Become a member

Get the best offers and updates relating to Liberty Case News.

― Advertisement ―

spot_img
spot_img
HomeDeshਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ...

ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ

ਚੰਡੀਗੜ੍ਹ, 20 ਨਵੰਬਰ: ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਤਿਆਰੀਆਂ ਅਤੇ ਅੰਤਰ-ਏਜੰਸੀ ਤਾਲਮੇਲ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਦੀ ਪ੍ਰਧਾਨਗੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਤਰਫ਼ੋਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਲਾਅ ਐਂਡ ਆਰਡਰ) ਪ੍ਰਵੀਨ ਕੁਮਾਰ ਸਿਨਹਾ ਅਤੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਅਨਿੰਦਿਤਾ ਮਿਤਰਾ ਨੇ ਸਾਂਝੇ ਤੌਰ ‘ਤੇ ਕੀਤੀ। ਸੈਸ਼ਨ ਦਾ ਸੰਚਾਲਨ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਕਾਊਂਟਰ ਇੰਟੈਲੀਜੈਂਸ-ਕਮ-ਸਟੇਟ ਪੁਲਿਸ ਨੋਡਲ ਅਫ਼ਸਰ ਪੰਜਾਬ ਇਲਕਸ਼ਨਜ਼ ਆਸ਼ੀਸ਼ ਚੌਧਰੀ ਵੱਲੋਂ ਕੀਤਾ ਗਿਆ।
ਮੀਟਿੰਗ ਵਿੱਚ ਪੰਜਾਬ, ਰਾਜਸਥਾਨ, ਹਰਿਆਣਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਯੂ.ਟੀ. ਚੰਡੀਗੜ੍ਹ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਸਟੇਟ ਨੋਡਲ ਅਫ਼ਸਰਾਂ ਤੋਂ ਇਲਾਵਾ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਯੂ.ਟੀ. ਚੰਡੀਗੜ੍ਹ ਦੇ ਡਰੱਗ ਕੰਟਰੋਲਰਾਂ/ਪ੍ਰਤੀਨਿਧੀਆਂ ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.), ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐੱਫ.), ਰੇਲਵੇ ਸੁਰੱਖਿਆ ਬਲ (ਆਰ.ਪੀ.ਐੱਫ.), ਇੰਟੈਲੀਜੈਂਸ ਬਿਊਰੋ (ਆਈ.ਬੀ.), ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.), ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐੱਨ.ਟੀ.ਐੱਫ.) ਪੰਜਾਬ ਅਤੇ ਆਬਕਾਰੀ ਤੇ ਕਰ ਵਿਭਾਗ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ।
