ਤਰਨਤਾਰਨ—ਪੰਜਾਬ ਵਿਚ ਗੋਲ਼ੀਆਂ ਚਲਾਉਂਣ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ, ਜਿੱਥੇ ਕਸਬਾ ਚੋਹਲਾ ਸਾਹਿਬ ਵਿਖੇ ਇਕ ਨੌਜਵਾਨ ਦਾ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਜਿਲ੍ਹੇ ਦੇ ਪੁਲਸ ਉੱਚ ਅਧਿਕਾਰੀ ਸਮੇਤ ਪੁਲਸ ਮੁਲਾਜ਼ਮ ਮੌਕੇ ‘ਤੇ ਪਹੁੰਚੇ।
ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਦੁਪਹਿਰ ਕਰੀਬ 1 ਵਜੇ ਕਸਬਾ ਚੋਹਲਾ ਸਾਹਿਬ ਦੇ ਨਿਵਾਸੀ ਸਤਨਾਮ ਸਿੰਘ ਸੱਤਾ (26) ਪੁੱਤਰ ਗੁਰਦੀਪ ਸਿੰਘ ਨੂੰ ਕਿਸੇ ਵਿਅਕਤੀ ਵੱਲੋਂ ਫੋਨ ਕਰਕੇ ਘਰੋਂ ਬਾਹਰ ਆਉਣ ਲਈ ਕਿਹਾ ਗਿਆ। ਜਦੋਂ ਉਹ ਆਪਣੇ ਘਰੋਂ ਬਾਹਰ ਨਿਕਲ ਕੇ ਦੱਸੀ ਜਗ੍ਹਾ ‘ਤੇ ਪੁੱਜਾ ਤਾਂ ਮੋਟਰਸਾਈਕਲ ‘ਤੇ ਸਵਾਰ ਕੁਝ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਜ਼ਖ਼ਮੀ ਹਾਲਤ ਵਿੱਚ ਸਤਨਾਮ ਸਿੰਘ ਨੂੰ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹੇ ਦੇ ਪੁਲਸ ਉੱਚ ਅਧਿਕਾਰੀ ਮੌਕੇ ‘ਤੇ ਪੁੱਜੇ, ਜਿਨਾਂ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ।