ਸੂਬੇ ’ਚ ਜਿੱਥੇ ਲੁੱਟ-ਖੋਹ ਵਰਗੀਆਂ ਵਾਰਦਾਤਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ ਤਾਂ ਉੱਥੇ ਹੀ ਕਤਲੋ-ਗਾਰਤ ਵਰਗੀਆਂ ਘਟਨਾਵਾਂ ਵੀ ਵਧੀਆਂ ਹਨ। ਤਾਜ਼ਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਪਿੰਡ ਬਿਸ਼ਨਪੁਰ ਜੱਟਾਂ ਦੇ ਨੇੜੇ ਲੱਖਣ ਕਲਾਂ ਰੋਡ ‘ਤੇ ਬੁੱਧਵਾਰ ਦੇਰ ਰਾਤ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਬੇਰਹਿਮੀ ਦੇ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਜ਼ਿਲ੍ਹਾ ਪੁਲਿਸ ਮੁਖੀ ਵਤਸਲਾ ਗੁਪਤਾ ਭਾਰੀ ਪੁਲਿਸ ਫੋਰਸ ਅਤੇ ਫੌਰਾਂਸਿਕ ਟੀਮ ਸਮੇਤ ਮੌਕੇ ‘ਤੇ ਪਹੁੰਚ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਵਤਸਲਾ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ‘ਤੇ ਸੂਚਨਾ ਮਿਲੀ ਸੀ ਕਿ ਬਿਸ਼ਨਪੁਰ ਜੱਟਾਂ ਕੋਲ ਇਕ ਵਿਅਕਤੀ ਦੀ ਲਾਸ਼ ਪਈ ਹੈ। ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ ਤਾਂ ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਕਿ ਉਸਦੇ ਸਿਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਉਂਕਾਰ ਸਿੰਘ ਉਰਫ਼ ਕਾਕੀ (50) ਪੁੱਤਰ ਤਾਰਾ ਚੰਦ ਵਾਸੀ ਬਿਸ਼ਨਪੁਰ ਜੱਟਾਂ ਵਜੋਂ ਹੋਈ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਨੇੜੇ ਲੱਗੇ ਸੀ.ਸੀ.ਟੀ.ਵੀ ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ ਅਤੇ ਜਲਦ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਫਿਲਹਾਲ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।