‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਹੀ ਆਮ ਆਦਮੀ ਪਾਰਟੀ ਭਾਜਪਾ ਦੀ ਕੇਂਦਰ ਸਰਕਾਰ ਤੇ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਦੇ ਇਲਜ਼ਾਮ ਲਗਾ ਰਹੀ ਹੈ। ਪਾਰਟੀ ਵੱਲੋਂ ਕਿਹਾ ਜਾ ਰਿਹਾ ਹੈ ਕਿ ਕੇਜਰੀਵਾਲ ਨੂੰ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਸਾਜਿਸ਼ ਤਹਿਤ ਜ਼ੇਲ੍ਹ ’ਚ ਡੱਕਿਆ ਗਿਆ ਹੈ। ਅਰਵਿੰਦ ਕੇਜਰੀਵਾਲ ਦੀ ਗੈਰ-ਕਾਨੂੰਨੀ ਗ੍ਰਿਫ਼ਤਾਰੀ ਅਤੇ ਜੇਲ੍ਹ ‘ਚ ਉਨ੍ਹਾਂ ਦੀ ਸਿਹਤ ਨਾਲ ਕੀਤੀ ਜਾ ਰਹੀ ਛੇੜਛਾੜ ਵਿਰੁੱਧ ਇੰਡੀਆ ਗੱਠਜੋੜ ਵੱਲੋਂ ਦਿੱਲੀ ਦੇ ਜੰਤਰ-ਮੰਤਰ ’ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਕੇਂਦਰ ਦੀ ਭਾਜਪਾ ਸਰਕਾਰ ਦੇ ਵਿਰੁੱਧ ਪ੍ਰਦਰਸ਼ਨ ਕਰਦੇ ਹੋਏ ‘ਆਪ’, ਕਾਂਗਰਸ, ਸਪਾ, ਸੀਪੀਆਈ, ਸੀਪੀਆਈਐਮਐਲ, ਸ਼ਿਵਸੇਨਾ ਊਧਵ ਧੜੇ, ਸੀਪੀਐਮ, ਐਨਸੀਪੀ ਸ਼ਰਦ ਪਵਾਰ ਧੜੇ, ਟੀਐਮਸੀ ਅਤੇ ਹੋਰ ਪਾਰਟੀਆਂ ਦੇ ਪ੍ਰਮੁੱਖ ਆਗੂ ਇਕੱਠੇ ਹੋਏ ਅਤੇ ਕੇਜਰੀਵਾਲ ਦੀ ਰਿਹਾਈ ਦੀ ਮੰਗ ਕੀਤੀ। ਇਸ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਰਾਜਾਂ ਆਸਾਮ, ਰਾਜਸਥਾਨ, ਕਰਨਾਟਕ, ਪੱਛਮੀ ਬੰਗਾਲ, ਤੇਲੰਗਾਨਾ, ਛੱਤੀਸਗੜ੍ਹ, ਤਾਮਿਲਨਾਡੂ, ਬਿਹਾਰ, ਝਾਰਖੰਡ, ਹਿਮਾਚਲ ਵਿੱਚ ਵੀ ‘ਆਪ’ ਸਮਰਥਕਾਂ ਨੇ ਰੋਸ ਪ੍ਰਦਰਸ਼ਨ ਕੀਤਾ।
ਇੱਥੇ ਜੰਤਰ-ਮੰਤਰ ’ਤੇ ਸੰਬੋਧਨ ਕਰਦੇ ਹੋਏ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਜੇਲ੍ਹ ‘ਚ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਖ਼ਤਰਾ ਹੈ। ਉਨ੍ਹਾਂ ਨੂੰ ਈਡੀ ਨੇ ਸਾਜ਼ਿਸ਼ ਤਹਿਤ ਐਨਡੀਏ ਸੰਸਦ ਮੈਂਬਰ ਮਗੁੰਟਾ ਰੈਡੀ ਦੇ ਝੂਠੇ ਬਿਆਨ ‘ਤੇ ਗ੍ਰਿਫ਼ਤਾਰ ਕੀਤਾ ਹੈ। ਜਦੋਂ ਹੇਠਲੀ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਤਾਂ ਈਡੀ ਨੇ ਆਪਣੇ ਵਕੀਲ ਦੇ ਭਰਾ ਦੀ ਅਦਾਲਤ ਵਿੱਚ ਜਾ ਕੇ ਸਟੇਅ ਲੈ ਲਈ ਅਤੇ ਫਿਰ ਸੀਬੀਆਈ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੋਦੀ ਸਰਕਾਰ ਅਰਵਿੰਦ ਕੇਜਰੀਵਾਲ ਦੀ ਸਿਹਤ ਨਾਲ ਖਿਲਵਾੜ ਕਰ ਰਹੀ ਹੈ ਅਤੇ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।
ਸੁਨੀਤਾ ਕੇਜਰੀਵਾਲ ਨੇ ਆਖਿਆ ਕਿ ਹੁਣ ਐੱਲਜੀ ਸਾਹਿਬ ਨੇ ਪੱਤਰ ਲਿਖ ਕੇ ਮੁੱਖ ਮੰਤਰੀ ‘ਤੇ ਦੋਸ਼ ਲਗਾਇਆ ਹੈ ਕਿ ਅਰਵਿੰਦ ਕੇਜਰੀਵਾਲ ਜਾਣਬੁੱਝ ਕੇ ਖਾਣਾ ਘੱਟ ਖਾ ਰਹੇ ਹਨ। ਐੱਲਜੀ ਇਹ ਕੀ ਮਜ਼ਾਕ ਕਰ ਰਹੇ ਹਨ? ਇਸ ਦਾ ਮਤਲਬ ਹੈ ਕਿ ਅਰਵਿੰਦ ਕੇਜਰੀਵਾਲ ਘੱਟ ਖਾ ਕੇ ਆਪਣੀ ਜਾਨ ਖ਼ਤਰੇ ਵਿੱਚ ਪਾ ਰਹੇ ਹਨ। ਦੂਜੇ ਪਾਸੇ ਉਹ ਇਹ ਵੀ ਕਹਿ ਰਹੇ ਹਨ ਕਿ ਸੀਐਮ ਘੱਟ ਇਨਸੁਲਿਨ ਲੈ ਰਹੇ ਹਨ। ਮੈਂ ਐੱਲਜੀ ਸਰ ਨੂੰ ਦੱਸਣਾ ਚਾਹੁੰਦੀ ਹਾਂ ਕਿ ਜਦੋਂ ਸ਼ੂਗਰ ਦਾ ਪੱਧਰ ਉੱਚਾ ਹੁੰਦਾ ਹੈ ਤਾਂ ਇਨਸੁਲਿਨ ਦੀ ਜ਼ਰੂਰਤ ਹੁੰਦੀ ਹੈ। ਅਰਵਿੰਦ ਕੇਜਰੀਵਾਲ ਦੀ ਸ਼ੂਗਰ 50 ਤੋਂ ਹੇਠਾਂ ਜਾ ਰਹੀ ਹੈ। ਅਜਿਹੇ ‘ਚ ਉਹ ਇਨਸੁਲਿਨ ਲੈ ਕੇ ਖ਼ੁਦ ਨੂੰ ਮਾਰਨਾ ਚਾਹੁਣਗੇ। ਦਿੱਲੀ ਅਤੇ ਦੇਸ਼ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਕੀ ਇਹ ਭਾਜਪਾ ਦੀ ਕੇਂਦਰ ਸਰਕਾਰ ਦੀ ਸਾਜ਼ਿਸ਼ ਤਾਂ ਨਹੀਂ ਹੈ।