ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਜਿੱਥੇ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਂਹ ਦੇ ਰਹੀ ਹੈ ਤਾਂ ਉੱਥੇ ਹੀ ਵਾਤਾਵਰਣ ਦੀ ਸੰਭਾਲ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਧਰਤੀ ਹੇਠਾਂ ਪਾਣੀ ਬਚਾਉਣ ਲਈ ਅਤੇ ਖੇਤਾਂ ’ਚ ਸਿੰਚਾਈ ਲਈ ਪਾਣੀ ਪਹੁੰਚਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ। ਇਸੇ ਤਹਿਤ ਸਿੰਚਾਈ ਲਈ ਟੇਲਾਂ ਤੱਕ ਪਾਣੀ ਪਹੁੰਚਾਉਣ ਲਈ 2400 ਕਿਲੋਮੀਟਰ ਜ਼ਮੀਨਦੋਜ਼ ਪਾਇਪਲਾਈਨਾਂ ਵਿਛਾਈਆਂ ਗਈਆਂ ਹਨ, ਜਿਸ ਕਾਰਨ 30,282 ਹੈਕਟੇਅਰ ਰਕਬੇ ਤੱਕ ਪਾਣੀ ਦੀ ਕਮੀ ਨਹੀਂ ਰਹਿਣ ਦਿੱਤੀ ਜਾ ਰਹੀ। ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਕਿਸਾਨ ਸਮੂਹਾਂ ਲਈ 90 ਫ਼ੀਸਦੀ ਸਬਸਿਡੀ ਅਤੇ ਵਿਅਕਤੀਗਤ ਕਿਸਾਨਾਂ ਲਈ 50 ਫ਼ੀਸਦੀ ਸਬਸਿਡੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਕੁਸ਼ਲ ਜਲ ਸਿੰਚਾਈ ਪ੍ਰਣਾਲੀਆਂ ਤਹਿਤ ਲਗਭਗ 6,000 ਹੈਕਟੇਅਰ ਰਕਬਾ ਤੁਪਕਾ ਅਤੇ ਫੁਹਾਰਾ ਸਿੰਚਾਈ ਪ੍ਰਣਾਲੀਆਂ ਅਧੀਨ ਲਿਆਂਦਾ ਗਿਆ ਹੈ, ਜਿਸ ਲਈ 90 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਟੇਲਾਂ ਤੱਕ ਪਾਣੀ ਪਹੁੰਚਾਉਣ ਲਈ 15,914 ਖਾਲ ਬਹਾਲ ਕੀਤੇ ਗਏ ਹਨ। ਚਾਰ ਦਹਾਕਿਆਂ ਵਿੱਚ ਪਹਿਲੀ ਵਾਰ 20 ਨਹਿਰਾਂ ਵਿੱਚੋਂ ਪਾਣੀ ਵਗਿਆ ਹੈ, ਜਿਸ ਕਾਰਨ 916 ਮਾਈਨਰਾਂ ਅਤੇ ਖਾਲਿਆਂ ਵਿੱਚ ਪਾਣੀ ਆਇਆ ਹੈ।
ਇਸ ਦੇ ਨਾਲ ਹੀ ਡਾਰਕ ਜ਼ੋਨ ਅਧੀਨ ਸੂਬਿਆਂ ਦੀ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਦੇ 150 ਵਿੱਚੋਂ 114 ਬਲਾਕ ਹੋਣ ਦੇ ਮੱਦੇਨਜ਼ਰ ਪੰਜਾਬ ’ਚ ਧਰਤੀ ਹੇਠਲੇ ਪਾਣੀ ਦੀ ਕਮੀ ਦੇ ਗੰਭੀਰ ਮੁੱਦੇ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਕੁਸ਼ਲ ਵਰਤੋਂ ਲਈ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ਵਿੱਚ ਨਹਿਰੀ ਅਤੇ ਉਪ-ਸਤਹੀ ਜਲ ਸਰੋਤਾਂ ਦੀ ਸੁਚੱਜੀ ਵਰਤੋਂ, ਨਵੀਆਂ ਸਕੀਮਾਂ, ਬਜਟ ਵਿੱਚ ਵਾਧੇ ਅਤੇ ਸਮੇਂ ਸਿਰ ਫੰਡ ਜਾਰੀ ਕਰਨਾ ਸ਼ਾਮਲ ਹੈ। ਨਹਿਰੀ ਪਾਣੀ ਦੀ ਬਦਲਵੀਂ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਸਤੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਤੋਂ 300 ਐਮ.ਐਲ.ਡੀ. (ਮਿਲੀਅਨ ਲੀਟਰ ਪ੍ਰਤੀ ਦਿਨ) ਪਾਣੀ ਦੀ ਸਿੰਜਾਈ ਲਈ ਵਰਤੋਂ ਵਾਸਤੇ 28 ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਇਸ ਤੋਂ ਇਲਾਵਾ 125 ਪਿੰਡਾਂ ਵਿੱਚ ਸੋਲਰ-ਲਿਫਟ ਸਿੰਚਾਈ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ ਤਾਂ ਜੋ ਸਿੰਚਾਈ ਲਈ ਛੱਪੜ ਦੇ ਪਾਣੀ ਦੀ ਵਰਤੋਂ ਕੀਤੀ ਜਾ ਸਕੇ, ਜਿਸ ਨਾਲ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟੇਗੀ।