ਚੰਡੀਗੜ੍ਹ। ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਦਾ ਅਸਰ ਲਗਾਤਾਰ ਵਧ ਰਿਹਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਉਂਦਿਆਂ 28 ਨਵੰਬਰ ਤੱਕ ਚੇਤਾਵਨੀ ਜਾਰੀ ਕੀਤੀ ਹੈ। ਹਾਲਾਂਕਿ, ਚੰਡੀਗੜ੍ਹ ਵਿੱਚ ਅੱਜ ਅਸਮਾਨ ਸਾਫ਼ ਰਹਿਣ ਦੀ ਉਮੀਦ ਹੈ।
ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਫਰੀਦਕੋਟ ਸਭ ਤੋਂ ਠੰਢਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 7.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਧਰ, ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 9.4 ਡਿਗਰੀ ਰਿਹਾ, ਜੋ ਆਮ ਨਾਲੋਂ 1.4 ਡਿਗਰੀ ਘੱਟ ਹੈ।
ਇਨ੍ਹਾਂ 13 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਸੰਭਾਵਨਾ
ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਐਸਏਐਸ ਨਗਰ (ਮੋਹਾਲੀ), ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਨਵਾਂਸ਼ਹਿਰ ਵਿੱਚ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈ ਸਕਦੀ ਹੈ।
ਪਹਾੜਾਂ ਵੱਲੋਂ ਉੱਤਰ ਦਿਸ਼ਾ ਤੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਪਹੁੰਚ ਗਿਆ ਹੈ।
ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ ਇਸ ਤਰ੍ਹਾਂ ਦਰਜ ਕੀਤਾ ਗਿਆ:
-
ਫਰੀਦਕੋਟ: 7.1 ਡਿਗਰੀ
-
ਬਠਿੰਡਾ: 7.6 ਡਿਗਰੀ
-
ਪਠਾਨਕੋਟ: 8.3 ਡਿਗਰੀ
-
ਲੁਧਿਆਣਾ: 8.4 ਡਿਗਰੀ
-
ਸ਼ਹੀਦ ਭਗਤ ਸਿੰਘ ਨਗਰ: 8.4 ਡਿਗਰੀ
-
ਫਿਰੋਜ਼ਪੁਰ: 9.4 ਡਿਗਰੀ
-
ਪਟਿਆਲਾ: 9.4 ਡਿਗਰੀ
-
ਹੁਸ਼ਿਆਰਪੁਰ: 9.5 ਡਿਗਰੀ ਸੈਲਸੀਅਸ
3 ਦਸੰਬਰ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ
ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 3 ਦਸੰਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਮੀਂਹ ਪੈਣ ਦੇ ਕੋਈ ਆਸਾਰ ਨਹੀਂ ਹਨ। ਉੱਤਰੀ ਅਤੇ ਪੂਰਬੀ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 24 ਤੋਂ 26 ਡਿਗਰੀ ਸੈਲਸੀਅਸ ਰਹਿ ਸਕਦਾ ਹੈ, ਜਦਕਿ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਇਹ 26 ਤੋਂ 28 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ।
ਮੌਸਮ ਵਿੱਚ ਵੱਡੇ ਬਦਲਾਅ ਦੇ ਆਸਾਰ ਨਹੀਂ
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ, ਜਦਕਿ ਰਾਤ ਦਾ ਘੱਟੋ-ਘੱਟ ਤਾਪਮਾਨ ਆਮ ਦੇ ਨੇੜੇ ਰਹਿ ਸਕਦਾ ਹੈ। ਅਗਲੇ ਕੁਝ ਦਿਨਾਂ ਦੌਰਾਨ ਮੌਸਮ ਵਿੱਚ ਕਿਸੇ ਵੱਡੇ ਬਦਲਾਅ ਦੀ ਉਮੀਦ ਨਹੀਂ ਹੈ।
ਇਸ ਤੋਂ ਇਲਾਵਾ 29 ਨਵੰਬਰ ਤੋਂ 3 ਦਸੰਬਰ ਤੱਕ ਪੰਜਾਬ ਲਈ ਮੌਸਮ ਵਿਭਾਗ ਵੱਲੋਂ ਕੋਈ ਨਵੀਂ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

