ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜਿਮਨੀ ਚੋਣ ਦੇ ਸੰਬੰਧ ਵਿੱਚ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਤੇ ਮਾਰਕੀਟ ਕਮੇਟੀ ਕਲਾਨੌਰ ਦੇ ਚੇਅਰਮੈਨ ਰਣਜੇਤ ਸਿੰਘ ਬਾਠ ਦੇ ਯਤਨ ਸਦਕਾ ਅਨਾਜ ਮੰਡੀ ਵਡਾਲਾ ਬਾਂਗਰ ਵਿੱਚ ਆਪ ਵਲੰਟੀਅਰਾਂ ਦਾ ਵੱਡਾ ਇਕੱਠ ਕੀਤਾ ਗਿਆ। ਇਸ ਮੌਕੇ ’ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਹਲਕਾ ਬਟਾਲਾ ਤੋਂ ਇਲਾਵਾ ਡੇਰਾ ਬਾਬਾ ਨਾਨਕ ਹਲਕੇ ਦੀ ਸਮੁੱਚੀ ਆਮ ਆਦਮੀ ਪਾਰਟੀ ਦੀ ਟੀਮ ਵੱਲੋਂ ਸ਼ਮੂਲੀਅਤ ਕੀਤੀ ਗਈ।
ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੇ ਪਿਛਲੇ 50 ਸਾਲਾਂ ਰਵਾਇਤੀ ਪਾਰਟੀਆਂ ਦੇ ਰਾਜਨੀਤਿਕ ਕਾਬਜ ਰਹੇ ਹਨ। ਹੁਣ ਸਮਾਂ ਆ ਗਿਆ ਹੈ ਕਿ ਇਨ੍ਹਾਂ ਰਵਾਇਤੀ ਰਾਜਨੀਤਿਕ ਪਾਰਟੀ ਦੇ ਲੀਡਰਾਂ ਨੂੰ ਆ ਰਹੀ ਜਿਮਨੀ ਚੋਣ ਦੌਰਾਨ ਲਾਂਭੇ ਕਰ ਕੇ ‘ਆਪ’ ਪਰਿਵਾਰ ਵਿਚੋਂ ਵਿਧਾਇਕ ਚੁਣ ਕੇ ਪੰਜਾਬ ਦੀ ਵਿਧਾਨ ਸਭਾ ਵਿੱਚ ਭੇਜਿਆ ਜਾਵੇ ਤਾਂ ਜੋ ਵਿਕਾਸ ਅਤੇ ਚਿੰਤਾ ਦੀ ਭਲਾਈ ਲਈ ਆਵਾਜ਼ ਬੁਲੰਦ ਕੀਤੀ ਜਾ ਸਕੇ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਹਲਕਾ ਡੇਰਾ ਬਾਬਾ ਨਾਨਕ ਦੀ ਜਿਮਨੀ ਚੋਣਾਂ ’ਤੇ ਉਮੀਦਵਾਰਾਂ ਲਈ ਸਰਵੇ ਕਰਵਾ ਰਹੀ ਹੈ ਅਤੇ ਹਾਈ ਕਮਾਂਡ ਸਰਵੇ ਕਰਕੇ ਜਿੱਤਣ ਵਾਲੇ ਉਮੀਦਵਾਰ ਨੂੰ ਹੀ ਟਿਕਟ ਦੇਵੇਗੀ।