾ ਨਿਰਾਦਰ ਕਰਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਨਤੀਜਿਆਂ ਨੂੰ ਯਾਦ ਰੱਖਣ। ਇਹ ਕਾਨੂੰਨ ਇੱਕ ਰੋਕਥਾਮ ਵਜੋਂ ਕੰਮ ਕਰੇਗਾ ਅਤੇ ਭਵਿੱਖ ਵਿੱਚ ਕੋਈ ਵੀ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਦਾ ਦਰਜਾ ਰੱਖਦੇ ਹਨ ਅਤੇ ਇਸ ਦੀ ਪਵਿੱਤਰਤਾ ਯਕੀਨੀ ਬਣਾਉਣਾ ਸਾਡਾ ਫ਼ਰਜ਼ ਹੈ ਕਿਉਂਕਿ ਜੇ ਪੰਜਾਬ ਸਰਕਾਰ ਅਜਿਹਾ ਨਹੀਂ ਕਰ ਸਕਦੀ ਤਾਂ ਕੋਈ ਹੋਰ ਵੀ ਨਹੀਂ ਕਰੇਗਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਦੇ ਅਨੁਸਾਰ ਸੂਬਾ ਸਰਕਾਰ ਸਿੱਖਿਆ ਅਤੇ ਸਿਹਤ ਸੰਭਾਲ ਰਾਹੀਂ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਨੇ ਸਕੂਲਾਂ ਨੂੰ ਅਪਗ੍ਰੇਡ ਕੀਤਾ ਹੈ, ਸਕੂਲ ਆਫ਼ ਐਮੀਨੈਂਸ ਖੋਲ੍ਹੇ ਹਨ, ਕਾਲਜ ਬਣਾਏ ਹਨ ਅਤੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਹੈ ਤਾਂ ਜੋ ਸਾਡੇ ਬੱਚਿਆਂ ਨੂੰ ਵਿਸ਼ਵ ਪੱਧਰੀ ਮੁਕਾਬਲੇ ਅਨੁਸਾਰ ਤਿਆਰ ਕੀਤਾ ਜਾ ਸਕੇ। ਇਸੇ ਤਰ੍ਹਾਂ ਸੂਬੇ ਭਰ ਦੇ ਹਸਪਤਾਲਾਂ ਨੂੰ ਲਗਪਗ 1,000 ਆਮ ਆਦਮੀ ਕਲੀਨਿਕਾਂ ਵਿੱਚ ਅਪਗ੍ਰੇਡ ਕੀਤਾ ਗਿਆ ਹੈ, ਜਿੱਥੇ ਕਰੋੜਾਂ ਮਰੀਜ਼ਾਂ ਨੇ ਇਲਾਜ ਅਤੇ ਮੁਫ਼ਤ ਦਵਾਈਆਂ ਪ੍ਰਾਪਤ ਕੀਤੀਆਂ ਹਨ।”
ਮੁੱਖ ਮੰਤਰੀ ਨੇ ਦੱਸਿਆ, “ਸੂਬਾ ਸਰਕਾਰ ਬੁੱਢਾ ਦਰਿਆ ਨੂੰ ਸੁਰਜੀਤ ਕਰਨ ਅਤੇ ਉੱਥੇ ਸਾਫ਼ ਪਾਣੀ ਦੇ ਪ੍ਰਵਾਹ ਨੂੰ ਬਹਾਲ ਕਰਨ ਲਈ ਵੀ ਕੰਮ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਵੱਡੇ ਪੱਧਰ ‘ਤੇ ਲਾਭ ਪਹੁੰਚਾਇਆ ਜਾ ਸਕੇ। ਪੰਜਾਬ ਨੇ ਇਸ ਸਾਲ ਇੱਕ ਸੁਧਰੀ ਸਿੰਚਾਈ ਪ੍ਰਣਾਲੀ ਰਾਹੀਂ 96 ਫ਼ੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ, ਜਿਸ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋਇਆ, ਇਸ ਤੋਂ ਪਹਿਲਾਂ ਇਹ ਪਾਣੀ ਬਰਬਾਦ ਹੁੰਦਾ ਸੀ। ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 14,000 ਕਿਲੋਮੀਟਰ ਪਾਈਪਾਂ ਵਿਛਾਉਣ ਦੇ ਨਾਲ-ਨਾਲ ਖਾਲੇ ਸੁਰਜੀਤ ਕੀਤੇ ਹਨ ਤਾਂ ਜੋ ਸੂਬੇ ਦੇ ਹਰ ਕੋਨੇ ਤੱਕ ਪਾਣੀ ਪਹੁੰਚਾ ਕੇ ਕਿਸਾਨਾਂ ਦੀ ਮਦਦ ਕੀਤੀ ਜਾ ਸਕੇ।”
ਉਨ੍ਹਾਂ ਕਿਹਾ, “ਇਨ੍ਹਾਂ ਪਾਈਪਲਾਈਨਾਂ ਅਤੇ ਰਜਵਾਹਿਆਂ ਰਾਹੀਂ ਸਿੰਚਾਈ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਕੁੱਲ 21,000 ਕਿਊਸਿਕ ਪਾਣੀ ਛੱਡਿਆ ਗਿਆ ਹੈ। ਪਾਣੀ ਦੀ ਇਹ ਮਾਤਰਾ ਦੋ ਭਾਖੜਾ ਨਹਿਰਾਂ ਨਾਲੋਂ ਵੱਧ ਹੈ ਅਤੇ ਕਿਸਾਨਾਂ ਨੂੰ ਇਸ ਦਾ ਬਹੁਤ ਲਾਭ ਹੋਇਆ ਹੈ। ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਵੀ ਬਣਾਏ ਗਏ ਹਨ, ਜਿਸ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਵਧ ਗਿਆ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਹ ਫ਼ੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਲਈ ਲਿਆ ਗਿਆ ਹੈ ਕਿਉਂਕਿ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਪਾਣੀ ਤੋਂ ਬਿਨਾਂ ਪੰਜਾਬ ਦਾ ਕੋਈ ਵਜੂਦ ਨਹੀਂ ਹੈ। ਦਹਾਕਿਆਂ ਬਾਅਦ ਬਹੁਤ ਸਾਰੇ ਲੋਕਾਂ ਨੇ ਨਹਿਰੀ ਪਾਣੀ ਨੂੰ ਦੁਬਾਰਾ ਵਗਦੇ ਦੇਖਿਆ। ਨਹਿਰੀ ਪਾਣੀ ਨਾ ਸਿਰਫ਼ ਧਰਤੀ ਹੇਠਲੇ ਪਾਣੀ ਨੂੰ ਬਚਾਉਂਦਾ ਹੈ ਬਲਕਿ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵੀ ਵਧਾਉਂਦਾ ਹੈ। ਸੂਬਾ ਸਰਕਾਰ ਨੇ ਨਹਿਰੀ ਸਿੰਚਾਈ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਕਿਸਾਨਾਂ ਨੂੰ ਭਰਪੂਰ ਲਾਭ ਹੋਇਆ ਹੈ।”
ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਹਰੇਕ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਅਤੇ ਅਨੁਸੂਚਿਤ ਜਾਤੀ ਭਾਈਚਾਰਿਆਂ ਨਾਲ ਸਬੰਧਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਮਿਲਣਗੇ। ਇਹ ਰਕਮ ਸਿੱਧੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਯੋਜਨਾ ਦਾ ਲਾਭ ਲੈਣ ਯੋਗ ਹੋਣਗੀਆਂ। ਪੰਜਾਬ ਵਿੱਚ ਲਗਪਗ 97 ਫ਼ੀਸਦ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ 9,300 ਕਰੋੜ ਰੁਪਏ ਅਲਾਟ ਕੀਤੇ ਹਨ।”
ਔਰਤਾਂ ਨੂੰ ਇਸ ਯੋਜਨਾ ਲਈ ਅਰਜ਼ੀ ਦੇਣ ਦੀ ਅਪੀਲ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਇਹ ਸਹਾਇਤਾ ਔਰਤਾਂ ਨੂੰ ਵਿੱਤੀ ਆਜ਼ਾਦੀ ਦੇ ਨਾਲ-ਨਾਲ ਸਵੈ-ਮਾਣ ਦਾ ਮੌਕਾ ਵੀ ਦੇਵੇਗੀ। ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ। ਮਾਵਾਂ ਅਤੇ ਭੈਣਾਂ ਦਾ ਆਸ਼ੀਰਵਾਦ ਦੁਨੀਆ ਦੀ ਹਰ ਚੁਣੌਤੀ ਨੂੰ ਦੂਰ ਕਰਨ ਵਿੱਚ ਮਦਦ ਕਰ ਸਕਦਾ ਹੈ। ਘਰ ਵਿੱਚ ਉਨ੍ਹਾਂ ਦੀ ਸਥਿਤੀ ਨੂੰ ਹੋਰ ਬਿਹਤਰ ਬਣਾਉਣ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਲਈ ਔਰਤਾਂ ਦੀ ਵਿੱਤੀ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਲਾਜ਼ਮੀ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਇਸ ਯੋਜਨਾ ਤਹਿਤ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ ਅਤੇ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ। ਇਸ ਯੋਜਨਾ ਤਹਿਤ ਲਗਪਗ 1.65 ਲੱਖ ਲੋਕ ਪਹਿਲਾਂ ਹੀ ਮੁਫ਼ਤ ਇਲਾਜ ਕਰਵਾ ਚੁੱਕੇ ਹਨ ਅਤੇ ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਸਥਾਨਕ ਪਿੰਡਾਂ ਦੇ ਨੁਮਾਇੰਦਿਆਂ ਨੇ ਵੀ ਖੇਡ ਮੈਦਾਨਾਂ ਅਤੇ ਸੜਕਾਂ ਲਈ ਮੰਗਾਂ ਪੇਸ਼ ਕੀਤੀਆਂ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਮੰਗਾਂ ਨੂੰ ਪੂਰਾ ਕਰੇਗੀ। ਕੌਮਾਂਤਰੀ ਪੱਧਰ ਦੇ ਹਾਕੀ ਮੈਦਾਨ ਵਿਕਸਤ ਕੀਤੇ ਜਾਣਗੇ ਕਿਉਂਕਿ ਹਾਕੀ ਪੰਜਾਬ ਦੀ ਪ੍ਰਸਿੱਧ ਖੇਡ ਹੈ। ਇਸ ਦੇ ਨਾਲ ਹੀ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਵੀ ਕੀਤੀ ਜਾਵੇਗੀ। ਸੂਬਾ ਸਰਕਾਰ ਪੰਜਾਬ ਦੀ ਭਲਾਈ ਅਤੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”
ਸੰਤ ਬਾਬਾ ਅਵਤਾਰ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਕਿਹਾ, “ਸੰਤ ਬਾਬਾ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਬੇਮਿਸਾਲ ਸੇਵਾਵਾਂ ਦਿੱਤੀਆਂ ਅਤੇ ਸਾਡੇ ਮਹਾਨ ਗੁਰੂਆਂ ਦੁਆਰਾ ਨਾ ਸਿਰਫ਼ ਪੰਜਾਬ ਵਿੱਚ ਸਗੋਂ ਦੇਸ਼ ਅਤੇ ਵਿਸ਼ਵ ਭਰ ਵਿੱਚ ਪਿਆਰ, ਦਇਆ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਫੈਲਾਇਆ। ਬਾਬਾ ਜੀ ਇੱਕ ਮਹਾਨ ਆਤਮਾ ਸਨ, ਜਿਨ੍ਹਾਂ ਨੇ ਲੋਕਾਂ ਨੂੰ ਅਧਿਆਤਮਿਕਤਾ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਕੇ ਮਨੁੱਖਤਾ ਨੂੰ ਦੁੱਖ ਅਤੇ ਪੀੜਾ ਤੋਂ ਮੁਕਤ ਕੀਤਾ। ਉਨ੍ਹਾਂ ਨੂੰ ਹਮੇਸ਼ਾ ਉਨ੍ਹਾਂ ਦੀ ਨਿਮਰਤਾ ਅਤੇ ਦਿਆਲਤਾ ਲਈ ਯਾਦ ਕੀਤਾ ਜਾਵੇਗਾ।”
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਮੈਨੂੰ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਮੌਕੇ ਪਿੰਡ ਸੀਚੇਵਾਲ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨਾਲ ਮੈਂ ‘ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ’ ਵਿਖੇ ਨਵੇਂ ਐਸਟ੍ਰੋਟਰਫ ਦਾ ਉਦਘਾਟਨ ਕੀਤਾ। ਮੈਂ ਸੰਤ ਜੀ ਦੁਆਰਾ ਵਾਤਾਵਰਣ ਸੰਭਾਲ ਲਈ ਕੀਤੀ ਜਾ ਰਹੀ ਨਿਰਸਵਾਰਥ ਸੇਵਾ ਨੂੰ ਤਹਿ ਦਿਲੋਂ ਨਮਨ ਕਰਦਾ ਹਾਂ। ‘ਆਪ’ ਸਰਕਾਰ ਪੰਜਾਬ ਦੇ ਸੂਬੇ ਦੇ ਲੋਕਾਂ ਲਈ ਇੱਕ ਸੁਰੱਖਿਅਤ ਅਤੇ ਖੁਸ਼ਹਾਲ ਜੀਵਨ ਯਕੀਨੀ ਬਣਾਉਣ ਅਤੇ ਇੱਕ ਜੀਵੰਤ ਤੇ ਖੁਸ਼ਹਾਲ ‘ਰੰਗਲਾ ਪੰਜਾਬ’ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

