ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਡਿਪਟੀ ਕਮਿਸ਼ਨਰ ਚੰਡੀਗੜ੍ਹ ਵਿਨੈ ਪ੍ਰਤਾਪ ਸਿੰਘ, ਐੱਸ. ਐੱਸ. ਪੀ. ਚੰਡੀਗੜ੍ਹ ਕੰਵਰਦੀਪ ਕੌਰ ਨਾਲ ਮੀਟਿੰਗ ਹੋਈ। ਸੰਯੁਕਤ ਕਿਸਾਨ ਮੋਰਚਾ ਨੇ 2 ਸਤੰਬਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ’ਚ 4 ਘੰਟੇ ਲਈ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਵੀ ਵੀਰਵਾਰ ਨੂੰ ਡੀ. ਸੀ. ਅਤੇ ਐੱਸ. ਐੱਸ. ਪੀ. ਨਾਲ ਕਿਸਾਨਾਂ ਦੀ ਮੀਟਿੰਗ ਹੋਈ ਸੀ। ਕਿਸਾਨ ਆਗੂ ਲਗਾਤਾਰ ਮੰਗ ਕਰ ਰਹੇ ਸਨ ਕਿ ਉਨ੍ਹਾਂ ਨੂੰ ਚੰਡੀਗੜ੍ਹ ’ਚ ਕੋਈ ਥਾਂ ਦਿੱਤੀ ਜਾਵੇ, ਜਿੱਥੇ ਉਹ 2 ਸਤੰਬਰ ਵਾਲੇ ਦਿਨ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਰੋਸ ਪ੍ਰਦਰਸ਼ਨ ਕਰਨਗੇ।
ਮੀਟਿੰਗ ਦੌਰਾਨ ਪ੍ਰਸ਼ਾਸਨ ਨਾਲ ਕਿਸਾਨ ਆਗੂਆਂ ਦੀ ਸਹਿਮਤੀ ਬਣੀ ਹੈ। ਭਲਕੇ ਚੰਡੀਗੜ੍ਹ ਦੇ ਸੈਕਟਰ-34 ਸਥਿਤ ਪ੍ਰਦਰਸ਼ਨੀ ਗਰਾਊਂਡ ’ਚ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਕਿਸਾਨ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨਗੇ। ਇਹ ਮੀਟਿੰਗ ਡੀ. ਐੱਸ. ਪੀ. ਦਫ਼ਤਰ ਸੈਕਟਰ-34 ਚੰਡੀਗੜ੍ਹ ’ਚ ਹੋਈ। ਮੀਟਿੰਗ ’ਚ ਆਈ. ਪੀ. ਐੱਸ. ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ, ਐੱਸ. ਐੱਸ. ਪੀ. ਮੋਹਾਲੀ ਦੀਪਕ ਪਾਰਿਕ ਤੋਂ ਇਲਾਵਾ ਚੰਡੀਗੜ੍ਹ ਤੋਂ ਹੋਰ ਪੁਲਸ ਅਧਿਕਾਰੀ ਹਾਜ਼ਰ ਸਨ। ਮੀਟਿੰਗ ’ਚ ਕਿਸਾਨ ਆਗੂ ਪ੍ਰੇਮ ਸਿੰਘ ਭੰਗੂ, ਰਾਮਿੰਦਰ ਸਿੰਘ ਪਟਿਆਲਾ, ਹਰਿੰਦਰ ਸਿੰਘ ਲੱਖੋਵਾਲ, ਰਵਨੀਤ ਸਿੰਘ ਬਰਾੜ, ਪਰਮਦੀਪ ਸਿੰਘ ਬੈਦਵਾਣ, ਕਿਰਪਾਲ ਸਿੰਘ ਸਿਆਊ ਹਾਜ਼ਰ ਸਨ।