ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਵਿਕਾਸ ਕਾਰਜਾਂ ਦੇ ਨਾਲ ਲੋਕ ਭਲਾਈ ਵੱਲ ਵੀ ਵਿਸ਼ੇਸ਼ ਧਿਆਨ ਦੇ ਰਹੀ ਹੈ। ਦਰਅਸਲ ਸੂਬਾ ਸਰਕਾਰ ਵੱਲੋਂ ਵੱਖ ਵੱਖ ਜ਼ਿਲਿਆਂ ਦੇ ਅਨੁਸੂਚਿਤ ਜਾਤੀਆਂ ਦੇ 9268 ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਸਾਲ 2023-24 ਅਤੇ 2024-25 ਲਈ ਅਸ਼ੀਰਵਾਦ ਫਾਰ ਐਸ.ਸੀਜ਼ ਸਕੀਮ ਅਧੀਨ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਸੰਗਰੂਰ ਅਤੇ ਮਲੇਰਕੋਟਲਾ ਜਿਲ੍ਹਿਆਂ ਦੇ 9268 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋਂ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।
ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ’ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।