328 ਗਾਇਬ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਅੰਮ੍ਰਿਤਸਰ ਵਿਖੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਥਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦਾ ਦੌਰਾ ਕਰਕੇ ਜਾਂਚ ਨੂੰ ਹੋਰ ਅੱਗੇ ਵਧਾਇਆ। ਡੀਆਈਜੀ ਨਾਨਕ ਸਿੰਘ ਦੀ ਅਗਵਾਈ ਹੇਠ ਟੀਮ ਨੇ ਕਰੀਬ ਤਿੰਨ ਘੰਟੇ ਤੱਕ ਪਾਵਨ ਸਰੂਪਾਂ ਦੀ ਛਪਾਈ, ਸੰਭਾਲ, ਰਿਕਾਰਡ ਪ੍ਰਬੰਧਨ ਅਤੇ ਵੰਡ ਪ੍ਰਕਿਰਿਆ ਦਾ ਬਾਰੀਕੀ ਨਾਲ ਜਾਇਜ਼ਾ ਲਿਆ।
ਜਾਂਚ ਦੌਰਾਨ ਐਸਜੀਪੀਸੀ ਦੇ ਮੌਜੂਦਾ ਅਹੁਦੇਦਾਰਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ਗਈ। ਟੀਮ ਨੇ ਇਹ ਵੀ ਵੇਖਿਆ ਕਿ ਪਾਵਨ ਸਰੂਪਾਂ ਦੀ ਛਪਾਈ ਤੋਂ ਬਾਅਦ ਉਨ੍ਹਾਂ ਨੂੰ ਕਿਵੇਂ ਸੰਭਾਲਿਆ ਜਾਂਦਾ ਹੈ, ਸੰਗਤ ਨੂੰ ਕਿਸ ਪ੍ਰਕਿਰਿਆ ਤਹਿਤ ਸੌਂਪਿਆ ਜਾਂਦਾ ਹੈ ਅਤੇ ਭੇਟਾਂ ਅਤੇ ਰਿਕਾਰਡ ਦਾ ਪ੍ਰਬੰਧ ਕਿਵੇਂ ਕੀਤਾ ਜਾਂਦਾ ਹੈ।
ਡੀਆਈਜੀ ਨਾਨਕ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਤੋਂ ਪਹਿਲਾਂ ਹੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਉਸ ਵੇਲੇ ਦੇ ਅਤੇ ਮੌਜੂਦਾ ਅਧਿਕਾਰੀਆਂ ਤੋਂ ਵੀ ਰਸਮੀ ਅਤੇ ਗੈਰ-ਰਸਮੀ ਤੌਰ ‘ਤੇ ਜਾਣਕਾਰੀ ਇਕੱਠੀ ਕੀਤੀ ਗਈ ਹੈ। ਐਸਜੀਪੀਸੀ ਵੱਲੋਂ ਮੰਗੇ ਗਏ ਪੁਰਾਣੇ ਰਜਿਸਟਰ ਅਤੇ ਹੋਰ ਦਸਤਾਵੇਜ਼ ਐਸਆਈਟੀ ਨੂੰ ਮੁਹੱਈਆ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੇ ਆਧਾਰ ‘ਤੇ ਜਾਂਚ ਅੱਗੇ ਵਧ ਰਹੀ ਹੈ।
ਉਨ੍ਹਾਂ ਕਿਹਾ ਕਿ 328 ਪਾਵਨ ਸਰੂਪਾਂ ਨਾਲ ਸੰਬੰਧਿਤ ਮਾਮਲੇ ਦੀ ਜਾਂਚ ਹੁਣ ਅੰਤਿਮ ਪੜਾਅ ਵੱਲ ਵੱਧ ਰਹੀ ਹੈ ਅਤੇ ਐਸਆਈਟੀ ਜਲਦ ਹੀ ਇਸ ਪੂਰੇ ਮਾਮਲੇ ਨੂੰ ਠੋਸ ਅਤੇ ਤਰਕਸੰਗਤ ਨਤੀਜੇ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।

