ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਦੱਸ ਦੇਈਏ ਕਿ ਨਸ਼ਿਆਂ ਵਿਰੁੱਧ ਮੁਹਿੰਮ ਤੇਜ਼ ਕਰਨ ਲਈ ਹੁਣ ਨਵੀਂ ਐਂਟੀ ਨਾਰਕੋਟਿਕ ਟਾਸਕ ਫੋਰਸ ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ ਜਾਵੇਗਾ। ਐਂਟੀ ਨਾਰਕੋਟਿਕ ਟਾਸਕ ਫੋਰਸ ਦਾ ਟੀਚਾ ਪੰਜਾਬ ਵਿੱਚ ਨਸ਼ਿਆਂ ਨੂੰ ਖ਼ਤਮ ਕਰਨਾ ਹੋਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ‘ਚ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਨਵੀਂ ਇਮਾਰਤ ਦਾ ਕੱਲ੍ਹ ਸਵੇਰੇ 11 ਵਜੇ ਉਦਘਾਟਨ ਕਰਨਗੇ। ਪੰਜਾਬ ਸਰਕਾਰ ਐਂਟੀ ਨਾਰਕੋਟਿਕ ਟਾਸਕ ਫੋਰਸ ਦਾ ਵਟਸਐਪ ਨੰਬਰ ਵੀ ਜਾਰੀ ਕਰਨਗੇ, ਜਿਸ ਰਾਹੀਂ ਪੰਜਾਬ ਦੇ ਲੋਕ ਵਟਸਐਪ ‘ਤੇ ਨਸ਼ਾ ਤਸਕਰੀ ਦੀ ਜਾਣਕਾਰੀ ਦੇ ਸਕਣਗੇ। ਇਸ ਤੋਂ ਇਲਾਵਾ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਨਵੀਂ ਇਮਾਰਤ ‘ਚ ਬਣਾਈ ਗਈ ਅਤਿ ਆਧੁਨਿਕ ਕੰਪਿਊਟਰ ਲੈਬ ਨਾਲ ਪੰਜਾਬ ‘ਚ ਨਸ਼ਾ ਤਸਕਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ।