ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜਿੱਥੇ ਲੋਕ ਭਲਾਈ ਦੇ ਕੰਮ ਕਰ ਕਰ ਰਹੀ ਹੈ ਤਾਂ ਉੱਥੇ ਹੀ ਸੂਬੇ ਦੇ ਅਧਿਆਪਕਾ ਨੂੰ ਉਨ੍ਹਾਂ ਦੀ ਪ੍ਰਤੀਭਾ ਲਈ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ। ਦਰਅਸਲ ਅੱਜ ਅਧਿਆਪਕ ਦਿਵਸ ਦੇ ਮੌਕੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਰਾਜ ਪੱਧਰੀ ਸਮਾਗਮ ’ਚ ਸ਼ਿਰਕਤ ਕਰਨਗੇ, ਜੋ ਕਿ ਹੋਸ਼ਿਆਰਪੁਰ ’ਚ ਆਯੋਜਿਤ ਕੀਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਮਾਨ ਵੱਲੋਂ 77 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਸਨਮਾਨਿਤ ਹੋਣ ਵਾਲੇ ਅਧਿਆਪਕਾ ਦੀ ਇੱਕ ਸੂਚੀ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਜਾਰੀ ਕਰ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਕ ਇਹ ਸਮਾਰੋਹ ਹੁਸ਼ਿਆਰਪੁਰ ਸ਼ਹਿਰ ਦੇ ਜੋਧਮਾਲ ਰੋਡ ‘ਤੇ ਮੌਜੂਦ ਸਿਟੀ ਸੈਂਟਰ ’ਚ ਆਯੋਜਿਤ ਕੀਤਾ ਗਿਆ ਹੈ। ਇਸ ਸਮਾਰੋਹ ’ਚ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਅਤੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਨਗੇ। ਐਵਾਰਡ ਲਈ ਚੁਣੇ ਗਏ ਅਧਿਆਪਕਾਂ ਵਿੱਚੋਂ 10 ਨੂੰ ਯੰਗ ਟੀਚਰ ਐਵਾਰਡ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਪੰਜ ਅਧਿਆਪਕਾਂ ਨੂੰ ਸਪੈਸ਼ਲ ਟੀਚਰ ਐਵਾਰਡ ਅਤੇ ਸੱਤ ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਤਿੰਨ ਅਧਿਆਪਕਾਂ ਅਤੇ ਡਿਪਟੀ ਡੀਈਓ ਨੂੰ ਸਟੇਟ ਐਵਾਰਡ ਲਈ ਚੁਣਿਆ ਗਿਆ ਹੈ।
ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ 77 ਅਧਿਆਪਕਾਂ ਨੂੰ ਅਧਿਆਪਕ ਦਿਵਸ ‘ਤੇ ਸਨਮਾਨਿਤ ਕਰਨ ਜਾ ਰਹੀ ਹੈ ਤੇ ਇਸ ਦੇ ਨਾਲ ਹੀ ਦੋ ਅਧਿਆਪਕਾਂ ਨੂੰ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਵਾਰ ਐਵਾਰਡ ਲਈ ਚੋਣ ਜ਼ਿਲ੍ਹਾ ਪੱਧਰੀ ਕਮੇਟੀ ਅਤੇ ਰਾਜ ਪੱਧਰ ’ਤੇ ਜਿਊਰੀ ਵੱਲੋਂ ਕੀਤੀ ਗਈ ਹੈ।