ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ 10 ਅਤਿ-ਆਧੁਨਿਕ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿੱਚ ਬੈਠੇ ਇੱਕ ਤਸਕਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਸਰਹੱਦ ਪਾਰ ਤੋਂ ਭੇਜੇ ਗਏ ਹਥਿਆਰਾਂ ਨੂੰ ਇਹ ਲੋਕ ਅੱਗੇ ਅਪਰਾਧਿਕ ਗਿਰੋਹਾਂ ਤੱਕ ਪਹੁੰਚਾਉਂਦੇ ਸਨ।
ਪੁਲਿਸ ਨੂੰ ਸ਼ੱਕ ਹੈ ਕਿ ਇਸ ਨੈੱਟਵਰਕ ਦੇ ਤਾਰ ਅੰਤਰਰਾਸ਼ਟਰੀ ਪੱਧਰ ‘ਤੇ ਚੱਲ ਰਹੇ ਸੰਗਠਿਤ ਅਪਰਾਧ ਨਾਲ ਜੁੜੇ ਹੋ ਸਕਦੇ ਹਨ। ਹੁਣ ਪੁਲਿਸ ਪੂਰੇ ਨੈੱਟਵਰਕ ਦੀਆਂ ਕੜੀਆਂ ਜੋੜਨ ਵਿੱਚ ਲੱਗੀ ਹੋਈ ਹੈ।
ਇਸ ਮਾਮਲੇ ਵਿੱਚ ਥਾਣਾ ਛੇਹਰਟਾ ਅਤੇ ਥਾਣਾ ਮਕਬੂਲਪੁਰਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਜਾਂਚ ਦੌਰਾਨ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਹਥਿਆਰ ਕਿੱਥੋਂ ਆਏ, ਕਿਹੜੇ ਲੋਕਾਂ ਤੱਕ ਪਹੁੰਚਾਉਣੇ ਸਨ ਅਤੇ ਗਿਰੋਹ ਵਿੱਚ ਹੋਰ ਕੌਣ ਸ਼ਾਮਲ ਹੈ।
ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੇ ਆਧਾਰ ‘ਤੇ ਹੋਰ ਗ੍ਰਿਫ਼ਤਾਰੀਆਂ ਵੀ ਹੋ ਸਕਦੀਆਂ ਹਨ। ਵਿਦੇਸ਼ੀ ਤਸਕਰ ਅਤੇ ਉਸਦੇ ਸਥਾਨਕ ਸਾਥੀਆਂ ਦੀ ਪਛਾਣ ਲਈ ਕਾਰਵਾਈ ਜਾਰੀ ਹੈ।

