ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵਲੋਂ ਇੱਥੇ ਇਕ ਖ਼ਾਸ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਅਗਲੀ ਰਣਨੀਤੀ ਘੜੀ ਜਾ ਰਹੀ ਹੈ। ਬਾਗੀ ਧੜੇ ਦੇ ਆਗੂਆਂ ਦਾ ਕਹਿਣਾ ਹੈ ਕਿ ਹੁਣ ਸੁਖਬੀਰ ਬਾਦਲ ਨੂੰ ਆਪਣੀ ਪ੍ਰਧਾਨਗੀ ਵੀ ਛੱਡ ਦੇਣੀ ਚਾਹੀਦੀ ਹੈ। ਬਾਗੀ ਧੜੇ ਦੇ ਆਗੂਆਂ ਵਲੋਂ ਸੁਖਬੀਰ ਬਾਦਲ ਦਾ ਅਸਤੀਫ਼ਾ ਮੰਗਿਆ ਗਿਆ ਹੈ।
ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ, ਜਿਸ ਦੌਰਾਨ ਅਕਾਲੀ ਦਲ ਦੇ ਬਾਗੀ ਧੜੇ ਵਲੋਂ ਮੀਟਿੰਗ ਰੱਖੀ ਗਈ ਹੈ। ਆਗੂਆਂ ਦਾ ਕਹਿਣਾ ਹੈ ਕਿ ਤਨਖ਼ਾਹੀਏ ਦਾ ਪੰਥਕ ਮਾਮਲਿਆਂ ‘ਚ ਦਖ਼ਲ ਨਹੀਂ ਹੋ ਸਕਦਾ ਕਿਉਂਕਿ ਤਨਖ਼ਾਹੀਆ ਪੰਥਕ ਸਫ਼ਾਂ ‘ਚੋਂ ਬਾਹਰ ਹੋ ਜਾਂਦਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਨੂੰ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਜਾਣਾ ਚਾਹੀਦਾ ਹੈ। ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਪੰਜ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਹੈ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਪੰਜ ਸਾਹਿਬਾਨ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।