ਦਿਹਾਤੀ ਮਜ਼ਦੂਰ ਸਭਾ ਦੀ ਜਨਰਲ ਬਾਡੀ ਮੀਟਿੰਗ ਅੱਜ ਪਿੰਡ ਘਰਿਆਲਾ ਵਿਖੇ ਸਵਰਣ ਕੌਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਖੇਤ ਮਜ਼ਦੂਰ ਔਰਤਾਂ-ਮਰਦਾਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਮੀਟਿੰਗ ਵਿੱਚ ਬੋਲਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਚਮਨ ਲਾਲ ਦਰਾਜਕੇ ਅਤੇ ਸੂਬਾ ਕਮੇਟੀ ਮੈਂਬਰ ਹਰਜਿੰਦਰ ਸਿੰਘ ਚੂੰਘ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਗ਼ਰੀਬ ਲੋਕਾਂ ਨੂੰ ਚੋਣਾਂ ਵਿੱਚ ਕੀਤੇ ਗਏ ਵਾਅਦੇ ਅਨੁਸਾਰ ਗ਼ਰੀਬ ਲੋਕਾਂ ਨੂੰ ਪੰਚਾਇਤੀ ਜ਼ਮੀਨ ਵਿੱਚੋਂ ਦਸ ਦਸ ਮਰਲੇ ਦੇ ਪਲਾਟ ਅਲਾਟ ਕਰਕੇ ਦੇਵੇ ਅਤੇ ਘਰ ਬਣਾਉਣ ਲਈ 5 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇ। ਇਸ ਤੋਂ ਇਲਾਵਾ ਬੁਢਾਪਾ, ਵਿਧਵਾ, ਅੰਗਹੀਣ ਪੈਨਸ਼ਨ ਘੱਟੋ-ਘੱਟ 5 ਹਜ਼ਾਰ ਕੀਤੀ ਜਾਵੇ। ਇਸ ਦੇ ਨਾਲ ਹੀ ਹਰਜਿੰਦਰ ਸਿੰਘ ਚੂੱਘ ਨੇ ਆਖਿਆ ਕਿ ਨਸ਼ਿਆਂ ਦਾ ਪੰਜਾਬ ਅੰਦਰੋਂ ਜੜ ਤੋਂ ਖਾਤਮਾ ਕੀਤਾ ਜਾਵੇ।
ਆਪਣੀਆਂ ਮੰਗਾਂ ਮੰਨਵਾਉਣ ਲਈ ਉਨ੍ਹਾਂ ਐਲਾਨ ਕੀਤਾ ਕਿ 13 ਸਤੰਬਰ ਨੂੰ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਇਸ ਦੌਰਾਨ ਮਜ਼ਦੂਰ ਵਰਗ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਮੀਟਿੰਗ ਦੇ ਅੰਤ ਵਿੱਚ ਦਿਹਾਤੀ ਮਜ਼ਦੂਰ ਸਭਾ ਬ੍ਰਾਂਚ ਘਰਿਆਲਾ ਦੀ ਚੋਣ ਕੀਤੀ ਗਈ, ਜਿਸ ਵਿੱਚ ਡੈਨੀਅਲ ਮਸੀਹ ਘਰਿਆਲਾ ਪ੍ਰਧਾਨ ਚੁਣੇ ਗਏ ਅਤੇ ਪ੍ਰਦੀਪ ਸਿੰਘ ਨੂੰ ਸਕੱਤਰ ਚੁਣੇ ਜਾਣ ਤੋਂ ਇਲਾਵਾ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।

