ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਗਾਤਾਰ ਸੂਬੇ ’ਚੋਂ ਨਸ਼ੇ ਦੇ ਖਾਤਮੇ ਲਈ ਕਾਰਵਾਈ ਕਰ ਰਹੀ ਹੈ। ਇਸੇ ਤਹਿਤ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਤਹਿਤ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਤਲਾਸ਼ੀ ਅਤੇ ਘੇਰਾਬੰਦੀ ਅਭਿਆਨ (ਕਾਸੋ) ‘ਈਗਲ-5’ ਚਲਾਇਆ। ਇਸ ਅਭਿਆਨ ਤਹਿਤ ਨਸ਼ਿਆਂ ਦੇ ਸ਼ਨਾਖਤ ਕੀਤੇ ਹੌਟਸਪੌਟਸ ਜਿਵੇਂ ਕਿ ਸੂਬੇ ਭਰ ’ਚ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਖ਼ਰੀਦ-ਫ਼ਰੋਖ਼ਤ ਵਾਲੀਆਂ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ।
ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਸੋ ਆਪ੍ਰੇਸ਼ਨ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ’ਚ ਇੱਕੋ ਸਮੇਂ ’ਤੇ ਚਲਾਇਆ ਗਿਆ। ਇਸ ਦੌਰਾਨ 4000 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੀਆਂ 518 ਤੋਂ ਵੱਧ ਪੁਲਿਸ ਟੀਮਾਂ, ਨੇ 512 ਨਸ਼ਿਆਂ ਦੇ ਹੌਟਸਪੌਟਸ ’ਤੇ ਇਸ ਅਪਰੇਸ਼ਨ ਨੂੰ ਅੰਜਾਮ ਦਿੱਤਾ। ਨਸ਼ਿਆਂ ਦੇ ਹੌਟਸਪੌਟਸ ’ਤੇ ਅਤੇ ਇਨ੍ਹਾਂ ਦੇ ਆਲੇ-ਦੁਆਲੇ ਵਾਲੀਆਂ ਥਾਵਾਂ ’ਤੇ 419 ਮਜ਼ਬੂਤ ਨਾਕੇ ਵੀ ਲਗਾਏ ਗਏ।
ਕਾਸੋ ਅਭਿਆਨ ਦੀ ਜਾਣਕਾਰੀ ਦਿੰਦੇ ਹੋਏ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 82 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 61 ਕੇਸ ਦਰਜ ਕੀਤੇ ਹਨ। ਇਸ ਦੇ ਨਾਲ ਹੀ ਪੁਲਿਸ ਟੀਮਾਂ ਨੇ 3741 ਸ਼ੱਕੀ ਵਿਅਕਤੀਆਂ ਦੀ ਜਾਂਚ ਕਰਕੇ ਉਨ੍ਹਾਂ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਤੋਂ ਇਲਾਵਾ ਚਾਰ ਭਗੌੜੇ ਮੁਲਜ਼ਮਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਡੀਜੀਪੀ ਨੇ ਦੱਸਿਆ ਕਿ ਛਾਪਮਾਰੀ ਦੌਰਾਨ 270 ਗ੍ਰਾਮ ਹੈਰੋਇਨ, 15,210 ਰੁਪਏ ਦੀ ਡਰੱਗ ਮਨੀ, 74 ਕਿਲੋ ਭੁੱਕੀ, 2 ਕਿਲੋ ਗਾਂਜਾ, 1868 ਨਸ਼ੀਲੀਆਂ ਗੋਲੀਆਂ ਅਤੇ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਗਈ ਹੈ।