ਚੰਡੀਗੜ੍ਹ- ਆਜ਼ਾਦੀ ਦਿਹਾੜੇ ਤੋਂ ਦੋ ਦਿਨ ਪਹਿਲਾਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ. ਐੱਸ. ਓ. ਸੀ.) ਨੇ ਤਰਨਤਾਰਨ ਦੇ ਝਬਾਲ ਤੋਂ 2 ਸ਼ੱਕੀ ਵਿਅਕਤੀਆਂ ਨੂੰ ਆਧੁਨਿਕ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਕੇ ਸਰਹੱਦ ਪਾਰੋਂ ਸਮੱਗਲਿੰਗ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਜਤਿੰਦਰ ਸਿੰਘ ਵਾਸੀ ਪਿੰਡ ਠੱਠਾ ਜ਼ਿਲਾ ਤਰਨਤਾਰਨ ਤੇ ਨਵਤੇਜ ਸਿੰਘ ਵਾਸੀ ਮੁਹਾਵਾ, ਹੁਣ ਪਿੰਡ ਠੱਠਾ, ਤਰਨਤਾਰਨ ਵਜੋਂ ਹੋਈ ਹੈ।
ਪੁਲਸ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਚਾਰ 9 ਐੱਮ. ਐੱਮ. ਗਲਾਕ ਪਿਸਤੌਲਾਂ (ਸਮਾਲ ਫੈਕਟਰ) ਸਮੇਤ ਚਾਰ ਮੈਗਜ਼ੀਨਾਂ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਹੌਂਡਾ ਡੀਲਕਸ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।ਉਨ੍ਹਾਂ ਦੱਸਿਆ ਕਿ ਐੱਸ.ਐੱਸ. ਓ. ਸੀ. ਅੰਮ੍ਰਿਤਸਰ ਨੂੰ ਮੁਲਜ਼ਮ ਜਤਿੰਦਰ ਸਿੰਘ ਤੇ ਉਸ ਦੇ ਸਾਥੀ ਨਵਤੇਜ ਸਿੰਘ ਦੇ ਸਰਹੱਦ ਪਾਰੋਂ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ’ਚ ਸ਼ਾਮਲ ਹੋਣ ਬਾਰੇ ਖੁਫ਼ੀਆ ਜਾਣਕਾਰੀ ਮਿਲੀ ਸੀ। ਇਹ ਵੱਖ-ਵੱਖ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ’ਚ ਹਨ ਅਤੇ ਉਨ੍ਹਾਂ ਨੇ ਹਾਲ ਹੀ ’ਚ ਸਮੱਗਲ ਕੀਤੇ ਹਥਿਆਰਾਂ ਦੀ ਇਕ ਖੇਪ ਖ਼ਰੀਦੀ ਸੀ, ਜਿਸ ਨੂੰ ਉਹ ਆਪਣੇ ਮੋਟਰਸਾਈਕਲ ’ਤੇ ਤਰਨਤਾਰਨ ਦੇ ਝਬਾਲ ਨੇੜੇ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਨਜ਼ਦੀਕ ਇਕ ਪਾਰਟੀ ਨੂੰ ਦੇਣ ਜਾ ਰਹੇ ਹਨ।