ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਚੰਡੀਗੜ੍ਹ ’ਚ ਪ੍ਰਦਰਸ਼ਨ ਕਰ ਰਹੇ ਹਨ। ਇਸੇ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਖੇਤੀ ਸਮੇਤ 8 ਮੁੱਦਿਆਂ ਨੂੰ ਲੈ ਕੇ ਕਿਸਾਨਾਂ ਦੇ ਨਾਲ ਮੀਟਿੰਗ ਕਰਨਗੇ। ਮੀਟਿੰਗ ਦਾ ਸਮਾਂ ਦੁਪਹਿਰੇ ਤਿੰਨ ਵਜੇ ਦਾ ਹੈ ਅਤੇ ਹੁਣ ਮੀਟਿੰਗ ਤੋਂ ਬਾਅਦ ਹੀ ਕਿਸਾਨਾਂ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਣੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਸਰਕਾਰੀ ਅਧਿਕਾਰੀਆਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਸੀ ਪਰ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦੇ ਮੁਤਾਬਕ ਸੰਘਰਸ਼ ਸੰਬੰਧੀ ਮੀਟਿੰਗ ਤੋਂ ਬਾਅਦ ਹੀ ਸਾਰੀ ਸਥਿਤੀ ਸਪਸ਼ੱਟ ਹੋਵੇਗੀ।
ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਖੇਤੀ ਨੀਤੀ ਬਣਾਈ ਹੈ, ਜਿਸ ਨੂੰ ਜਲਦੀ ਹੀ ਲਾਗੂ ਕਰ ਦਿੱਤਾ ਜਾਵੇਗਾ। ਸੀਐੱਮ ਨੇ ਆਖਿਆ ਕਿ ਜਿਵੇਂ ਅਸੀਂ ਉਦਯੋਗਿਕ ਨੀਤੀ ਲਾਗੂ ਕਰਨ ਤੋਂ ਪਹਿਲਾਂ ਮੀਟਿੰਗਾਂ ਕੀਤੀਆਂ ਸਨ। ਇਹ ਮੀਟਿੰਗ ਵੀ ਉਸੇ ਤਰਜ਼ ‘ਤੇ ਹੋਵੇਗੀ। ਸਾਰੀਆਂ ਗੱਲਾਂ ਨੂੰ ਸੋਚ-ਵਿਚਾਰ ਕੇ ਨੀਤੀ ਲਾਗੂ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਇਹ ਕਿਸਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਇੱਕਜੁੱਟ ਹੋ ਕੇ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਚੰਡੀਗੜ੍ਹ ਪਹੁੰਚ ਗਏ ਸਨ। ਇਸ ਦੌਰਾਨ ਸੈਕਟਰ-34 ’ਚ ਸਥਿਤ ਦੁਸਹਿਰਾ ਗਰਾਊਂਡ ਵਿੱਚ ਕਿਸਾਨਾਂ ਨੇ ਮੋਰਚਾ ਲਗਾਇਆ। ਇਸ ਤੋਂ ਬਾਅਦ ਕਿਸਾਨਾਂ ਨੇ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਕੂਚ ਕਰਨ ਦਾ ਸੱਦਾ ਦਿੱਤਾ। ਪਰ ਚੰਡੀਗੜ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮਟਕਾ ਚੌਕ ਤੱਕ ਮਾਰਚ ਕਰਨ ਦੀ ਇਜਾਜ਼ਤ ਦੇ ਦਿੱਤੀ। ਫਿਰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਟਕਾ ਚੌਂਕ ’ਚ ਕਿਸਾਨਾਂ ਤੋਂ ਮੰਗ ਪੱਤਰ ਲਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੇ ਵਕੀਲ ਬਣ ਕੇ ਮੁੱਖ ਮੰਤਰੀ ਕੋਲ ਮਾਮਲਾ ਚੁੱਕਣਗੇ।