ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਪਾਰਟੀ ਵਿੱਚ ਆਪਣੀ ਕਥਿਤ ਅਣਦੇਖੀ ਤੋਂ ਨਾਰਾਜ਼ ਹਨ। ਉਨ੍ਹਾਂ ਨੇ ਭਾਜਪਾ ਦੀ ਕਾਰਜਸ਼ੈਲੀ ਅਤੇ ਸੰਗਠਨ ਵਿੱਚ ਆਗੂਆਂ ਨੂੰ ਦਿੱਤੀ ਜਾਂਦੀ ਤਰਜੀਹ ‘ਤੇ ਸਵਾਲ ਚੁੱਕੇ ਹਨ। ਕੈਪਟਨ ਨੇ ਆਪਣੀ ਨਾਰਾਜ਼ਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਵੀ ਜ਼ਾਹਰ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਮੁਤਾਬਕ, ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਏ ਕਰੀਬ ਪੰਜ ਸਾਲ ਹੋ ਚੁੱਕੇ ਹਨ, ਪਰ ਇਸ ਦੌਰਾਨ ਨਾ ਤਾਂ ਦਿੱਲੀ ਅਤੇ ਨਾ ਹੀ ਪੰਜਾਬ ਵਿੱਚ ਕਿਸੇ ਆਗੂ ਨੇ ਉਨ੍ਹਾਂ ਨਾਲ ਸੂਬੇ ਦੀ ਸਿਆਸਤ ਬਾਰੇ ਕੋਈ ਗੰਭੀਰ ਚਰਚਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਸਿੱਧਾ ਸਵਾਲ ਕੀਤਾ ਕਿ ਕੀ ਪੰਜਾਬ ਵਿੱਚ ਪਾਰਟੀ ਨੂੰ ਉਨ੍ਹਾਂ ਦੀ ਕੋਈ ਲੋੜ ਹੈ?
ਕੈਪਟਨ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਪੁੱਛਿਆ, ”ਸਾਹਬ, ਪੰਜਾਬ ਵਿੱਚ ਮੇਰੀ ਕੋਈ ਲੋੜ ਹੈ?” ਇਸ ‘ਤੇ ਪ੍ਰਧਾਨ ਮੰਤਰੀ ਨੇ ਪੁੱਛਿਆ ਕਿ ਉਨ੍ਹਾਂ ਦਾ ਕੀ ਮਤਲਬ ਹੈ। ਕੈਪਟਨ ਨੇ ਜਵਾਬ ਦਿੱਤਾ ਕਿ ਭਾਜਪਾ ਵਿੱਚ ਆਏ ਨੂੰ ਪੰਜ ਸਾਲ ਹੋ ਗਏ ਹਨ, ਪਰ ਅਜੇ ਤੱਕ ਪਾਰਟੀ ਨੂੰ ਪੰਜਾਬ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਦੀ ਲੋੜ ਮਹਿਸੂਸ ਨਹੀਂ ਹੋਈ।
‘ਭਾਜਪਾ ਇੱਕ ਐਕਸਕਲੂਸਿਵ ਪਾਰਟੀ, ਪੁਰਾਣੇ ਆਗੂਆਂ ਨੂੰ ਹੀ ਮਿਲਦੀ ਹੈ ਤਰਜੀਹ’
ਭਾਜਪਾ ਦੀ ਕਾਰਜਸ਼ੈਲੀ ਬਾਰੇ ਗੱਲ ਕਰਦਿਆਂ ਕੈਪਟਨ ਨੇ ਕਿਹਾ ਕਿ ਇਹ ਇੱਕ ਸੀਮਤ ਦਾਇਰੇ ਵਿੱਚ ਕੰਮ ਕਰਨ ਵਾਲੀ ਪਾਰਟੀ ਹੈ, ਜੋ ਆਪਣੇ ਪੁਰਾਣੇ ਆਗੂਆਂ ‘ਤੇ ਹੀ ਵਧੇਰੇ ਭਰੋਸਾ ਕਰਦੀ ਹੈ ਅਤੇ ਉਨ੍ਹਾਂ ਨੂੰ ਹੀ ਅੱਗੇ ਵਧਾਉਂਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਿਖਰਲੇ ਆਗੂਆਂ ਨਾਲ ਮੁਲਾਕਾਤ ਲਈ ਸਮਾਂ ਲੈਣਾ ਵੀ ਬੇਹੱਦ ਮੁਸ਼ਕਲ ਹੈ ਅਤੇ ਕਈ ਵਾਰ ਸਾਲ ਵਿੱਚ ਸਿਰਫ਼ ਇੱਕ ਵਾਰ ਹੀ ਮੁਲਾਕਾਤ ਹੋ ਸਕਦੀ ਹੈ।
