ਸੰਗਰੂਰ: ਪੰਜਾਬ ਵਿੱਚ ਸਰਕਾਰੀ ਦਫ਼ਤਰਾਂ ਅੰਦਰ ਮੁਲਾਜ਼ਮਾਂ ਦੀ ਸਮੇਂ ਸਿਰ ਹਾਜ਼ਰੀ ਅਤੇ ਕੰਮਕਾਜ ਵਿੱਚ ਅਨੁਸ਼ਾਸਨ ਯਕੀਨੀ ਬਣਾਉਣ ਲਈ ਸਰਕਾਰ ਨੇ ਸਖ਼ਤੀ ਵਧਾਉਣੀ ਸ਼ੁਰੂ ਕਰ ਦਿੱਤੀ ਹੈ। ਇਸੇ ਲੜੀ ਤਹਿਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਸਥਿਤ GST ਅਤੇ ਐਕਸਾਈਜ਼ ਵਿਭਾਗ ਦੇ ਦਫ਼ਤਰ ਦਾ ਅਚਨਚੇਤ ਦੌਰਾ ਕਰਕੇ ਚੈਕਿੰਗ ਕੀਤੀ। ਉਨ੍ਹਾਂ ਦੇ ਅਚਾਨਕ ਦਫ਼ਤਰ ਪਹੁੰਚਣ ਨਾਲ ਮੁਲਾਜ਼ਮਾਂ ਵਿੱਚ ਹਲਚਲ ਮਚ ਗਈ।
ਦਫ਼ਤਰ ਪਹੁੰਚਦਿਆਂ ਹੀ ਵਿੱਤ ਮੰਤਰੀ ਨੇ ਮੁਲਾਜ਼ਮਾਂ ਦਾ ਹਾਜ਼ਰੀ ਰਜਿਸਟਰ ਮੰਗਵਾਇਆ ਅਤੇ ਉਸ ਦੀ ਜਾਂਚ ਕੀਤੀ। ਉਨ੍ਹਾਂ ਨੇ ਇਹ ਵੀ ਦੇਖਿਆ ਕਿ ਮੁਲਾਜ਼ਮ ਨਿਰਧਾਰਤ ਸਮੇਂ ਅਨੁਸਾਰ ਆਪਣੀ ਡਿਊਟੀ ‘ਤੇ ਪਹੁੰਚ ਰਹੇ ਹਨ ਜਾਂ ਨਹੀਂ। ਇਸ ਦੌਰਾਨ ਉਨ੍ਹਾਂ ਨੇ ਦਫ਼ਤਰ ਦੀ ਹਾਜ਼ਰੀ ਪ੍ਰਣਾਲੀ ਅਤੇ ਰੋਜ਼ਾਨਾ ਦੇ ਕੰਮਕਾਜ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਚੈਕਿੰਗ ਦੌਰਾਨ ਮੁਲਾਜ਼ਮਾਂ ਦੇ ਦੇਰੀ ਨਾਲ ਡਿਊਟੀ ‘ਤੇ ਪਹੁੰਚਣ ਦੀ ਆਦਤ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਚੀਮਾ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਸਮੇਂ ਦੀ ਪਾਬੰਦੀ ਬੇਹੱਦ ਜ਼ਰੂਰੀ ਹੈ। ਮੁਲਾਜ਼ਮਾਂ ਦੀ ਲਾਪਰਵਾਹੀ ਦਾ ਸਿੱਧਾ ਅਸਰ ਆਮ ਲੋਕਾਂ ਦੇ ਕੰਮਾਂ ‘ਤੇ ਪੈਂਦਾ ਹੈ। ਸਰਕਾਰ ਦਾ ਮਕਸਦ ਹੈ ਕਿ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਬੇਵਜ੍ਹਾ ਉਡੀਕ ਨਾ ਕਰਨੀ ਪਵੇ ਅਤੇ ਫਾਈਲਾਂ ਦਾ ਨਿਪਟਾਰਾ ਸਮੇਂ ਸਿਰ ਹੋਵੇ।
ਪਿਛਲੇ ਸਾਲ ਵੀ ਇਸੇ ਦਫ਼ਤਰ ਵਿੱਚ ਗੈਰਹਾਜ਼ਰ ਮਿਲੇ ਸਨ 11 ਮੁਲਾਜ਼ਮ
ਜ਼ਿਕਰਯੋਗ ਹੈ ਕਿ ਸੰਗਰੂਰ ਦੇ GST ਅਤੇ ਐਕਸਾਈਜ਼ ਵਿਭਾਗ ਦੇ ਇਸੇ ਦਫ਼ਤਰ ਵਿੱਚ ਪਿਛਲੇ ਸਾਲ ਵੀ ਮੁਲਾਜ਼ਮਾਂ ਦੀ ਗੈਰਹਾਜ਼ਰੀ ਦਾ ਮਾਮਲਾ ਸਾਹਮਣੇ ਆਇਆ ਸੀ। 7 ਅਗਸਤ 2025 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ ਸੀ। ਉਸ ਸਮੇਂ 11 ਮੁਲਾਜ਼ਮ ਡਿਊਟੀ ਦੌਰਾਨ ਆਪਣੀਆਂ ਸੀਟਾਂ ਤੋਂ ਗੈਰਹਾਜ਼ਰ ਪਾਏ ਗਏ ਸਨ।
ਉਸ ਦੌਰਾਨ ਚੀਮਾ ਨੇ ਮੌਕੇ ‘ਤੇ ਮੌਜੂਦ ਮੁਲਾਜ਼ਮਾਂ ਤੋਂ ਉਨ੍ਹਾਂ ਦੇ ਗੈਰਹਾਜ਼ਰ ਸਾਥੀਆਂ ਬਾਰੇ ਵੀ ਪੁੱਛਗਿੱਛ ਕੀਤੀ ਸੀ। ਕੁਝ ਮੁਲਾਜ਼ਮਾਂ ਨੇ ਮੌਕੇ ‘ਤੇ ਹੀ ਜਵਾਬ ਦਿੱਤਾ ਸੀ, ਜਦਕਿ ਹੋਰਨਾਂ ਨੂੰ ਆਪਣੀ ਗੈਰਹਾਜ਼ਰੀ ਸਬੰਧੀ ਲਿਖਤੀ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ।