ਮੀਟਿੰਗ ਦੌਰਾਨ ਅੰਤਰ-ਰਾਜੀ ਤਾਲਮੇਲ ਨੂੰ ਮਜ਼ਬੂਤ ਕਰਨ ਅਤੇ ਅਮਨ-ਕਾਨੂੰਨ ਦੀਆਂ ਤਿਆਰੀਆਂ, ਫਿਰਕੂ ਅਤੇ ਸੰਵੇਦਨਸ਼ੀਲ ਮੁੱਦਿਆਂ ਨਾਲ ਨਜਿੱਠਣ, ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰ ਨੈੱਟਵਰਕਾਂ ‘ਤੇ ਨਜ਼ਰ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਣ ਲਈ ਇੱਕ ਸਾਂਝੀ ਰਣਨੀਤੀ ਤਿਆਰ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ।
ਨਸ਼ੀਲੇ ਪਦਾਰਥਾਂ, ਨਾਜਾਇਜ਼ ਸ਼ਰਾਬ, ਗੈਰ-ਕਾਨੂੰਨੀ ਹਥਿਆਰਾਂ, ਗੋਲਾ-ਬਾਰੂਦ, ਵਿਸਫੋਟਕਾਂ ਦੀ ਅੰਤਰ-ਰਾਜੀ ਤਸਕਰੀ ਨੂੰ ਰੋਕਣ ਅਤੇ ਹੋਰ ਗੈਰ-ਕਾਨੂੰਨੀ ਸਪਲਾਈ ਚੇਨਾਂ ਦੇ ਖਾਤਮੇ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਅਧਿਕਾਰੀਆਂ ਨੇ ਸਰਹੱਦੀ ਨਿਗਰਾਨੀ ਅਤੇ ਪ੍ਰਬੰਧਨ ਨੂੰ ਮਜ਼ਬੂਤ ਕਰਨ, ਡਰੋਨ ਗਤੀਵਿਧੀਆਂ ‘ਤੇ ਨਜ਼ਰ ਰੱਖਣ, ਤਾਲਮੇਲ ਵਾਲੀ ਕਾਰਵਾਈ ਅਤੇ ਨਾਲ ਲੱਗਦੇ ਅਧਿਕਾਰ ਖੇਤਰਾਂ ਵਿੱਚ ਸਾਂਝੇ ਆਪ੍ਰੇਸ਼ਨ ਚਲਾਉਣ ਬਾਰੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।
ਉੱਭਰ ਰਹੇ ਸੁਰੱਖਿਆ ਖਤਰਿਆਂ ਵਿਰੁੱਧ ਤੇਜ਼ੀ ਨਾਲ ਅਤੇ ਤਾਲਮੇਲ ਵਾਲੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਰੀਅਲ-ਟਾਈਮ ਖੁਫੀਆ ਜਾਣਕਾਰੀ ਸਾਂਝੀ ਕਰਨ ਸਬੰਧੀ ਢਾਂਚੇ ਨੂੰ ਵਧੇਰੇ ਕਾਰਗਰ ਬਣਾਉਣ, ਠੋਸ ਸੂਚਨਾ ਦੇ ਤੁਰੰਤ ਆਦਾਨ-ਪ੍ਰਦਾਨ, ਨਿਰਵਿਘਨ ਅੰਤਰ-ਏਜੰਸੀ ਤਾਲਮੇਲ, ਸਰਹੱਦਾਂ ‘ਤੇ ਚੌਕਸੀ ਵਧਾਉਣ ਅਤੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਫੀਲਡ ਅਫ਼ਸਰਾਂ ਦਰਮਿਆਨ ਪ੍ਰਭਾਵੀ ਸੰਚਾਰ ਕਾਇਮ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ।
ਮੀਟਿੰਗ ਦਾ ਮੁੱਖ ਉਦੇਸ਼ ਮੌਜੂਦਾ ਕਾਰਜਸ਼ੀਲ ਖਾਮੀਆਂ ਨੂੰ ਦੂਰ ਕਰਨਾ, ਸੰਸਥਾਗਤ ਤਾਲਮੇਲ ਨੂੰ ਮਜ਼ਬੂਤ ਕਰਨਾ ਅਤੇ ਚੋਣਾਂ ਨਾਲ ਸਬੰਧਤ ਸੁਰੱਖਿਆ ਚੁਣੌਤੀਆਂ ਦਾ ਮਿਲ ਕੇ ਸਰਗਰਮੀ ਨਾਲ ਟਾਕਰਾ ਕਰਨ ਲਈ ਮਜ਼ਬੂਤ ਅੰਤਰ-ਏਜੰਸੀ ਪ੍ਰਣਾਲੀ ਸਥਾਪਤ ਕਰਨ ‘ਤੇ ਧਿਆਨ ਕੇਂਦਰਿਤ ਕਰਨਾ ਸੀ।
ਸਮੂਹਿਕ ਸੰਕਲਪ ਨੂੰ ਦੁਹਰਾਉਂਦਿਆਂ ਮੀਟਿੰਗ ਵਿੱਚ ਭਾਗ ਲੈਣ ਵਾਲੀਆਂ ਏਜੰਸੀਆਂ ਨੇ ਅਮਨ-ਸ਼ਾਂਤੀ ਬਣਾਈ ਰੱਖਣ, ਲੋਕਾਂ ਦਾ ਵਿਸ਼ਵਾਸ ਮਜ਼ਬੂਤ ਕਰਨ ਅਤੇ ਪੰਜਾਬ ਵਿੱਚ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਵਿਧਾਨ ਸਭਾ ਚੋਣਾਂ ਨੂੰ ਨੇਪਰੇ ਚਾੜ੍ਹਨ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਈ।