Become a member

Get the best offers and updates relating to Liberty Case News.

― Advertisement ―

spot_img
spot_img
HomeBig Newsਹੁਸ਼ਿਆਰਪੁਰ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਰੇਡ,...

ਹੁਸ਼ਿਆਰਪੁਰ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਰੇਡ, CRPF ਦੇ ਜਵਾਨ ਤਾਇਨਾਤ

ਪੰਜਾਬ ਦੇ ਹੁਸ਼ਿਆਰਪੁਰ ਵਿੱਚ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਸੋਮਵਾਰ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਛਾਪੇਮਾਰੀ ਕੀਤੀ ਗਈ। ਜਾਣਕਾਰੀ ਮੁਤਾਬਕ, ਸੋਮਵਾਰ ਸਵੇਰੇ ਕਰੀਬ 8 ਵਜੇ ਕੇਂਦਰੀ ਏਜੰਸੀ ਦੀ ਟੀਮ ਜੋਧਾ ਮੱਲ ਰੋਡ ਸਥਿਤ ਅਰੋੜਾ ਦੇ ਘਰ ਪਹੁੰਚੀ। ਟੀਮ ਦੇ ਨਾਲ CRPF ਦੇ ਜਵਾਨ ਵੀ ਮੌਜੂਦ ਸਨ।

ਕਾਰਵਾਈ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਘਰ ਦੇ ਆਲੇ-ਦੁਆਲੇ ਵੱਡੀ ਗਿਣਤੀ ਵਿੱਚ ਸੁਰੱਖਿਆ ਜਵਾਨ ਤਾਇਨਾਤ ਕੀਤੇ ਗਏ ਅਤੇ ਪੂਰੇ ਘਰ ਨੂੰ ਘੇਰ ਲਿਆ ਗਿਆ। ਫਿਲਹਾਲ ED ਦੀ ਇਸ ਕਾਰਵਾਈ ਦੇ ਕਾਰਨਾਂ ਅਤੇ ਜਾਂਚ ਨਾਲ ਜੁੜੀ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 27 ਜਨਵਰੀ ਨੂੰ ਵੀ ED ਨੇ ਇਨਕਮ ਟੈਕਸ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਸੁੰਦਰ ਸ਼ਾਮ ਅਰੋੜਾ ਦੇ ਘਰ ਛਾਪੇਮਾਰੀ ਕੀਤੀ ਸੀ। ਉਸ ਸਮੇਂ ਟੀਮ ਵੱਲੋਂ ਘਰ ਵਿੱਚ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਸੀ, ਪਰ ਕਾਰਵਾਈ ਤੋਂ ਬਾਅਦ ਅਧਿਕਾਰੀਆਂ ਨੇ ਬਰਾਮਦਗੀ ਜਾਂ ਜਾਂਚ ਦੇ ਨਤੀਜਿਆਂ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਸੀ।

ਮੋਹਾਲੀ ਵਿੱਚ ਇੰਡਸਟਰੀਅਲ ਪਲਾਟ ਟਰਾਂਸਫਰ ਦਾ ਮਾਮਲਾ

ਸੁੰਦਰ ਸ਼ਾਮ ਅਰੋੜਾ ਦਾ ਨਾਮ ਮੋਹਾਲੀ ਵਿੱਚ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (PSIEC) ਦੇ ਇੱਕ ਉਦਯੋਗਿਕ ਪਲਾਟ ਨੂੰ ਟਰਾਂਸਫਰ ਕਰਨ ਨਾਲ ਜੁੜੇ ਮਾਮਲੇ ਵਿੱਚ ਵੀ ਸਾਹਮਣੇ ਆਇਆ ਸੀ। ਦੋਸ਼ ਸਨ ਕਿ ਉਦਯੋਗਿਕ ਜ਼ਮੀਨ ਦੇ 12 ਪਲਾਟਾਂ ਨੂੰ ਵੰਡ ਕੇ 125 ਪਲਾਟਾਂ ਵਿੱਚ ਤਬਦੀਲ ਕਰਨ ਦੀ ਮਨਜ਼ੂਰੀ ਦਿੱਤੀ ਗਈ ਸੀ।

ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਜਨਵਰੀ 2023 ਵਿੱਚ ਸੁੰਦਰ ਸ਼ਾਮ ਅਰੋੜਾ, ਇੱਕ IAS ਅਧਿਕਾਰੀ ਅਤੇ ਹੋਰ ਅਧਿਕਾਰੀਆਂ ਸਮੇਤ ਕਈ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਹਾਲਾਂਕਿ, ਦਸੰਬਰ 2024 ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ਦੀ FIR ਰੱਦ ਕਰ ਦਿੱਤੀ ਸੀ।

50 ਲੱਖ ਰੁਪਏ ਰਿਸ਼ਵਤ ਦੇਣ ਦੇ ਦੋਸ਼ ਵਿੱਚ ਹੋਈ ਸੀ ਗ੍ਰਿਫ਼ਤਾਰੀ

ਅਕਤੂਬਰ 2022 ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਸੁੰਦਰ ਸ਼ਾਮ ਅਰੋੜਾ ਨੂੰ ਰਿਸ਼ਵਤ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਦੋਸ਼ ਸੀ ਕਿ ਉਨ੍ਹਾਂ ਨੇ ਆਪਣੇ ਖ਼ਿਲਾਫ਼ ਚੱਲ ਰਹੀ ਜਾਂਚ ਵਿੱਚ ਰਾਹਤ ਦਿਵਾਉਣ ਲਈ ਵਿਜੀਲੈਂਸ ਦੇ AIG ਮਨਮੋਹਨ ਕੁਮਾਰ ਨੂੰ ਇੱਕ ਕਰੋੜ ਰੁਪਏ ਦੇਣ ਦੀ ਪੇਸ਼ਕਸ਼ ਕੀਤੀ ਸੀ।

ਦੱਸਿਆ ਗਿਆ ਸੀ ਕਿ ਪਹਿਲੀ ਕਿਸ਼ਤ ਵਜੋਂ 50 ਲੱਖ ਰੁਪਏ ਦਿੰਦਿਆਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ਦੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਸੀ।