ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਪੰਜ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਹੈ। ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਨਵਨਿਯੁਕਤ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।
ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਜਦੋਂ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ ਤਾਂ ਉਨ੍ਹਾਂ ਨੇ ਉਦੋਂ ਹੀ ਕਹਿ ਦਿੱਤਾ ਸੀ ਕਿ ਸ੍ਰੀ ਅਕਾਲ ਤਖ਼ਤ ਦਾ ਹੁਕਮ ਸਿਰਮੱਥੇ ਹੋਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ‘ਤੇ ਕੋਈ ਕਿੰਤੂ ਪ੍ਰੰਤੂ ਨਹੀਂ ਹੈ। ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜ਼ਰੂਰ ਪੇਸ਼ ਹੋਣਗੇ। ਹਾਲਾਂਕਿ ਭੂੰਦੜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੈਬਨਿਟ ਮੰਤਰੀਆਂ ਕੋਲੋਂ ਮੰਗੇ ਸਪਸ਼ਟੀਕਰਨ ਬਾਰੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਪੰਜ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ‘ਤੇ ਪੰਜ ਸਿੰਘ ਸਾਹਿਬਾਨਾਂ ਵਲੋਂ ਲਿਆ ਗਿਆ ਫ਼ੈਸਲਾ ਸੁਣਾਉਂਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਉਪ ਮੁੱਖ ਮੰਤਰੀ ਹੁੰਦਿਆਂ ਕੁਝ ਅਜਿਹੇ ਫੈਸਲੇ ਲਏ ਜਿਨ੍ਹਾਂ ਨਾਲ ਸਿੱਖ ਪੰਥ ਅਤੇ ਸਿੱਖ ਸੰਗਤ ਨੂੰ ਭਾਰੀ ਢਾਹ ਲੱਗੀ। ਇਸ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਵੀ ਪਤਲੀ ਹੋਈ।