ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅਦਾਲਤ ਵੱਲੋਂ ਤਿੰਨ ਘੰਟਿਆਂ ਦੀ ਪੈਰੋਲ ਦੀ ਇਜਾਜ਼ਤ ਦਿੱਤੀ ਗਈ ਹੈ। ਅਦਾਲਤ ਦੇ ਹੁਕਮਾਂ ਅਨੁਸਾਰ ਉਹ 21 ਨਵੰਬਰ ਨੂੰ ਆਪਣੇ ਪਿੰਡ ਪਹੁੰਚਣਗੇ। ਜਦਕਿ ਅੰਤਿਮ ਅਰਦਾਸ ਸਮੇਤ ਹੋਰ ਧਾਰਮਿਕ ਰਸਮਾਂ ਵਿੱਚ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ।
ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਪਹੁੰਚਣ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਅਦਾਲਤ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਜਾਣ ਵਾਲੇ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਰਿਵਾਰ ਵੱਲੋਂ ਪਾਲਣਾ ਕੀਤੀ ਜਾਵੇਗੀ ਅਤੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਸਮੇਂ ਅਨੁਸ਼ਾਸਨ ਬਣਾਈ ਰੱਖਿਆ ਜਾਵੇ ਅਤੇ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾਵੇ।
ਸੁਖਚੈਨ ਸਿੰਘ ਨੇ ਦੱਸਿਆ ਕਿ ਨਵੇਂ ਹੁਕਮਾਂ ਮੁਤਾਬਕ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਅੰਮ੍ਰਿਤਪਾਲ ਸਿੰਘ ਨੂੰ ਪਿੰਡ ਲਿਆਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਦੁਪਹਿਰ 12 ਵਜੇ ਤੱਕ ਘਰ ਪਹੁੰਚਣਾ ਹੋਵੇਗਾ। ਹਾਲਾਂਕਿ, ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਤੋਂ ਬਾਅਦ ਪ੍ਰੋਗਰਾਮ ਵਿੱਚ ਤਬਦੀਲੀ ਵੀ ਸੰਭਵ ਹੈ।
ਪਹਿਲਾਂ 17 ਨਵੰਬਰ ਨੂੰ ਹੋਣਾ ਸੀ ਸਸਕਾਰ
ਸੁਖਚੈਨ ਸਿੰਘ ਨੇ ਦੱਸਿਆ ਕਿ ਪਰਿਵਾਰ ਵੱਲੋਂ ਪਹਿਲਾਂ ਸਸਕਾਰ ਦੀ ਤਰੀਕ 17 ਨਵੰਬਰ ਤੈਅ ਕੀਤੀ ਗਈ ਸੀ, ਪਰ ਬਾਅਦ ਵਿੱਚ ਇਸ ਨੂੰ ਬਦਲ ਕੇ 21 ਨਵੰਬਰ ਕਰ ਦਿੱਤਾ ਗਿਆ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਸੁਖਮਨ ਸਿੰਘ ਦੀਆਂ ਪਟੀਸ਼ਨਾਂ ‘ਤੇ ਵੀ ਅਦਾਲਤ ਵਿੱਚ ਸੁਣਵਾਈ ਹੋਣੀ ਹੈ।
ਪਰਿਵਾਰ ਨੇ ਸਰਕਾਰ ਤੋਂ ਖਰਚਾ ਚੁੱਕਣ ਦੀ ਕੀਤੀ ਅਪੀਲ
ਸਸਕਾਰ ਦੇ ਖਰਚੇ ਸਬੰਧੀ ਸੁਖਚੈਨ ਸਿੰਘ ਨੇ ਦੱਸਿਆ ਕਿ ਪਰਿਵਾਰ ਨੇ ਸਰਕਾਰ ਨੂੰ ਸਾਰਾ ਖਰਚਾ ਚੁੱਕਣ ਦੀ ਅਪੀਲ ਕੀਤੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਅੰਮ੍ਰਿਤਪਾਲ ਸਿੰਘ ਨੂੰ ਸਰਕਾਰ ਵੱਲੋਂ ਇੰਨੀ ਦੂਰ ਅਸਾਮ ਦੀ ਜੇਲ੍ਹ ਵਿੱਚ ਰੱਖਿਆ ਗਿਆ ਹੈ ਤਾਂ ਉਨ੍ਹਾਂ ਨੂੰ ਲਿਆਉਣ-ਲਿਜਾਣ ਅਤੇ ਇਸ ਨਾਲ ਜੁੜੇ ਹੋਰ ਖਰਚਿਆਂ ਦੀ ਜ਼ਿੰਮੇਵਾਰੀ ਵੀ ਸਰਕਾਰ ਨੂੰ ਚੁੱਕਣੀ ਚਾਹੀਦੀ ਹੈ।
ਸਸਕਾਰ ਮੌਕੇ ਨਹੀਂ ਲੱਗੇਗਾ ਕੋਈ ਸਟੇਜ
ਸੁਖਚੈਨ ਸਿੰਘ ਨੇ ਸਪੱਸ਼ਟ ਕੀਤਾ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਮੌਕੇ ਕੋਈ ਸਟੇਜ ਨਹੀਂ ਲਗਾਇਆ ਜਾਵੇਗਾ ਅਤੇ ਨਾ ਹੀ ਕਿਸੇ ਤਰ੍ਹਾਂ ਦੇ ਜਨਤਕ ਸੰਬੋਧਨ ਦਾ ਪ੍ਰੋਗਰਾਮ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਘੜੀ ਹੈ। ਭੋਗ ਮੌਕੇ ਸਿੱਖ ਮਰਿਆਦਾ ਅਨੁਸਾਰ ਕੀਰਤਨ, ਕਥਾ ਅਤੇ ਅਰਦਾਸ ਕੀਤੀ ਜਾਵੇਗੀ।

