Become a member

Get the best offers and updates relating to Liberty Case News.

― Advertisement ―

spot_img
spot_img
HomeBig Newsਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦੇਗੀ ਪੰਜਾਬ ਸਰਕਾਰ : ਲਾਲ ਚੰਦ ਕਟਾਰੂਚੱਕ

ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦੇਗੀ ਪੰਜਾਬ ਸਰਕਾਰ : ਲਾਲ ਚੰਦ ਕਟਾਰੂਚੱਕ

-ਖ਼ੁਰਾਕ ਮੰਤਰੀ ਨੇ ਤਰਨ ਤਾਰਨ ਦਾਣਾ ਮੰਡੀ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

-ਕਿਹਾ, ਸੂਬੇ ਵਿੱਚ ਝੋਨੇ ਦੀ ਖ਼ਰੀਦ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਜਾਰੀ

-ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਸਿੱਧੇ ਬੈਂਕ ਖਾਤਿਆਂ ਵਿੱਚ ਕੀਤਾ ਜਾ ਰਿਹੈ ਭੁਗਤਾਨ

-ਝੋਨੇ ਦੀ ਖ਼ਰੀਦ ਲਈ ਪੰਜਾਬ ਨੂੰ 42786 ਕਰੋੜ ਰੁਪਏ ਦੀ ਮਿਲੀ ਸੀ.ਸੀ.ਐੱਲ

-ਕੇਂਦਰੀ ਪੂਲ ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ

-ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਕੀਤੀ ਅਪੀਲ

ਚੰਡੀਗੜ੍ਹ/ਤਰਨ ਤਾਰਨ, ਅਕਤੂਬਰ 3: ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਤਰਨ ਤਾਰਨ ਦਾਣਾ ਮੰਡੀ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਦਾਣਾ-ਦਾਣਾ ਖਰੀਦੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਉਨ੍ਹਾਂ ਨੇ ਪਿੰਡ ਕਰਮੂਵਾਲਾ ਦੇ ਕਿਸਾਨ ਸੁਲੱਖਣ ਸਿੰਘ ਅਤੇ ਪਿੰਡ ਸਖੀਰਾ ਦੇ ਕਿਸਾਨ ਸ਼ਮਸ਼ੇਰ ਸਿੰਘ ਦੀ ਫ਼ਸਲ ਦੀ ਖ਼ਰੀਦ ਵੀ ਕਰਵਾਈ। ਉਨ੍ਹਾਂ ਮੰਡੀ ਵਿੱਚ ਖ਼ਰੀਦ, ਲਿਫਟਿੰਗ, ਭੁਗਤਾਨ, ਬਾਰਦਾਨੇ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ  ਨੇ ਕਿਹਾ ਕਿ ਇਸ ਸਾਲ ਮੰਡੀਆਂ ਵਿੱਚ ਝੋਨੇ ਦੀ ਭਰਵੀਂ ਫ਼ਸਲ ਪਹੁੰਚ ਰਹੀ ਹੈ ਅਤੇ ਫ਼ਸਲ ਦੀ ਗੁਣਵੱਤਾ ਵੀ ਬਿਹਤਰ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਸੀਜ਼ਨ ਦੌਰਾਨ ਕੇਂਦਰੀ ਪੂਲ ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਵੱਲੋਂ ਮੰਡੀਆਂ ਵਿੱਚ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਭੁਗਤਾਨ ਪਾਰਦਰਸ਼ੀ ਢੰਗ ਨਾਲ ਸਿੱਧੇ ਬੈਂਕ ਖਾਤਿਆਂ ਵਿੱਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 42,786 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ) ਦੀ ਮਨਜ਼ੂਰੀ ਮਿਲ ਚੁੱਕੀ ਹੈ, ਜਿਸ ਨਾਲ ਝੋਨੇ ਦੀ ਖ਼ਰੀਦ ਲਈ ਲੋੜੀਂਦੇ ਵਿੱਤੀ ਪ੍ਰਬੰਧ ਯਕੀਨੀ ਬਣਾਏ ਗਏ ਹਨ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਦੇ ਪੂਰੀ ਤਰ੍ਹਾਂ ਪੱਕਣ ਅਤੇ ਸੁੱਕਣ ਉਪਰੰਤ ਹੀ ਕਟਾਈ ਕਰਨ ਅਤੇ ਮੰਡੀਆਂ ਵਿੱਚ ਨਿਰਧਾਰਤ ਮਾਪਦੰਡਾਂ ਵਾਲਾ ਸੁੱਕਾ ਝੋਨਾ ਹੀ ਲੈ ਕੇ ਆਉਣ। ਇਸ ਨਾਲ ਉਨ੍ਹਾਂ ਨੂੰ ਆਪਣੀ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 2,461 ਰੁਪਏ ਪ੍ਰਤੀ ਕੁਇੰਟਲ ਮਿਲੇਗਾ ਅਤੇ ਉਨ੍ਹਾਂ ਨੂੰ ਮੰਡੀਆਂ ਵਿੱਚ ਬੇਲੋੜੀ ਉਡੀਕ ਵੀ ਨਹੀਂ ਕਰਨੀ ਪਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਖ਼ਰੀਦ ਸੀਜ਼ਨ ਨੂੰ ਸੁਚਾਰੂ, ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਚਲਾਉਣ ਲਈ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਪਹੁੰਚ ਰਹੀ ਫ਼ਸਲ ਦੀ ਖ਼ਰੀਦ, ਲਿਫਟਿੰਗ ਅਤੇ ਭੁਗਤਾਨ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਯਕੀਨੀ ਬਣਾਇਆ ਜਾਵੇ।

ਪੱਤਰਕਾਰਾਂ ਵੱਲੋਂ ਪਰਾਲੀ ਸਾੜਨ ਦੇ ਮੁੱਦੇ ’ਤੇ ਕੀਤੇ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਅਤੇ ਵਾਤਾਵਰਣ ਦੀ ਸੰਭਾਲ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਸਰਕਾਰ ਦਾ ਸਾਥ ਦੇਣ।

ਉਨ੍ਹਾਂ ਕਿਹਾ ਕਿ ਖਰੀਦ ਸੀਜ਼ਨ ਨੂੰ ਸਫਲ ਬਣਾਉਣ ਲਈ ਕਿਸਾਨਾਂ, ਆੜ੍ਹਤੀਆਂ, ਮਿਲਰਾਂ, ਮਜ਼ਦੂਰਾਂ, ਖਰੀਦ ਏਜੰਸੀਆਂ ਅਤੇ ਸਬੰਧਤ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਬੇਹੱਦ ਜ਼ਰੂਰੀ ਹੈ।

ਇਸ ਮੌਕੇ ਡਿਪਟੀ ਡਾਇਰੈਕਟਰ ਖੁਰਾਕ ਤੇ ਸਪਲਾਈ ਵਿਭਾਗ ਰਜਨੀਸ਼ ਕੁਮਾਰੀ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਰਵੀਨ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਹਰਜੋਤ ਸਿੰਘ, ਡੀ.ਐੱਸ.ਪੀ ਜਸਪਾਲ ਸਿੰਘ, ਟ੍ਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਹਰਮਨਦੀਪ ਸਿੰਘ ਮੈਣੀ, ਟ੍ਰੇਡਰਜ਼ ਕਮਿਸ਼ਨ ਦੇ ਹਲਕਾ ਇੰਚਾਰਜ ਅਤੇ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਦਿਲਬਾਗ ਸਿੰਘ ਬਾਠ, ਜਨਰਲ ਸਕੱਤਰ ਪਵੇਲ ਸਿੰਘ ਪੰਨੂ, ਸਰਪ੍ਰਸਤ ਸਰਜੀਤ ਸਿੰਘ ਚੋਹਲਾ, ਗੁਰਿੰਦਰ ਸਿੰਘ ਲਾਲੀ ਚਾਚਾ, ਸੁਰਿੰਦਰ ਸਿੰਘ ਭੁੱਚਰ, ਬਹਾਲ ਸਿੰਘ ਗਿੱਲ ਅਤੇ ਪਰਮਜੀਤ ਜੋਸ਼ੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।