ਕੈਪਟਨ ਨੇ ਆਪਣੇ 60 ਸਾਲਾਂ ਦੇ ਸਿਆਸੀ ਤਜਰਬੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੀ ਸਿਆਸਤ ਵਿੱਚ ਲੰਮਾ ਤਜਰਬਾ ਹੈ। ਉਨ੍ਹਾਂ ਤਨਜ਼ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ ਦੇ ਕੰਮਕਾਜ ਲਈ ਤੇਲੰਗਾਨਾ ਵਰਗੇ ਹੋਰ ਸੂਬਿਆਂ ਤੋਂ ਆਗੂ ਭੇਜ ਦਿੰਦੀ ਹੈ, ਪਰ ਪੰਜਾਬ ਨੂੰ ਚੰਗੀ ਤਰ੍ਹਾਂ ਜਾਣਨ ਵਾਲੇ ਆਗੂਆਂ ਲਈ ਸਮਾਂ ਨਹੀਂ ਕੱਢਿਆ ਜਾਂਦਾ।
ਸਰਜਰੀ ਅਤੇ ਗੋਡਾ ਬਦਲਵਾਉਣ ਤੋਂ ਬਾਅਦ ਹੁਣ ਪੂਰੀ ਤਰ੍ਹਾਂ ਫਿੱਟ
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਉਨ੍ਹਾਂ ਦੀ ਕਮਰ ਦੀ ਸਰਜਰੀ ਹੋਈ ਅਤੇ ਇਸ ਤੋਂ ਬਾਅਦ ਗੋਡਾ ਵੀ ਬਦਲਵਾਉਣਾ ਪਿਆ। ਇਸ ਕਾਰਨ ਉਨ੍ਹਾਂ ਨੂੰ ਸਿਆਸੀ ਸਰਗਰਮੀਆਂ ਤੋਂ ਕੁਝ ਸਮੇਂ ਲਈ ਦੂਰ ਰਹਿਣਾ ਪਿਆ।
ਉਨ੍ਹਾਂ ਕਿਹਾ ਕਿ ਹੁਣ ਉਹ ਪੂਰੀ ਤਰ੍ਹਾਂ ਫਿੱਟ ਹਨ ਅਤੇ ਮੁੜ ਸਰਗਰਮ ਸਿਆਸਤ ਵਿੱਚ ਭੂਮਿਕਾ ਨਿਭਾਉਣ ਲਈ ਤਿਆਰ ਹਨ, ਪਰ ਇਸ ਦੇ ਬਾਵਜੂਦ ਪਾਰਟੀ ਵਿੱਚ ਉਨ੍ਹਾਂ ਦੀ ਸਥਿਤੀ ਵਿੱਚ ਕੋਈ ਤਬਦੀਲੀ ਨਹੀਂ ਆਈ।
PM ਮੋਦੀ ਨੇ ਕਿਹਾ- ‘ਦੇਖ ਰਹੇ ਹਾਂ’, ਕੈਪਟਨ ਨੇ ਦਿੱਤਾ ਜਵਾਬ
ਪ੍ਰਧਾਨ ਮੰਤਰੀ ਨਾਲ ਹੋਈ ਗੱਲਬਾਤ ਦਾ ਜ਼ਿਕਰ ਕਰਦਿਆਂ ਕੈਪਟਨ ਨੇ ਦੱਸਿਆ ਕਿ ਉਨ੍ਹਾਂ ਦੇ ਸਵਾਲ ਦੇ ਜਵਾਬ ਵਿੱਚ ਮੋਦੀ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਦੇਖ ਰਹੇ ਹਨ। ਇਸ ‘ਤੇ ਕੈਪਟਨ ਨੇ ਕਿਹਾ ਕਿ ਪੰਜ ਸਾਲਾਂ ਤੋਂ ਦੇਖਿਆ ਹੀ ਜਾ ਰਿਹਾ ਹੈ, ਜਦਕਿ ਪੰਜ ਸਾਲ ਕੋਈ ਛੋਟਾ ਸਮਾਂ ਨਹੀਂ ਹੁੰਦਾ।
ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਭਾਜਪਾ ਦੇ ਪੰਜਾਬ ਇੰਚਾਰਜ ਸਤੀਸ਼ ਪੂਨੀਆ ਦਾ ਫੋਨ ਆਇਆ ਸੀ। ਉਨ੍ਹਾਂ ਕਿਹਾ ਕਿ ਉਹ ਚੰਡੀਗੜ੍ਹ ਆ ਰਹੇ ਹਨ ਅਤੇ ਉੱਥੇ ਹੀ ਕੈਪਟਨ ਨਾਲ ਮੁਲਾਕਾਤ ਕਰਨਗੇ। ਇਸ ਘਟਨਾਕ੍ਰਮ ਤੋਂ ਬਾਅਦ ਪੰਜਾਬ ਭਾਜਪਾ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਭਵਿੱਖੀ ਭੂਮਿਕਾ ਨੂੰ ਲੈ ਕੇ ਸਿਆਸੀ ਚਰਚਾ ਤੇਜ਼ ਹੋਣ ਦੀ ਸੰਭਾਵਨਾ ਹੈ।

