ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਭਾਵੇਂ ਚੋਣਾਂ ਵਿੱਚ ਅਜੇ ਸਮਾਂ ਬਾਕੀ ਹੈ, ਪਰ ਸਾਰੀਆਂ ਸਿਆਸੀ ਪਾਰਟੀਆਂ ਨੇ ਹੁਣ ਤੋਂ ਹੀ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਲੋਕਾਂ ਵਿੱਚ ਆਪਣਾ ਆਧਾਰ ਮਜ਼ਬੂਤ ਕਰਨ ਦੇ ਨਾਲ-ਨਾਲ ਵੱਖ-ਵੱਖ ਆਗੂਆਂ ਨੇ ਵੀ ਆਪੋ-ਆਪਣੀਆਂ ਸੀਟਾਂ ਤੋਂ ਚੋਣ ਲੜਨ ਲਈ ਦਾਅਵੇ ਪੇਸ਼ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਦੌਰਾਨ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵੀ ਗਠਜੋੜ ਅਤੇ ਕਾਂਗਰਸ ਨਾਲ ਖੱਬੇ ਪੱਖੀ ਪਾਰਟੀਆਂ ਦੇ ਚੋਣ ਸਮਝੌਤੇ ਨੂੰ ਲੈ ਕੇ ਵੀ ਸਿਆਸੀ ਚਰਚਾਵਾਂ ਤੇਜ਼ ਹਨ।
ਰਾਜਪੁਰਾ ਸੀਟ ਤੋਂ ਜਗਦੀਸ਼ ਜੱਗਾ ਨੇ ਪੇਸ਼ ਕੀਤੀ ਦਾਅਵੇਦਾਰੀ
ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਗਠਜੋੜ ਦੀਆਂ ਚਰਚਾਵਾਂ ਦਰਮਿਆਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਜਗਦੀਸ਼ ਜੱਗਾ ਨੇ ਰਾਜਪੁਰਾ ਵਿਧਾਨ ਸਭਾ ਸੀਟ ਤੋਂ ਭਾਜਪਾ ਦੀ ਟਿਕਟ ਲਈ ਆਪਣਾ ਦਾਅਵਾ ਪੇਸ਼ ਕਰ ਦਿੱਤਾ ਹੈ। ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਜੱਗਾ ਨੇ ਕਿਹਾ ਕਿ ਪਾਰਟੀ ਵਿੱਚ ਕੋਈ ਵੀ ਆ ਜਾਵੇ, ਪਰ ਉਹ ਚੋਣ ਜ਼ਰੂਰ ਲੜਨਗੇ। ਉਨ੍ਹਾਂ ਦੇ ਇਸ ਬਿਆਨ ਨਾਲ ਰਾਜਪੁਰਾ ਸੀਟ ‘ਤੇ ਭਾਜਪਾ ਦੀ ਟਿਕਟ ਨੂੰ ਲੈ ਕੇ ਮੁਕਾਬਲਾ ਦਿਲਚਸਪ ਹੋ ਸਕਦਾ ਹੈ।
ਗਠਜੋੜ ਨਾਲ ਪੰਜਾਬ ਦੀ ਤਰੱਕੀ ਅਤੇ ਨਸ਼ਾਮੁਕਤ ਭਵਿੱਖ ਦੀ ਉਮੀਦ: ਰਵਨੀਤ ਬਿੱਟੂ
ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਾਂਝ ਨੂੰ ਪੰਜਾਬ ਦੇ ਭਵਿੱਖ ਲਈ ਇੱਕ ਸਕਾਰਾਤਮਕ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਸਾਂਝ ਪੰਜਾਬ ਵਿੱਚ ਤਰੱਕੀ, ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਨਸ਼ਾਮੁਕਤ ਭਵਿੱਖ ਦੀ ਨਵੀਂ ਉਮੀਦ ਲੈ ਕੇ ਆਵੇਗੀ।
ਕਾਂਗਰਸ ਨਾਲ ਗਠਜੋੜ ਲਈ ਖੱਬੇ ਪੱਖੀ ਪਾਰਟੀਆਂ ਦਾ ਹਾਂ-ਪੱਖੀ ਰੁਖ
ਦੂਜੇ ਪਾਸੇ, ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਵੱਲੋਂ ਚੋਣਾਂ ਵਿੱਚ ਗਠਜੋੜ ਬਾਰੇ ਦਿੱਤੇ ਜਾ ਰਹੇ ਸੰਕੇਤਾਂ ਦਰਮਿਆਨ ਖੱਬੇ ਪੱਖੀ ਪਾਰਟੀਆਂ ਨੇ ਵੀ ਹਾਂ-ਪੱਖੀ ਰੁਖ ਦਿਖਾਇਆ ਹੈ। ਸੀਪੀਆਈ (CPI) ਦੀ ਨੈਸ਼ਨਲ ਕੌਂਸਲ ਦੇ ਮੈਂਬਰ ਅਤੇ ਸਾਬਕਾ ਵਿਧਾਇਕ ਹਰਦੇਵ ਅਰਸ਼ੀ ਨੇ ਦਾਅਵਾ ਕੀਤਾ ਕਿ ਇਸ ਸਬੰਧੀ ਇੱਕ ਗੈਰ-ਰਸਮੀ ਮੀਟਿੰਗ ਹੋ ਚੁੱਕੀ ਹੈ। ਇਸ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਅਤੇ ਖੱਬੇ ਪੱਖੀ ਪਾਰਟੀਆਂ ਵਿਚਾਲੇ ਸੰਭਾਵੀ ਚੋਣ ਸਮਝੌਤੇ ਦੀਆਂ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ।

