Become a member

Get the best offers and updates relating to Liberty Case News.

― Advertisement ―

spot_img
spot_img
HomeBig News34 ਸਾਲ ਪੁਰਾਣੇ ਅਗਵਾ ਮਾਮਲੇ 'ਚ ਪੰਜਾਬ ਪੁਲਿਸ ਦਾ ਸਾਬਕਾ SSP ਦੋਸ਼ੀ...

34 ਸਾਲ ਪੁਰਾਣੇ ਅਗਵਾ ਮਾਮਲੇ ‘ਚ ਪੰਜਾਬ ਪੁਲਿਸ ਦਾ ਸਾਬਕਾ SSP ਦੋਸ਼ੀ ਕਰਾਰ, 12 ਨਵੰਬਰ ਨੂੰ ਸੁਣਾਈ ਜਾਵੇਗੀ ਸਜ਼ਾ

ਮੋਹਾਲੀ: ਪੰਜਾਬ ਵਿੱਚ ਪੁਲਿਸ ਹਿਰਾਸਤ ਦੌਰਾਨ ਲੋਕਾਂ ਦੇ ਲਾਪਤਾ ਹੋਣ ਦੇ ਪੁਰਾਣੇ ਮਾਮਲਿਆਂ ਵਿੱਚ ਮੋਹਾਲੀ ਦੀ ਵਿਸ਼ੇਸ਼ CBI ਅਦਾਲਤ ਨੇ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ 1992 ਵਿੱਚ ਲੁਧਿਆਣਾ ਦੇ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੂਜੇ ਪਾਸੇ, ਉਨ੍ਹਾਂ ਦੇ ਸੁਰੱਖਿਆ ਗਾਰਡ ਪਰਮਿੰਦਰਜੀਤ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਸ਼ੱਕ ਦਾ ਲਾਭ ਦਿੰਦਿਆਂ ਬਰੀ ਕਰ ਦਿੱਤਾ ਗਿਆ ਹੈ। ਦੋਸ਼ੀ ਸਾਬਕਾ SSP ਨੂੰ 12 ਨਵੰਬਰ ਨੂੰ ਸਜ਼ਾ ਸੁਣਾਈ ਜਾਵੇਗੀ।

ਦਰਅਸਲ, 25 ਨਵੰਬਰ 1992 ਨੂੰ ਲੁਧਿਆਣਾ ਦੇ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਆਪਣੇ ਸਾਲੇ ਦੀ ਧੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਹੋਟਲ ਅਮਲਤਾਸ ਪਹੁੰਚੇ ਸਨ। ਇਸੇ ਦੌਰਾਨ ਤਰਨਤਾਰਨ ਪੁਲਿਸ ਦੀ ਟੀਮ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ। ਇਸ ਤੋਂ ਬਾਅਦ ਅਮਰੀਕ ਸਿੰਘ ਦਾ ਕੋਈ ਸੁਰਾਗ ਨਹੀਂ ਮਿਲਿਆ।

CBI ਦੀ ਜਾਂਚ ਮੁਤਾਬਕ, ਅਮਰੀਕ ਸਿੰਘ ਨੂੰ ਪੁਲਿਸ ਵੱਲੋਂ ਲਿਜਾਏ ਜਾਣ ਦੀ ਸੂਚਨਾ ਤੁਰੰਤ ਸੀਨੀਅਰ ਅਧਿਕਾਰੀਆਂ ਨੂੰ ਟੈਲੀਗ੍ਰਾਮ ਰਾਹੀਂ ਦਿੱਤੀ ਗਈ ਸੀ। ਉਨ੍ਹਾਂ ਦੀ ਰਿਹਾਈ ਲਈ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ ਕਈ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ, ਪਰ ਕੋਈ ਨਤੀਜਾ ਨਹੀਂ ਨਿਕਲਿਆ।

ਪਤਨੀ ਨੇ ਸੁਪਰੀਮ ਕੋਰਟ ਵਿੱਚ ਪਾਈ ਸੀ ਪਟੀਸ਼ਨ

ਅਮਰੀਕ ਸਿੰਘ ਦਾ ਕੋਈ ਪਤਾ ਨਾ ਲੱਗਣ ‘ਤੇ ਉਨ੍ਹਾਂ ਦੀ ਪਤਨੀ ਨੇ 1996 ਵਿੱਚ ਸੁਪਰੀਮ ਕੋਰਟ ਵਿੱਚ ਬੰਦੀ ਪ੍ਰਤੱਖੀਕਰਨ (ਹੈਬੀਅਸ ਕਾਰਪਸ) ਪਟੀਸ਼ਨ ਦਾਇਰ ਕੀਤੀ ਸੀ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਸੀ ਕਿ ਅਮਰੀਕ ਸਿੰਘ ਦੀ ਮੌਤ ਹੋ ਚੁੱਕੀ ਹੈ। ਸਰਕਾਰ ਵੱਲੋਂ ਉਨ੍ਹਾਂ ਦੇ ਭੋਗ ਸਬੰਧੀ ਇਸ਼ਤਿਹਾਰ ਵੀ ਅਦਾਲਤ ਵਿੱਚ ਪੇਸ਼ ਕੀਤੇ ਗਏ ਸਨ, ਪਰ ਪਰਿਵਾਰ ਨੇ ਸਰਕਾਰ ਦੇ ਇਸ ਦਾਅਵੇ ਨੂੰ ਰੱਦ ਕਰ ਦਿੱਤਾ ਸੀ।

ਇਸੇ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਵੱਲੋਂ ਵੱਡੀ ਗਿਣਤੀ ਵਿੱਚ ਅਣਪਛਾਤੀਆਂ ਅਤੇ ਲਾਵਾਰਸ ਲਾਸ਼ਾਂ ਦਾ ਸਸਕਾਰ ਕੀਤੇ ਜਾਣ ਦੇ ਮਾਮਲਿਆਂ ਦੀ CBI ਜਾਂਚ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਅਮਰੀਕ ਸਿੰਘ ਦੇ ਲਾਪਤਾ ਹੋਣ ਦਾ ਮਾਮਲਾ ਵੀ CBI ਨੇ ਆਪਣੇ ਹੱਥਾਂ ਵਿੱਚ ਲੈ ਲਿਆ ਸੀ।

2000 ਵਿੱਚ ਦਰਜ ਹੋਇਆ ਸੀ ਕੇਸ

CBI ਨੇ ਜਨਵਰੀ 1999 ਵਿੱਚ ਇਸ ਮਾਮਲੇ ਦੀ ਮੁੱਢਲੀ ਜਾਂਚ ਸ਼ੁਰੂ ਕੀਤੀ ਸੀ। ਇਸ ਤੋਂ ਬਾਅਦ ਫਰਵਰੀ 2000 ਵਿੱਚ ਅਗਵਾ, ਗੈਰਕਾਨੂੰਨੀ ਹਿਰਾਸਤ, ਸਰਕਾਰੀ ਰਿਕਾਰਡ ਵਿੱਚ ਹੇਰਾਫੇਰੀ ਅਤੇ ਅਪਰਾਧਿਕ ਸਾਜ਼ਿਸ਼ ਦੇ ਦੋਸ਼ਾਂ ਹੇਠ ਨਿਯਮਤ ਕੇਸ ਦਰਜ ਕੀਤਾ ਗਿਆ।

ਸਾਲ 2001 ਵਿੱਚ CBI ਨੇ ਤਤਕਾਲੀ DSP ਗੁਰਮੀਤ ਸਿੰਘ, ਥਾਣਾ ਖਾਲੜਾ ਦੇ ਤਤਕਾਲੀ SHO ਇੰਸਪੈਕਟਰ ਸੂਬਾ ਸਿੰਘ, SI ਸੁਰਿੰਦਰ ਸਿੰਘ, ਕਾਂਸਟੇਬਲ ਪਰਮਿੰਦਰਜੀਤ ਸਿੰਘ ਉਰਫ਼ ਬੱਬੂ ਅਤੇ ASI ਜਸਵੰਤ ਸਿੰਘ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ।

ਚਾਰਜਸ਼ੀਟ ਵਿੱਚ ਤਤਕਾਲੀ SSP ਅਜੀਤ ਸਿੰਘ ਸੰਧੂ ਨੂੰ ਅਗਵਾ ਦੀ ਸਾਜ਼ਿਸ਼ ਦਾ ਮੁੱਖ ਮੁਲਜ਼ਮ ਦੱਸਿਆ ਗਿਆ ਸੀ, ਹਾਲਾਂਕਿ ਜਾਂਚ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਸੀ।

22 ਸਾਲ ਬਾਅਦ ਸ਼ੁਰੂ ਹੋਇਆ ਟਰਾਇਲ

ਮੁਲਜ਼ਮਾਂ ਖ਼ਿਲਾਫ਼ ਸਾਲ 2000 ਵਿੱਚ ਹੀ ਦੋਸ਼ ਤੈਅ ਕਰ ਦਿੱਤੇ ਗਏ ਸਨ, ਪਰ ਪੁਲਿਸ ਅਧਿਕਾਰੀਆਂ ਵੱਲੋਂ ਦਾਇਰ ਪਟੀਸ਼ਨਾਂ ਕਾਰਨ ਉੱਚ ਅਦਾਲਤਾਂ ਦੇ ਹੁਕਮਾਂ ‘ਤੇ ਟਰਾਇਲ ‘ਤੇ ਰੋਕ ਲੱਗੀ ਰਹੀ। ਇਸ ਕਾਰਨ ਮਾਮਲੇ ਦੀ ਸੁਣਵਾਈ 2022 ਵਿੱਚ ਸ਼ੁਰੂ ਹੋ ਸਕੀ।

CBI ਨੇ ਇਸ ਕੇਸ ਵਿੱਚ 47 ਗਵਾਹਾਂ ਦੀ ਸੂਚੀ ਪੇਸ਼ ਕੀਤੀ ਸੀ, ਪਰ ਲੰਬੀ ਕਾਨੂੰਨੀ ਪ੍ਰਕਿਰਿਆ ਅਤੇ ਦੇਰੀ ਕਾਰਨ ਸਿਰਫ਼ 16 ਗਵਾਹਾਂ ਦੀ ਹੀ ਗਵਾਹੀ ਦਰਜ ਹੋ ਸਕੀ। ਬਾਕੀ ਗਵਾਹਾਂ ਵਿੱਚੋਂ ਜ਼ਿਆਦਾਤਰ ਦੀ ਮੌਤ ਹੋ ਚੁੱਕੀ ਸੀ।

ਹੁਣ ਮੋਹਾਲੀ ਦੀ ਵਿਸ਼ੇਸ਼ CBI ਅਦਾਲਤ ਨੇ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਨੂੰ ਦੋਸ਼ੀ ਕਰਾਰ ਦਿੱਤਾ ਹੈ, ਜਦਕਿ ਉਨ੍ਹਾਂ ਦੇ ਸੁਰੱਖਿਆ ਗਾਰਡ ਨੂੰ ਬਰੀ ਕਰ ਦਿੱਤਾ ਗਿਆ ਹੈ। ਅਦਾਲਤ ਵੱਲੋਂ 12 ਨਵੰਬਰ ਨੂੰ ਦੋਸ਼ੀ ਸਾਬਕਾ SSP ਦੀ ਸਜ਼ਾ ਦਾ ਐਲਾਨ ਕੀਤਾ ਜਾਵੇਗਾ।